ਮਹਿੰਦਰ ਸਿੰਘ ਰੱਤੀਆਂ
ਮੋਗਾ, 15 ਮਾਰਚ
ਇੱਥੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੀਸੀਐੱਮਐੱਸ ਐਸੋਸੀਏਸ਼ਨ ਨੇ ਅੰਮ੍ਰਿਤਸਰ ਵਿੱਚ ਮੈਡੀਕਲ ਅਫ਼ਸਰ ਡਾ. ਭਵਨੀਤ ਸਿੰਘ ’ਤੇ ਹੋਏ ਕਾਤਲਾਨਾ ਹਮਲੇ ਦੇ ਰੋਸ ਵਜੋਂ 10 ਤੋਂ 12 ਵਜੇ ਓਪੀਡੀ ਸੇਵਾਵਾਂ ਠੱਪ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਐਲਾਨ ਕੀਤਾ ਗਿਆ ਕਿ ਜਿੰਨਾ ਚਿਰ ਹਸਪਤਾਲਾਂ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਨਹੀਂ ਕੀਤੇ ਜਾਂਦੇ, ਉੱਨਾ ਚਿਰ ਰਾਤ ਨੂੰ ਕੋਈ ਮੈਡੀਕਲ ਲੀਗਲ ਪਰਚਾ ਆਦਿ ਜਾਂ ਕੰਮ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਜਥੇਬੰਦੀ ਦੇ ਸੂਬਾਈ ਪ੍ਰਧਾਨ ਡਾ. ਗਗਨਦੀਪ ਸਿੰਘ ਅਤੇ ਜਨਰਲ ਸਕੱਤਰ ਡਾ. ਇੰਦਰਬੀਰ ਸਿੰਘ ਗਿੱਲ ਨੇ ਡਾ. ਭਵਨੀਤ ਸਿੰਘ ’ਤੇ ਹੋਏ ਹਮਲੇ ਦੀ ਨਿਖ਼ੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਿਵਲ ਹਸਪਤਾਲਾਂ ਦੀ ਓਪੀਡੀ ਅਤੇ ਐਮਰਜੈਂਸੀ ਵਾਰਡਾਂ ਦੇ ਅੱਗੇ ਮੈਟਲ ਡਿਟੈਕਟਰ ਅਤੇ 24 ਘੰਟੇ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣ।
ਮਾਨਸਾ (ਜੋਗਿੰਦਰ ਸਿੰਘ ਮਾਨ): ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਪੀਸੀਐੱਮਐੱਸ ਐਸੋਸੀਏਸ਼ਨ ਵੱਲੋਂ ਅੱਜ ਸਵੇਰੇ 10 ਤੋਂ 12 ਵਜੇ ਤੱਕ ਦੋ ਘੰਟਿਆਂ ਲਈ ਡਾਕਟਰੀ ਸੇਵਾਵਾਂ ਠੱਪ ਰੱਖੀਆਂ ਗਈਆਂ। ਆਈ.ਐਮ.ਏ. ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਅਤੇ ਜਨਰਲ ਸਕੱਤਰ ਡਾ. ਸ਼ੇਰ ਜੰਗ ਸਿੰਘ ਸਿੱਧੂ ਨੇ ਸਿਵਲ ਹਸਪਤਾਲ ਮਾਨਸਾ ਵਿੱਚ ਡਾਕਟਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਡਾਕਟਰਾਂ ਦੀ ਸੁਰੱਖਿਆ ਨੂੰ ਹਰ ਹਾਲਾਤ ਵਿੱਚ ਯਕੀਨੀ ਬਣਾਇਆ ਜਾਵੇ ਅਤੇ ਸਾਰੇ ਸਿਵਲ ਹਸਪਤਾਲਾਂ ਨੂੰ ‘ਨੋ ਵੈਪਨ ਜ਼ੋਨ’ ਘੋਸ਼ਿਤ ਕੀਤਾ ਜਾਵੇ ਅਤੇ ਸਾਰੇ ਸਿਵਲ ਹਸਪਤਾਲਾਂ ਵਿੱਚ ਇੱਕ ਇੱਕ ਪੁਲੀਸ ਚੌਕੀ ਬਣਾਈ ਜਾਵੇ।