1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਥਾਨਕ ਐਮ.ਆਰ.ਸਰਕਾਰੀ ਕਾਲਜ ਵਿਚ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ, ਸਿਆਸੀ ਕਾਰਕੁਨਾਂ ਤੇ ਹਵਾਲਾਤੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਾਲਜ ਦੇ ਗੇਟ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਲ ਹੀ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਜ਼ਿਲ੍ਹਾ ਆਗੂ ਆਦਿਤਿਆ ਫਾਜ਼ਿਲਕਾ ਅਤੇ ਕਾਲਜ ਕਮੇਟੀ ਪ੍ਰਧਾਨ ਦਿਲਕਰਨ ਰਤਨਪੁਰਾ ਨੇ ਕਿਹਾ ਕਿ 1984 ਵਿੱਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਹੁਣ ਤੱਕ ਪੀੜਤਾਂ ਦੇ ਪਰਿਵਾਰਾਂ ਨੂੰ 41 ਸਾਲ ਬਾਅਦ ਵੀ ਕੋਈ ਇਨਸਾਫ਼ ਨਹੀਂ ਮਿਲਿਆ। ਜਦ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਵਾਰ ਵਾਰ ਕਾਂਗਰਸ ਨੂੰ ਸਿੱਖਾਂ ਦੀ ਦੋਸ਼ੀ ਐਲਾਨਿਆ ਜਾਂਦਾ ਹੈ ਪਰ ਅੱਜ ਭਾਜਪਾ ਵੀ ਬਿਲਕੁੱਲ ਉਸੇ ਲੀਹ ’ਤੇ ਚੱਲ ਰਹੀ ਹੈ ਤੇ ਘੱਟ ਗਿਣਤੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਵਿਦਿਆਰਥੀ ਆਗੂ ਅਰਸ਼ਦੀਪ ਸਿੰਘ ਅਤੇ ਅਮਨ ਕੋਰ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਲਗਾਤਾਰ ਕੇਂਦਰ ਸਰਕਾਰ ਦੇ ਰਾਹ ’ਤੇ ਚੱਲ ਰਹੀ ਹੈ ਤੇ ਪੰਜਾਬ ਵਿਚਲੇ ਜਮਹੂਰੀ ਹੱਕਾਂ ਨੂੰ ਖ਼ਤਮ ਕਰਨ ਲੱਗੀ ਹੋਈ ਹੈ। ਪੰਜਾਬ ਵਿੱਚ ਪੁਲੀਸ ਨੂੰ ਦਿੱਤੀ ਖੁੱਲ੍ਹ ਕਰਕੇ ਪੰਜਾਬ ਵਿੱਚ ਅਣ-ਐਲਾਨੀ ਐਮਰਜੈਂਸੀ ਲਗਾਈ ਹੋਈ ਹੈ ਜਿਸ ਕਰਕੇ ਪੰਜਾਬ ਵਿੱਚ ਹਰ ਸੰਘਰਸ਼ ਕਰ ਰਹੇ ਤਬਕੇ ਨੂੰ ਕੁੱਟਿਆ ਜਾ ਰਿਹਾ ਹੈ ਅਤੇ ਬਹੁਤ ਸਾਰੇ ਆਗੂ ਜੇਲ੍ਹਾਂ ਵਿੱਚ ਬੰਦ ਕੀਤੇ ਹੋਏ ਹਨ। ਇਸ ਮੌਕੇ ਸੁਮੀਤ ਸਿੰਘ, ਰਾਹੁਲ, ਹਰਮਨ ਸਿੰਘ, ਵਿੱਕੀ, ਸਾਜਨ ਸਿੰਘ, ਵਿਕਰਮ ਸਿੰਘ, ਅਕਾਸ਼ ਸਿੰਘ, ਕਮਲਜੀਤ ਸਿੰਘ, ਜਸਵੀਰ ਕੌਰ, ਸਰਬਜੀਤ ਕੌਰ, ਸੋਨੀਆ, ਜੋਤੀ ਬਾਲਾ ਅਤੇ ਕਾਲਜ ਦੇ ਹੋਰ ਵਿਦਿਆਰਥੀ ਹਾਜ਼ਰ ਸਨ।
