ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ/ ਮੋਗਾ, 26 ਅਗਸਤ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਜ਼ਿਲ੍ਹਾ ਡੈਲੀਗੇਟ ਇਜਲਾਸ ਪਿੰਡ ਕੋਟ ਸਦਰ ਖਾਂ ਵਿੱਚ ਹੋਇਆ। ਇਸ ਵਿੱਚ ਜੱਥੇਬੰਦੀ ਨੇ ਕਿਸਾਨੀ ਮੰਗਾਂ ਦੀ ਪੂਰਤੀ ਲਈ 12 ਸਤੰਬਰ ਨੂੰ ਜ਼ਿਲ੍ਹਾ ਮੋਗਾ ਦੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ। ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸੂਬਾ ਕੋਰ ਕਮੇਟੀ ਮੈਂਬਰ ਰਾਣਾ ਰਣਬੀਰ ਸਿੰਘ ਠੱਠਾ ਨੇ ਸੰਬੋਧਨ ਕਰਦਿਆਂ ਲੋਕ ਪੱਖੀ, ਕੁਦਰਤ ਪੱਖੀ ਸਮਾਜ ਸਿਰਜਣ ਦਾ ਹੋਕਾ ਦਿੱਤਾ ਤੇ ਕਾਰਪੋਰੇਟੀ ਲੁਟੇਰਾ ਪ੍ਰਬੰਧ ਪੁੱਟਣ ਲਈ ਵਚਨਬੱਧ ਕੀਤਾ। ਉਨ੍ਹਾਂ ਕਿਹਾ ਕਿ ਵਿਸ਼ਵ ਬੈਂਕਾਂ ਦੇ ਨਿਰਦੇਸ਼ਾਂ ਤਹਿਤ ਵੀ ਕੰਪਨੀਆਂ ਨੂੰ ਦਿੱਤੇ ਨਹਿਰੀ ਪ੍ਰਾਜੈਕਟ ਰੱਦ ਕੀਤੇ ਜਾਣ, ਨਹਿਰੀ ਪਾਣੀ ਪੰਜਾਬ ਦੇ ਹਰ ਖੇਤ ਤੱਕ ਪੁੱਜਦਾ ਕੀਤਾ ਜਾਵੇ।ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ ਡੈਲੀਗੇਟਾਂ ਵੱਲੋਂ ਸਰਬਸੰਮਤੀ ਨਾਲ ਕੀਤੀ ਚੋਣ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸ਼ਾਹ ਵਾਲਾ, ਸਕੱਤਰ ਕੁਲਵੰਤ ਸਿੰਘ ਫੋਜੀ, ਖਜ਼ਾਨਚੀ ਗੁਰਮੇਲ ਸਿੰਘ ਲੋਹਗੜ੍ਹ ਨੂੰ ਚੁਣਿਆ ਗਿਆ।