ਪਰਾਲੀ ਪ੍ਰਬੰਧਨ: ਮਾਨਸਾ ਦੇ ਡੀ ਸੀ ਤੇ ਐੱਸ ਐੱਸ ਪੀ ਵੱਲੋਂ ਖੇਤਾਂ ਦਾ ਦੌਰਾ
ਕਿਸਾਨਾਂ ਨੂੰ ਪਰਾਲੀ ਨਾ ਸਡ਼ਨ ਦੀ ਅਪੀਲ; ਪੰਜ ਸਾਲ ਤੋਂ ਪਰਾਲੀ ਸਾਂਭ ਰਹੇ ਕਿਸਾਨ ਦੀ ਸ਼ਲਾਘਾ
ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਫੂਕਣ ਦੇ ਮਾਮਲੇ ਵਿੱਚ ਵੱਡੇ ਅਧਿਕਾਰੀਆਂ ਨੂੰ ਹੁਣ ਖੇਤਾਂ ਵਿੱਚ ਜਾਣਾ ਪੈ ਰਿਹਾ ਹੈ। ਇਸੇ ਤਹਿਤ ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਤੇ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਵੱਲੋਂ ਪਿੰਡ ਦੋਦੜਾ, ਭਾਦੜਾ, ਬੀਰੋਕੇ ਕਲਾਂ, ਗੁੜੱਦੀ ਅਤੇ ਬੱਛੋਆਣਾ ਵਿੱਚ ਕਿਸਾਨ ਮਿਲਣੀਆਂ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਨਾ ਸਾੜਨ ਦਾ ਹੋਕਾ ਦਿੱਤਾ। ਉਹ ਅਜਿਹੇ ਸੱਦੇ ਪਿੰਡਾਂ ਵਿੱਚ ਜਾ ਕੇ ਕਈ ਦਿਨਾਂ ਤੋਂ ਦੇ ਰਹੇ ਹਨ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਅਤੇ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਬਹੁਤ ਲਾਜ਼ਮੀ ਹੈ ਅਤੇ ਇਸ ਦੇ ਲਈ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਇਸ ਧਰਤੀ ’ਤੇ ਵਿਚਰਦਿਆਂ ਹਰ ਮਨੁੱਖ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਜ਼ਰੂਰ ਪਾਵੇ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਨਾ ਲਗਾਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਨਮਾਨ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਦੇ ਲਈ ਪ੍ਰੇਰਿਤ ਕਰਨ। ਮਾਨਸਾ ਦੇ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਤੇ ਪੁਲੀਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਤੇ ਵੀ ਪਰਾਲੀ ਨੂੰ ਅੱਗ ਨਾਲ ਲੱਗੇ ਇਸ ਦੇ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਪਿੰਡ ਭਾਦੜਾ ਦੇ ਕਿਸਾਨ ਅਮਰੀਕ ਸਿੰਘ ਦੀ ਸ਼ਲਾਘਾ ਕੀਤੀ, ਜੋ ਪਿਛਲੇ 5 ਸਾਲ ਤੋਂ ਪਰਾਲੀ ਦਾ ਪ੍ਰਬੰਧਨ ਗੱਠਾਂ ਬਣਾ ਕੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਦਮੀ ਕਿਸਾਨ ਦੂਜੇ ਕਿਸਾਨਾਂ ਲਈ ਪ੍ਰੇਰਨਾਸ੍ਰੋਤ ਬਣਦੇ ਹਨ।