ਕਰਨ ਭੀਖੀ
ਭੀਖੀ, 1 ਜੁਲਾਈ
ਸਥਾਨਕ ਸੁੰਨੀ ਜਾਮਾ ਮਸਜਿਦ ਵਾਰਡ ਨੰਬਰ ਨੌ ਦੇ ਮੌਲਵੀ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਕੁਝ ਹਫ਼ਤੇ ਪਹਿਲਾਂ ਖੁਦਕੁਸ਼ੀ ਕਰ ਲਈ ਸੀ। ਭੀਖੀ ਪੁਲੀਸ ਨੇ ਮਾਮਲੇ ਸਬੰਧੀ ਚਾਰ ਵਿਅਕਤੀਆਂ ਖਿਲਾਫ਼ 306 ਪਰਚਾ ਦਰਜ ਕੀਤਾ ਸੀ ਪਰ ਅਜੇ ਤੱਕ ਕੋਈ ਵੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਮੌਲਵੀ ਸਈਅਦ ਸਫ਼ੀਕ ਅਹਿਮਦ ਬੁਖ਼ਾਰੀ ਦੇ ਪਰਿਵਾਰ, ਰਿਸ਼ਤੇਦਾਰਾਂ ਤੇ ਬਸਪਾ ਦੇ ਜ਼ਿਲ੍ਹਾ ਆਗੂਆਂ ਨੇ ਮਿਲ ਕੇ ਥਾਣੇ ਦਾ ਘਿਰਾਓ ਕੀਤਾ। ਬਸਪਾ ਪੰਜਾਬ ਆਗੂ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਦੱਸਿਆ ਕਿ ਪੁਲੀਸ ਪ੍ਰਸਾਸ਼ਨ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਦਾ ਬਚਾਅ ਕਰਨ ਲੱਗੀ ਹੋਈ ਹੈ, ਜਿਸ ਕਾਰਨ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਸੰਘਰਸ਼ ਜਾਰੀ ਰਹੇਗਾ। ਕਸਬਾ ਭੀਖੀ ’ਚ ਰੋਸ ਮਾਰਚ ਕਰਨ ਮਗਰੋਂ ਸੁਨਾਮ ਰੋਡ ਨਹਿਰ ਦੇ ਪੁਲ ਉਪਰ ਜਾਮ ਕਰਕੇ ਪੱਕੇ ਤੌਰ ’ਤੇ ਧਰਨਾ ਲਗਾਇਆ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਥਾਣਾ ਮੁਖੀ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਦੀ ਭਾਲ ਜਾਰੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।