ਸੁਖਬੀਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਰਹੱਦੀ ਕਸਬਾ ਮਮਦੋਟ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆ। ਉਨ੍ਹਾਂ ਸਰਹੱਦੀ ਪਿੰਡ ਲੱਖਾ ਸਿੰਘ ਵਾਲਾ ਹਿਠਾੜ ਵਿੱਚ ਮੀਟਿੰਗ ਕੀਤੀ ਅਤੇ ਇਸ ਔਖੀ ਘੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕੇ ਹਨ, ਇਸ ਲਈ ਇਨ੍ਹਾਂ ਪਿੰਡਾਂ ਵਿੱਚ ਪਾਣੀ ਉਤਰਨ ਤੋਂ ਬਾਅਦ ਪੰਜਾਬ ਸਰਕਾਰ ਨੂੰ ਤੁਰੰਤ ਫਸਲਾਂ ਅਤੇ ਮਕਾਨ ਲਈ ਤੁਰੰਤ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਇਸ ਔਖੀ ਘੜੀ ਵਿਚ ਖੇਤਰ ਦੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਇਨ੍ਹਾਂ ਲੋਕਾਂ ਦੀ ਜੋ ਵੀ ਜ਼ਰੂਰਤ ਹੋਵੇਗੀ, ਉਸ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਫਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸੁਰਿੰਦਰ ਸਿੰਘ ਬੱਬੂ, ਸੁਰਿੰਦਰ ਕੁਮਾਰ ਕਾਲਾ ਪ੍ਰਧਾਨ, ਜਥੇਦਾਰ ਚਮਕੌਰ ਸਿੰਘ ਟਿੱਬੀ, ਪ੍ਰੀਤਮ ਸਿੰਘ, ਜਜਬੀਰ ਸਿੰਘ ਸਰਕਲ ਪ੍ਰਧਾਨ, ਵਿੱਕੀ ਮੈਣੀ, ਮਨਜੀਤ ਸਿੰਘ ਖਾਰਾ, ਇੰਦਰਜੀਤ ਸਿੰਘ ਟਿੱਬੀ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ ਸਿੱਧੂ, ਮਾਂਟੂ ਵੋਹਰਾ, ਬਲਜੀਤ ਸਿੰਘ ਤੇ ਹੋਰ ਮੌਜੂਦ ਸਨ।