ਜੋਗਿੰਦਰ ਸਿੰਘ ਮਾਨ
ਮਾਨਸਾ, 16 ਜੁਲਾਈ
ਵਿਦਿਆਰਥੀ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਦਿੱਤੇ ਰੋਸ ਹਫ਼ਤਾ ਮਨਾਉਣ ਦੇ ਸੱਦੇ ਤਹਿਤ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੀ ਅਗਵਾਈ ਵਿੱਚ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਦੀਆਂ ਵਿਦਿਆਰਥਣਾਂ ਵੱਲੋਂ ਡਾ. ਬਰਿੰਦਰ ਕੌਰ ਰਾਹੀਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਜਥੇਬੰਦੀਆਂ ਦੇ ਸੂਬਾਈ ਆਗੂ ਸੰਦੀਪ ਕੌਰ (ਪੀਆਰਐੱਸਯੂ) ਤੇ ਸੁਖਜੀਤ ਰਾਮਾਨੰਦੀ (ਆਇਸਾ) ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਇਸੇ ਮਹੀਨੇ ਜਾਰੀ ਕੀਤੇ ਪੱਤਰ ਰਾਹੀਂ ਯੂਨੀਵਰਸਿਟੀ ਕੈਂਪਸ ਸਮੇਤ ਕਾਂਸਟੀਚਿਊਟ ਕਾਲਜਾਂ, ਰਿਜ਼ਨਲ ਸੈਂਟਰਾਂ ਤੇ ਨੇਬਰਹੁੱਡ ਕੈਂਪਸਾਂ ਦੇ ਵਿਦਿਆਰਥੀਆਂ ਦੀਆਂ ਫੀਸਾਂ ’ਚ 10 ਫੀਸਦੀ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਸਟੀਚਿਊਟ ਕਾਲਜਾਂ ’ਚ ਪੜ੍ਹਦੇ ਲੋੜਵੰਦ ਤੇ ਪਛੜੇ ਤਬਕੇ ਨਾਲ ਸਬੰਧਤ ਐੱਸਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣਾ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਦੀਆਂ ਹਦਾਇਤਾਂ ਦੀ ਕਥਿਤ ਤੌਰ ’ਤੇ ਉਲੰਘਣਾ ਕਰਦਾ ਹੈ। ਉਨ੍ਹਾਂ ਸੂਬਾ ਸਰਕਾਰ ਤੋਂ ਪੰਜਾਬੀ ਯੂਨੀਵਰਸਿਟੀ ਦਾ ਵਿੱਤੀ ਸੰਕਟ ਹੱਲ ਕਰਨ ਦੀ ਮੰਗ ਕੀਤੀ।