ਪੱਤਰ ਪ੍ਰੇਰਕ
ਮਾਨਸਾ, 15 ਅਕਤੂਬਰ
ਮਾਨਸਾ ਨੇੜਲੇ ਸਿਹਤ ਬਲਾਕ ਖਿਆਲਾ ਕਲਾਂ ਵੱਲੋਂ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਜਮਾਂਦਰੂ ਦਿਲ ਦੀ ਬਿਮਾਰੀ (ਦਿਲ ਵਿੱਚ ਸੁਰਾਖ) ਤੋਂ ਪੀੜਤ ਚਾਰ ਬੱਚਿਆਂ ਦੀ ਸਫਲ ਸਰਜਰੀ ਬਿਲਕੁਲ ਮੁਫ਼ਤ ਕਰਵਾਈ ਗਈ। ਸੀਨੀਅਰ ਮੈਡੀਕਲ ਅਫਸਰ ਖਿਆਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਚੰਗੀ ਸਿਹਤ ਪ੍ਰਤੀ ਵਚਨਬੱਧਤਾ ਤਹਿਤ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ ਬੱਚਿਆਂ ਦੀ ਭਾਲ ਕਰ ਕੇ ਉਨ੍ਹਾਂ ਦਾ ਬਿਲਕੁਲ ਮੁਫ਼ਤ ਇਲਾਜ ਕਰਵਾਇਆ ਗਿਆ। ਐੱਸਐੱਮਓ ਨੇ ਦੱਸਿਆ ਕਿ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ ਬੱਚਿਆਂ ਏਕਮਜੋਤ ਸਿੰਘ ਵਾਸੀ ਪਿੰਡ ਭੁਪਾਲ ਅਤੇ ਹੈਵਨਪ੍ਰੀਤ ਸਿੰਘ ਵਾਸੀ ਪਿੰਡ ਬੱਪੀਆਣਾ ਦੇ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਸਫਲ ਆਪ੍ਰੇਸ਼ਨ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਨਮੇ ਬੱਚੇ, ਆਂਗਣਵਾੜੀ ਵਿੱਚ ਰਜਿਸਟਰਡ ਬੱਚਿਆਂ, ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ (18 ਸਾਲ) ਤੱਕ ਦੇ ਬੱਚਿਆਂ ਦੀ ਮੋਬਾਈਲ ਹੈਲਥ ਟੀਮਾਂ ਵੱਲੋਂ ਜਾਂਚ ਕੀਤੀ ਜਾਂਦੀ ਹੈ ਅਤੇ ਰੈਫ਼ਰ ਕੀਤੇ ਗਏ ਬੱਚਿਆਂ ਵਿਚਲੀਆਂ 30 ਜਮਾਂਦਰੂ ਬਿਮਾਰੀਆਂ ਦਾ ਇਲਾਜ ਸੂਚੀਬੱਧ ਹਸਪਤਾਲਾਂ ਪੀਜੀਆਈ ਚੰਡੀਗੜ੍ਹ, ਡੀਐੱਮਸੀ ਤੇ ਸੀਐੱਮਸੀ ਲੁਧਿਆਣਾ, ਫੋਰਟਿਸ ਅਤੇ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਐੱਸ.ਏ.ਐੱਸ. ਨਗਰ (ਮੁਹਾਲੀ) ਵਿੱਚ ਬਿਲਕੁਲ ਮੁਫ਼ਤ ਕਰਵਾਇਆ ਜਾਂਦਾ ਹੈ। ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਇਸ ਸਕੀਮ ਤਹਿਤ ਬੱਚਿਆਂ ਦੇ ਕੀਤੇ ਜਾਂਦੇ ਚੈਕਅੱਪ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ, ਸਿੱਖਿਆ ਵਿਭਾਗ, ਆਂਗਣਵਾੜੀ ਵਿਭਾਗ ਨਾਲ ਤਾਲਮੇਲ ਕੀਤਾ ਜਾਂਦਾ ਹੈ। ਇਸ ਸਾਲ ਹੁਣ ਤੱਕ ਸਿਹਤ ਵਿਭਾਗ ਦੀ ਟੀਮ ਵੱਲੋਂ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ 21 ਬੱਚਿਆਂ ਦੀ ਪਛਾਣ ਕਰ ਕੇ ਉਨ੍ਹਾਂ ਦੀ ਮੁਫਤ ਸਰਜਰੀ ਕਰਵਾਉਣ ਦਾ ਉਪਰਾਲਾ ਜਾਰੀ ਹੈ।