ਪੱਤਰ ਪ੍ਰੇਰਕ
ਭੁੱਚੋ ਮੰਡੀ, 13 ਅਕਤੂਬਰ
ਕਿਰਤੀ ਕਿਸਾਨ ਯੂਨੀਅਨ ਨੇ ਪਿੰਡ ਭੁੱਚੋ ਕਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜੇ ਬਿਨਾਂ ਸਮੇਟਨ ਸਬੰਧੀ ਕੋਈ ਠੋਸ ਪ੍ਰਬੰਧ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਰੋਸ ਵਿਖਾਵਾ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪਿੰਡ ਕਮੇਟੀ ਦੇ ਪ੍ਰਧਾਨ ਤੇਜਾ ਸਿੰਘ, ਮੀਤ ਪ੍ਰਧਾਨ ਸੋਮੀ ਸਿੰਘ ਤੇ ਕਰਮਜੀਤ ਸਿੰਘ ਅਤੇ ਖਜ਼ਾਨਚੀ ਮਿੱਠੂ ਸਿੰਘ ਤੇ ਰਾਜਾ ਸਿੰਘ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀਆਂ ਸਰਕਾਰ ਵਾਂਗ ਪਰਾਲੀ ਦਾ ਕੋਈ ਠੋਸ ਹੱਲ ਨਹੀਂ ਕੀਤਾ। ਸਰਕਾਰ ਦੀ ਸਹਾਇਤਾ ਤੋਂ ਬਿਨਾਂ ਪੰਜਾਬ ਦੇ ਛੋਟੇ ਕਿਸਾਨ ਪਰਾਲੀ ਦੇ ਪ੍ਰਬੰਧ ਲਈ ਪੈਸਾ ਨਹੀਂ ਖਰਚ ਸਕਦੇ। ਸਰਕਾਰ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਪਰਚੇ ਦਰਜ ਕਰ ਕੇ ਜ਼ਮੀਨ ਦੇ ਰਿਕਾਰਡ ਵਿੱਚ ਲਾਲ ਲਕੀਰ ਮਾਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਡਟ ਕੇ ਜਵਾਬ ਦੇਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਖੇਤਾਂ ਵਿੱਚ ਆਏ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ 17 ਅਕਤੂਬਰ ਨੂੰ ਡੀਸੀ ਬਠਿੰਡਾ ਨੂੰ ਚਿਤਾਵਨੀ ਪੱਤਰ ਦਿੱਤਾ ਜਾਵੇਗਾ। ਇਸ ਮੌਕੇ ਆਗੂ ਹਰਬਚਨ ਸਿੰਘ, ਹਰਭਜਨ ਸਿੰਘ, ਜੀਤਾ ਸਿੰਘ, ਸੁਰਜੀਤ ਸਿੰਘ, ਰਾਜਾ ਸਿੰਘ, ਮੰਦਰ ਸਿੰਘ, ਮੋਹਣਾ ਸਿੰਘ, ਦਰਸ਼ਨ ਸਿੰਘ ਅਤੇ ਬਲਕੌਰ ਸਿੰਘ ਹਾਜ਼ਰ ਸਨ।