ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣਾ ਬੰਦ ਹੋਵੇ: Vijay Inder Singla
ਕਾਂਗਰਸ ਆਗੂ ਨੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਸੁਣੀਆਂ; ਨੀਟ ਮਾਮਲੇ ’ਚ ਮੋਦੀ ਸਰਕਾਰ ਘੇਰੀ
ਦੇਸ਼ ਦੀ ਸਿੱਖਿਆ ਪ੍ਰਣਾਲੀ, ਨੀਟ ਪੇਪਰ ਲੀਕ ਮਾਮਲੇ ਅਤੇ ਬੇਰੁਜ਼ਗਾਰੀ ਵਰਗੇ ਗੰਭੀਰ ਮੁੱਦਿਆਂ ਸਬੰਧੀ ਕਾਂਗਰਸ ਪਾਰਟੀ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਸ਼ਬਦੀ ਹਮਲਾ ਤੇਜ਼ ਕਰ ਦਿੱਤਾ ਹੈ। ਇਸੇ ਲੜੀ ਤਹਿਤ ਬਠਿੰਡਾ ਵਿੱਚ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਦੇਸ਼ ਦੇ ਸਿੱਖਿਆ ਖੇਤਰ ਦੀ ਮੌਜੂਦਾ ਸਥਿਤੀ ’ਤੇ ਗੰਭੀਰ ਚਿੰਤਾ ਪ੍ਰਗਟਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੈਇੰਦਰ ਸਿੰਗਲਾ ਨੇ ਦੋਸ਼ ਲਾਇਆ ਕਿ ਨੀਟ ਪੇਪਰ ਲੀਕ ਘੁਟਾਲੇ ਨੂੰ ਕਈ ਹਫ਼ਤੇ ਬੀਤ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੱਖਾਂ ਹੋਣਹਾਰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਅਜੇ ਤੱਕ ਕੋਈ ਜਵਾਬਦੇਹੀ ਨਹੀਂ ਮੰਗੀ ਗਈ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀ ਅਤੇ ਵਿਰੋਧੀ ਧਿਰਾਂ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦੀਆਂ ਹਨ, ਤਾਂ ਉਨ੍ਹਾਂ ’ਤੇ ਪੁਲੀਸ ਕਾਰਵਾਈ ਅਤੇ ਲਾਠੀਚਾਰਜ ਕੀਤਾ ਜਾਂਦਾ ਹੈ। ਦਿੱਲੀ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਹੋਏ ਦੁਰਵਿਵਹਾਰ ਦੀ ਨਿਖੇਧੀ ਕਰਦਿਆਂ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਤੁਰੰਤ ਅਸਤੀਫ਼ਿਆਂ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਆਮ ਆਦਮੀ ਪਾਰਟੀ ’ਤੇ ਵੀ ਨਿਸ਼ਾਨਾ ਸਾਧਦਿਆਂ ਪੰਜਾਬ ਵਿੱਚ ਹੋਏ ਪੇਪਰ ਲੀਕ ਮਾਮਲਿਆਂ ’ਤੇ ਚੁੱਪੀ ਤੋੜਨ ਦੀ ਮੰਗ ਕੀਤੀ। ਇਸ ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ, ਰੁਪਿੰਦਰ ਕੌਰ ਰੂਬੀ, ਜਗਦੇਵ ਸਿੰਘ ਕਮਾਲੂ ਅਤੇ ਕੇ ਕੇ ਅਗਰਵਾਲ ਆਦਿ ਹਾਜ਼ਰ ਸਨ।

