ਜੋਗਿੰਦਰ ਸਿੰਘ ਮਾਨ
ਮਾਨਸਾ, 13 ਸਤੰਬਰ
ਮਾਨਸਾ ਵਿਖੇ ਵੱਖ-ਵੱਖ ਵਿਭਾਗਾਂ ਅਧੀਨ ਠੇਕਾ ਆਧਾਰਿਤ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਸਰਕਾਰ ਖਿਲਾਫ਼ ਸੰਘਰਸ਼ ਨੂੰ ਤੇਜ਼ ਕਰਨ ਲਈ ਜ਼ਿਲ੍ਹਾ ਨੁਮਾਇੰਦਿਆਂ ਦੀ ਚੋਣ ਜਲ ਸਪਲਾਈ ਕੰਟਰੈਕਟਰ ਵਰਕਜ਼ ਯੂਨੀਅਨ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਹੋਈ। ਚੋਣ ਦੌਰਾਨ ਸੀਐੱਚਬੀ ਪਾਵਰਕੌਮ ਤੋਂ ਰੋਕੀ ਸਿੰਘ ਨੂੰ ਪ੍ਰਧਾਨ, ਜਨਰਲ ਸਕੱਤਰ ਜਸਵੀਰ ਸਿੰਘ, ਖ਼ਜ਼ਾਨਚੀ ਹਰਵਿੰਦਰ ਸਿੰਘ ਚੁਣਿਆ ਗਿਆ। ਇਸ ਤੋਂ ਇਲਾਵਾ ਨਗਰ ਕੌਂਸਲ ਮਾਨਸਾ ਤੋਂ ਬਲਜਿੰਦਰ ਸਿੰਘ ਪ੍ਰਧਾਨ ਚੁਣਿਆ ਗਿਆ। ਆਗੂਆਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਸਰਰਾਕੀ ਵਿਭਾਗਾਂ ਦਾ ਨਿੱਜੀਕਰਨ ਤੇਜ਼ੀ ਨਾਲ ਕਰਨ ਲੱਗੀ ਹੋਈ ਹੈ, ਜਿਸ ਕਰਕੇ ਵੱਖ ਵੱਖ ਵਿਭਾਗਾਂ ਵਿੱਚ ਠੇਕੇ ’ਤੇ ਕੰਮ ਕਰਦੇ ਵਰਕਰਾਂ ਦਾ ਭਵਿੱਖ ਧੁੰਦਲਾ ਹੋ ਜਾਵੇਗਾ ਅਤੇ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜਮਾ ਸੰਘਰਸ਼ ਮੋਰਚੇ ਦੇ ਨਾਲ ਜੁੜਕੇ ਸਰਕਾਰ ਦੀ ਲੋਕ ਮਾਰੂ ਨੀਤੀਆਂ ਨੂੰ ਪਿੰਡਾਂ/ਸ਼ਹਿਰਾਂ ਦੇ ਵਿੱਚ ਜਾਕੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ।