ਪੱਤਰ ਪ੍ਰੇਰਕ
ਮਾਨਸਾ, 23 ਅਗਸਤ
ਇਥੋਂ ਦੇ ਨਹਿਰੂ ਮੈਮੋਰੀਅਲ ਕਾਲਜ ਵਿੱਚ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਕਾਲਜ ਪ੍ਰਸ਼ਾਸਨ ਖਿਲਾਫ਼ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਕਾਲਜ ਪ੍ਰਸ਼ਾਸਨ ਵੱਲੋਂ ਐਸ.ਸੀ/ਐਸ.ਟੀ ਵਿਦਿਆਰਥੀਆਂ ਤੋਂ ਜਬਰੀ ਪੀਟੀਏ ਫੰਡ ਵਸੂਲਿਆ ਜਾ ਰਿਹਾ ਹੈ, ਜੋ ਸਰਕਾਰ ਦੇ ਨਿਯਮਾਂ ਦੇ ਉਲਟ ਹੈ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਪੀਟੀਏ ਫੰਡ ਮੁਆਫ਼ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।
ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਨੰਦਗੜ੍ਹ ਅਤੇ ਸੋਨੂੰ ਝੱਬਰ ਨੇ ਕਿਹਾ ਕਿ ਕਾਲਜ ਪ੍ਰਸ਼ਾਸਨ ਵੱਲੋਂ ਐਸ.ਸੀ/ਐਸ.ਟੀ ਵਿਦਿਆਰਥੀਆਂ ਤੋਂ ਜ਼ਬਰਦਸਤੀ ਮੋਟਾ ਪੀਟੀਏ ਫੰਡ ਵਸੂਲਣ ਦੀ ਕੋਸ਼ਿਸ਼ ਕੀਤੀ ਜਾ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਐਸ.ਸੀ/ਐਸ.ਟੀ ਵਿਦਿਆਰਥੀਆਂ ਦਾ ਦਾਖਲਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਹੁੰਦਾ ਹੈ ਅਤੇ ਵਿਦਿਆਰਥੀਆਂ ਦੀ ਕੋਈ ਵੀ ਦਾਖ਼ਲਾ ਫੀਸ ਨਹੀਂ ਹੁੰਦੀ ਹੈ,ਪਰ ਕਾਲਜ ਪ੍ਰਸ਼ਾਸਨ ਦਲਿਤ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਤਾਂ ਪਹਿਲਾਂ ਹੀ ਦਲਿਤਾਂ ਵਿਰੋਧੀ ਨੀਤੀਆਂ ਬਣਾ ਕੇ ਦਲਿਤ ਭਾਈਚਾਰੇ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਵਿਦਿਆਰਥੀ ਨੇ ਇਕੱਠੇ ਹੋ ਕੇ ਜਥੇਬੰਦੀ ਦੀ ਅਗਵਾਈ ਵਿੱਚ ਕਾਲਜ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਜੇਕਰ ਕਾਲਜ ਪ੍ਰਸ਼ਾਸਨ ਨੇ ਵਿਦਿਆਰਥੀਆਂ ਦੀ ਮੰਗ ਨਾ ਮੰਨੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਫੀਸਾਂ ਵਿੱਚ ਵਾਧੇ ਖ਼ਿਲਾਫ਼ ਵਿਦਿਆਰਥੀਆਂ ਦਾ ਧਰਨਾ ਜਾਰੀ
ਫਾਜ਼ਿਲਕਾ(ਪਰਮਜੀਤ ਸਿੰਘ): ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਇਥੋਂ ਦੇ ਐਮ.ਆਰ. ਸਰਕਾਰੀ ਕਾਲਜ ਦੇ ਗੇਟ ਅੱਗੇ ਅੱਜ ਦੂਜੇ ਦਿਨ ਵੀ ਵਿਦਿਆਰਥੀਆਂ ਦਾ ਧਰਨਾ ਜਾਰੀ ਰਿਹਾ। ਦਲਿਤ ਵਿਦਿਆਰਥੀਆਂ ਦੇ ਖਾਤੇ ’ਚ ਸਕਾਲਰਸ਼ਿਪ ਆਉਣ ਤੋਂ ਪਹਿਲਾਂ ਹੀ ਪੂਰੀ ਫੀਸਾਂ ਮੰਗੇ ਜਾਣ ਅਤੇ ਪੰਜਾਬ ਯੂਨੀਵਰਸਿਟੀ ਵੱਲੋਂ ਫੀਸਾਂ ’ਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਇਹ ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ ਨੂੰ ਪੰਜਾਬ ਸਟੂਡੈਂਟਸ ਯੂਨੀਅਨ ਆਗੂ ਜਸਪ੍ਰੀਤ ਅਤੇ ਪਰਵੀਨ ਨੇ ਸੰਬੋਧਨ ਕੀਤਾ। ਉਸ ਨੇ ਕਿਹਾ ਕਿ ਇਹ ਪਹਿਲਾ ਮਾਮਲਾ ਹੈ ਕਿ ਦਲਿਤ ਵਿਦਿਆਰਥੀਆਂ ਤੋਂ ਕਾਲਜ ਵੱਲੋਂ ਨਜਾਇਜ਼ ਫੀਸਾਂ ਮੰਗੀਆਂ ਜਾ ਰਹੀਆਂ ਹਨ, ਜਿਸ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਭਰਿਆ ਜਾਵੇਗਾ। ਵਿਦਿਆਰਥੀਆਂ ਨੇ ਐਲਾਨ ਕੀਤਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਜਲਦੀ ਹੱਲ ਨਾ ਕੀਤੀਆਂ ਗਈਆਂ ਤਾਂ ਕੱਲ 24 ਅਗਸਤ ਨੂੰ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦਾ ਘਿਰਾਓ ਕੀਤਾ ਜਾਵੇਗਾ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਡਾਕਟਰ ਸੁਖਚੈਨ ਸੈਦੋਕਾ ਨੇ ਵੀ ਇਸ ਮੌਕੇ ਸੰਬੋਧਨ ਕੀਤਾ।