ਪੱਤਰ ਪ੍ਰੇਰਕ
ਤਪਾ ਮੰਡੀ, 27 ਮਾਰਚ
ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਯੂਨੀਵਰਸਿਟੀ ਕਾਲਜ ਢਿੱਲਵਾਂ ਦੇ ਵਿਦਿਆਰਥੀਆਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿੱਦਿਅਕ ਸੰਸਥਾਵਾਂ ਖੁਲ੍ਹਵਾਉਣ ਦੀ ਮੰਗ ਸਬੰਧੀ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ।
ਇਸ ਮੌਕੇ ਯੂਨੀਅਨ ਦੇ ਸੂਬਾ ਸਕੱਤਰ ਮਨਜੀਤ ਸਿੰਘ ਅਤੇ ਕਾਲਜ ਆਗੂ ਲਾਡੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕਰੋਨਾ ਦਾ ਬਹਾਨਾ ਬਣਾ ਕੇ ਵਿੱਦਿਅਕ ਸੰਸਥਾਵਾਂ ਨੂੰ ਬੰਦ ਕਰ ਰਹੀ ਹੈ ਜਦਕਿ ਬਾਕੀ ਸਾਰੇ ਅਦਾਰੇ, ਸਿਨੇਮਾ ਘਰ ਅਤੇ ਸ਼ਾਪਿੰਗ ਮਾਲਜ਼ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਨਿੱਜੀਕਰਨ ਦੀ ਨੀਤੀ ਤਹਿਤ ਸਰਕਾਰੀ ਵਿੱਦਿਅਕ ਸੰਸਥਾਵਾਂ ਦਾ ਸਰਕਾਰ ਭੋਗ ਪਾਉਣਾ ਚਾਹੁੰਦੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਨੌਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਤੀਹ ਮਾਰਚ ਨੂੰ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਧਰਨੇ ਲਗਾਏ ਜਾਣਗੇ ਅਤੇ ਮੰਗ ਪੱਤਰ ਦਿੱਤੇ ਜਾਣਗੇ। ਇਸ ਮੌਕੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਸੁਖਵਿੰਦਰ ਢਿੱਲਵਾਂ ਨੇ ਵਿੱਦਿਅਕ ਸੰਸਥਾਵਾਂ ਨਾ ਖੋਲ੍ਹੇਣ ’ਤੇ ਤਿੱਖਾ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ। ਇਸ ਮੌਕੇ ਅਕਾਸ਼ਦੀਪ ਸਿੰਘ, ਨਿਸ਼ਾ, ਸਪਨਾ, ਕਾਜਲ ਹਾਜ਼ਰ ਸਨ।
ਇਸੇ ਤਰ੍ਹਾਂ ਪਿੰਡ ਦਰਾਜ-ਦਰਾਕਾ ਦੇ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਅਤੇ ਅਧਿਆਪਕਾਂ ਨੇ ਸਕੂਲਾਂ ਨੂੰ ਬੰਦ ਕਰਨ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਮੋਮਬੱਤੀ ਮਾਰਚ ਕੱਢਿਆ। ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਲਛਮਣ ਸਿੰਘ ਸਹੋਤਾ, ਡੀਟੀਐੱਫ ਦੇ ਬਲਾਕ ਪ੍ਰਧਾਨ ਸੱਤ ਪਾਲ ਬਾਂਸਲ, ਜਸਵੰਤ ਰਾਏ ਅਤੇ ਮਾਸਟਰ ਜਗਤਾਰ ਸਿੰਘ ਦਰਾਕਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਕਰੋਨਾ ਦੀ ਆੜ ਹੇਠ ਸਕੂਲ ਬੰਦ ਕੀਤੇ ਗਏ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਠੱਪ ਹੋ ਗਈ ਹੈ। ਮੋਮਬੱਤੀ ਮਾਰਚ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਅਤੇ ਵਿੱਤ ਸਕੱਤਰ ਹਰਪ੍ਰੀਤ ਸਿੰਘ ਨੇ ਸਰਕਾਰ ਤੋਂ ਵਿੱਦਿਅਕ ਅਦਾਰੇ ਖੋਲ੍ਹਣ ਦੀ ਮੰਗ ਕੀਤੀ। ਇਸ ਮੌਕੇ ਅਮਨਦੀਪ ਸਿੰਘ, ਰਾਜਵਿੰਦਰ ਸਿੰਘ, ਕੁਲਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਹਾਜ਼ਰ ਸਨ।
ਜੈਤੋ (ਸ਼ਗਨ ਕਟਾਰੀਆ): ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਨਾਲ ਸਬੰਧਤ ਵਿਦਿਆਰਥੀਆਂ ਨੇ ਅੱਜ ਇੱਥੇ ਯੂਨੀਵਰਸਿਟੀ ਕਾਲਜ ਵਿੱਚ ਮੀਟਿੰਗ ਕਰ ਕੇ ਸਰਕਾਰ ਵੱਲੋਂ ਵਿੱਦਿਅਕ ਅਦਾਰਿਆਂ ਨੂੰ ਕਰੋਨਾ ਬਹਾਨੇ ਬੰਦ ਕਰਨ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਜੇ ਸਿਆਸੀ ਰੈਲੀਆਂ ਅਤੇ ਇਕੱਠਾਂ ਵਾਲੇ ਹੋਰ ਸਮਾਗਮ ਹੋ ਰਹੇ ਹਨ ਤਾਂ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਵਾਂਝੇ ਕਿਉਂ ਰੱਖਿਆ ਜਾ ਰਿਹਾ ਹੈ। ਪੀਐੱਸਯੂ ਆਗੂ ਗਗਨਦੀਪ ਦਬੜ੍ਹੀਖਾਨਾ ਅਤੇ ਰਵਿੰਦਰ ਸੇਵੇਵਾਲਾ ਨੇ ਕਿਹਾ ਕਿ 9 ਵਿਦਿਆਰਥੀ ਜਥੇਬੰਦੀਆਂ ਦੇ ਸੱਦੇ ’ਤੇ 30 ਮਾਰਚ ਨੂੰ ਜੈਤੋ ਵਿੱਚ ਪ੍ਰਦਰਸ਼ਨ ਕਰ ਕੇ ਐੱਸਡੀਐੱਮ ਨੂੰ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਅਰਸ਼ਦੀਪ ਕੌਰ, ਸਤਨਾਮ, ਧਰਮਪ੍ਰੀਤ, ਸੁਖਚੈਨ ਨੇ ਵੀ ਸੰਬੋਧਨ ਕੀਤਾ।
ਨਥਾਣਾ (ਪੱਤਰ ਪ੍ਰੇਰਕ): ਕਰੋਨਾ ਦੇ ਨਾਂ ’ਤੇ ਸਕੂਲ ਬੰਦ ਕਰਨ ਦੇ ਫ਼ੈਸਲੇ ਖ਼ਿਲਾਫ਼ ਇੱਥੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ਼ ਨੇ ਰੋਸ ਵਿਖਾਵਾ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਦੀਪ ਕਮਲ ਮਾਨ ਨੇ ਕਿਹਾ ਕਿ ਸਰਕਾਰ ਦੇ ਸਕੂਲ ਬੰਦ ਕਰਨ ਦੇ ਹੁਕਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਹੁੰਦਾ ਜਾ ਰਿਹਾ ਹੈ ਕਿਉਂਕਿ ਆਨ ਲਾਈਨ ਪੜ੍ਹਾਈ ਤੋਂ ਵਿਦਿਆਰਥੀ ਅਤੇ ਮਾਪੇ ਸੰਤੁਸ਼ਟ ਨਹੀਂ ਹਨ। ਇਸ ਦੌਰਾਨ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇ ਸਕੂਲਾਂ ਨੂੰ 31 ਮਾਰਚ ਤੋਂ ਬਾਅਦ ਬੰਦ ਰੱਖਣ ਦਾ ਸਮਾਂ ਮੁੜ ਵਧਾਇਆ ਗਿਆ ਤਾਂ ਸੰਘਰਸ਼ ਵਿੱਢਿਆ ਜਾਵੇਗਾ।
ਗੁਰੂਹਰਸਹਾਏ (ਅਸ਼ੋਕ ਸੀਕਰੀ): ਅੱਜ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਨੇ ਸ਼ਹੀਦ ਊਧਮ ਸਿੰਘ ਕਾਲਜ ਮੋਹਨ ਕੇ ਦੇ ਗੇਟ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਗੁਰਵਿੰਦਰ ਗੁੱਦੜ ਢੰਡੀ, ਪਰਮਜੀਤ ਸਿੰਘ ਨੇ ਕਿਹਾ ਕਿ ਵਿੱਦਿਅਕ ਅਦਾਰੇ ਬੰਦ ਕਰਨ ਖ਼ਿਲਾਫ਼ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਪਿੰਡ-ਪਿੰਡ, ਸ਼ਹਿਰ-ਸ਼ਹਿਰ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।
ਵੈਨ ਚਾਲਕਾਂ ਵੱਲੋਂ ਸਕੂਲ ਖੋਲ੍ਹਣ ਦੀ ਮੰਗ
ਗਿੱਦੜਬਾਹਾ (ਪੱਤਰ ਪ੍ਰੇਰਕ): ਪ੍ਰਾਈਵੇਟ ਸਕੂਲਾਂ ਦੇ ਵੈਨ ਚਾਲਕਾਂ ਨੇ ਅੱਜ ਸਥਾਨਕ ਦਾਣਾ ਮੰਡੀ ਵਿੱਚ ਪ੍ਰਾਈਵੇਟ ਸਕੂਲ ਵੈਨ ਯੂਨੀਅਨ ਦੇ ਸੁਖਚੈਨ ਸਿੰਘ ਅਤੇ ਪ੍ਰੇਮ ਦੀ ਅਗਵਾਈ ਹੇਠ ਮੀਟਿੰਗ ਕਰ ਕੇ ਸਕੂਲਾਂ ਨੂੰ ਬੰਦ ਕਰਨ ਦੇ ਸਰਕਾਰ ਦੇ ਹੁਕਮ ਦੀ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਕਰੋਨਾਂ ਨਿਯਮਾਂ ਦੀ ਪਾਲਣਾ ਕਰਦਿਆਂ ਵੈਨਾਂ ਚਲਾਉਣ ਅਤੇ ਸਕੂਲ ਖੋਲ੍ਹਣ ਦੀ ਇਜ਼ਾਜਤ ਦੇ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਜਲਦੀ ਕੋਈ ਫ਼ੈਸਲਾ ਨਾ ਲਿਆ ਤਾਂ ਉਹ ਸੰਘਰਸ਼ ਕਰਨਗੇ। ਇਸ ਮੌਕੇ ਗੁਰਦੀਪ ਸਿੰਘ, ਸੁਖਬੀਰ ਸਿੰਘ, ਬਲਦੇਵ ਸਿੰਘ, ਜਸਕਰਨ ਸਿੰਘ, ਗੁਰਮੀਤ ਸਿੰਘ ਅਤੇ ਕਾਕਾ ਸਿੰਘ ਹਾਜ਼ਰ ਸਨ।