sports news: ਭਗਵੰਤ ਮਾਨ ਕਰਨਗੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗ਼ਾਜ਼
ਬਠਿੰਡਾ ’ਚ 5 ਸਤੰਬਰ ਨੂੰ ਹੋਵੇਗਾ ਉਦਘਾਟਨ; ਗੁਰਦਾਸ ਮਾਨ ਤੇ ਕੁਲਵਿੰਦਰ ਬਿੱਲਾ ਲਾਉਣਗੇ ਰੌਣਕ
ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਸਤੰਬਰ ਨੂੰ ਬਠਿੰਡਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼ ਕਰਨਗੇ। ਉਦਘਾਟਨੀ ਸਮਾਗਮ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਹੋਵੇਗਾ। ਸਮਾਗਮ ਵਿੱਚ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਬਠਿੰਡਾ ਨੂੰ ਇਸ ਵਾਰ ਖੇਡਾਂ ਦੀ ਮੇਜ਼ਬਾਨੀ ਦਾ ਮਾਣ ਮਿਲਿਆ ਹੈ ਤੇ ਉਦਘਾਟਨੀ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਤਿਆਰੀ ਕੀਤੀ ਜਾ ਰਹੀ ਹਨ। ਕੌਮਾਂਤਰੀ ਤੇ ਕੌਮੀ ਪੱਧਰ ’ਤੇ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਖਿਡਾਰੀ ਮਾਰਚ ਪਾਸਟ ਵਿੱਚ ਹਿੱਸਾ ਲੈਣਗੇ। ਖੇਡਾਂ ਵਿੱਚ 16 ਸਾਲ ਤੋਂ ਘੱਟ ਅਤੇ 60 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਵੀ ਭਾਗ ਲੈਣਗੇ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਰਜਿਸਟ੍ਰੇਸ਼ਨ ਲਈ ਕਿਊ ਆਰ ਕੋਡ ਜਾਰੀ
ਮਾਨਸਾ (ਪੱਤਰ ਪ੍ਰੇਰਕ): ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਰਜਿਸਟ੍ਰੇਸ਼ਨ ਵਾਸਤੇ ਕਿਊ ਆਰ ਕੋਡ ਜਾਰੀ ਕੀਤਾ। ਉਨ੍ਹਾਂ ਦੱਸਿਆ ਕਿ ਕੋਈ ਵੀ ਖਿਡਾਰੀ ਇਸ ਕਿਊਆਰ ਕੋਡ ਨੂੰ ਸਕੈਨ ਕਰਕੇ ਖੇਡਾਂ ਲਈ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ। ਐੱਸ ਡੀ ਐਮ ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਖੇਡਾਂ ਦੌਰਾਨ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ।

