ਮਨਰੇਗਾ ਦੇ ਬੰਦ ਕਰੇ ਕੰਮ ਬਹਾਲ ਕੀਤੇ ਜਾਣ: ਸਮਾਓਂ
ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਵੱਲੋਂ ਮਨਰੇਗਾ ਦੇ ਬੰਦ ਕੀਤੇ ਕੰਮਾਂ ਦੀ ਬਹਾਲੀ ਲਈ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਅੱਗੇ ‘ਮਨਰੇਗਾ ਬਚਾਓ, ਰੁਜ਼ਗਾਰ ਬਚਾਓ’ ਨਾਅਰੇ ਤਹਿਤ ਪੱਕਾ ਮੋਰਚਾ ਆਰੰਭ ਕਰ ਦਿੱਤਾ ਗਿਆ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਬੰਦ ਕੀਤੇ ਮਨਰੇਗਾ ਕੰਮ ਦੀ ਬਹਾਲੀ ਤੱਕ ਇਹ ਮੋਰਚਾ ਜਾਰੀ ਰਹੇਗਾ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਭਗਵੰਤ ਸਮਾਓਂ ਨੇ ਕਿਹਾ ਕਿ ਪੇਂਡੂ ਮਜ਼ਦੂਰਾਂ ਦੀ ਬੇਰੁਜ਼ਗਾਰੀ ਖ਼ਤਮ ਕਰਨ ਲਈ 2005 ਵਿੱਚ ਬਣੇ ਮਨਰੇਗਾ ਕਾਨੂੰਨ ਨੂੰ ਭਾਜਪਾ ਸਰਕਾਰ ਨੇ ਖ਼ਤਮ ਕਰਨ ਦੀ ਨੀਤੀ ਅਪਣਾ ਲਈ ਹੈ। ਉਨ੍ਹਾਂ ਕਿਹਾ ਕਿ ਇਸ ਮਜ਼ਦੂਰ ਵਿਰੋਧੀ ਨੀਤੀ ਵਿੱਚ ਪੰਜਾਬ ਦੀ ‘ਆਪ’ ਸਰਕਾਰ ਵੀ ਬਰਾਬਰ ਦੀ ਭਾਈਵਾਲ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵਿਕਸਿਤ ਭਾਰਤ ਵਿੱਚ ਮਜ਼ਦੂਰਾਂ ਤੋਂ ਰੁਜ਼ਗਾਰ ਖੋਹ ਕੇ ‘ਅੱਛੇ ਦਿਨ’ ਲਿਆਂਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਗ਼ਰੀਬਾਂ ਨਾਲ ਬੁਢੇਪਾ ਪੈਨਸ਼ਨ 2500 ਕਰਨ, ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ, ਨਸ਼ਿਆਂ ਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਕੀਤੇ ਵਾਅਦਿਆਂ ’ਚੋਂ ਇੱਕ ਵੀ ਪੂਰਾ ਨਹੀਂ ਕੀਤਾ ਗਿਆ।
ਜਥੇਬੰਦੀ ਦੇ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ, ਪ੍ਰਦੀਪ ਗੁਰੂ ਨੇ ਕਿਹਾ ਕਿ ਮਨਰੇਗਾ ਦੇ ਬੰਦ ਕੀਤੇ ਕੰਮਾਂ ਦੀ ਨੀਤੀ ਨੂੰ ਮਜ਼ਦੂਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੇ ਮਜ਼ਦੂਰ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਪਿੰਡਾਂ ਸ਼ਹਿਰਾਂ ਅੰਦਰ ਲਾਮਬੰਦੀ ਕਰ ਕੇ ਵੱਡਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਮਨਰੇਗਾ ਮਜ਼ਦੂਰਾਂ ਨੂੰ ਇਸ ਪੱਕੇ ਮੋਰਚੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਸਮੇਂ ਭੋਲਾ ਸਿੰਘ ਝੱਬਰ, ਗੁਲਾਬ ਸਿੰਘ ਖੀਵਾ, ਬੱਲਮ ਸਿੰਘ ਢੈਪਾਈ, ਸੁਖਵੀਰ ਖਾਰਾ, ਰੋਸ਼ੀ ਮੱਤੀ, ਟਹਿਲ ਸਿੰਘ ਮਾਨਸਾ, ਜਰਨੈਲ ਸਿੰਘ ਮਾਨਸਾ, ਸੋਨੂੰ ਸਿੰਘ ਝੱਬਰ, ਗੁਰਵਿੰਦਰ ਧਾਲੀਵਾਲ ਨੇ ਵੀ ਸੰਬੋਧਨ ਕੀਤਾ।