ਪੱਤਰ ਪ੍ਰੇਰਕ
ਤਲਵੰਡੀ ਸਾਬੋ, 5 ਜਨਵਰੀ
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਮੌਕੇ ਪਿੰਡ ਲੇਲੇਵਾਲਾ ਦੀ ਸਮੂਹ ਸੰਗਤ ਵੱਲੋਂ ਇੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਪਿਛਲੇ ਦੋ ਦਿਨ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਅੱਜ ਪਹਿਲਾਂ ਸਵੇਰੇ ਭੋਗ ਪਾਏ ਗਏ ਤੇ ਕਥਾ ਕੀਰਤਨ ਤੋਂ ਅਰਦਾਸ ਕੀਤੀ ਗਈ। ਇਸ ਬਾਅਦ ਸੰਗਤਾਂ ਦੇ ਲੰਗਰ ਛਕਣ ਉਪਰੰਤ ਨਗਰ ਕੀਰਤਨ ਸਜਾਇਆ ਗਿਆ। ਆਰੰਭਿਕ ਅਰਦਾਸ ਕਰਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਾਲੀ ਗੱਡੀ ਵਿੱਚ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਮਹੰਤ ਬੂਟਾ ਸਿੰਘ ਅਤੇ ਮੁੱਖ ਗ੍ਰੰਥੀ ਭਾਈ ਨਾਜ਼ਮ ਸਿੰਘ ਗੋਰਾ ਨੇ ਪੰਜ ਨਿਸ਼ਾਨਚੀਆਂ ਤੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕੀਤੇ। ਨਗਰ ਕੀਰਤਨ ਵਿੱਚ ਬਾਬਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਦੀ ਗੱਤਕਾ ਟੀਮ ਨੇ ਪਿੰ੍ਰਸੀਪਲ ਮੱਖਣ ਸਿੰਘ ਦੀ ਅਗਵਾਈ ਵਿੱਚ ਗੱਤਕੇ ਦੇ ਜ਼ੌਹਰ ਦਿਖਾਏ।
ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਇਥੇ ਗੁਰਦੁਆਰਾ ਪਾਕਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਮਧੇਕੇ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਕਾਸ਼ ਪੂਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜੇ ਨਗਰ ਕੀਰਤਨ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ। ਨਗਰ ਕੀਰਤਨ ਦੌਰਾਨ ਗੁਰਦੁਆਰਾ ਪਾਕਾ ਸਾਹਿਬ ਦੇ ਹਜੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਵੱਲੋਂ ਗੁਰਬਾਣੀ ਸ਼ਬਦ ਕੀਰਤਨ ਕੀਤਾ ਗਿਆ ਅਤੇ ਪੰਥ ਪ੍ਰਸਿੱਧ ਢਾਡੀ ਬੀਬੀ ਬਲਵਿੰਦਰ ਕੌਰ ਖਹਿਰਾ ਖਾਲਸਾ ਦੇ ਜਥੇ ਵੱਲੋਂ ਵੱਖ ਵੱਖ ਪੜਾਵਾਂ ਤੇ ਸੰਗਤਾਂ ਨੂੰ ਢਾਡੀ ਵਾਰਾਂ ਅਤੇ ਆਨੰਦਪੁਰ ਦੇ ਕਿਲੇ ਤੋ ਲੈ ਕੇ ਪਿੰਡ ਮਧੇਕੇ ਆਉਣ ਤਕ ਦੇ ਇਤਿਹਾਸ ਦੀ ਸੰਗਤਾਂ ਨਾਲ ਸਾਂਝ ਪਾਈ ਗਈ।
ਕਾਲਾਂਵਾਲੀ (ਪੱਤਰ ਪ੍ਰੇਰਕ): ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਨੇ ਪਿੰਡ ਔਢਾਂ ਵਿੱਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ। ਇਸ ਤੋਂ ਪਹਿਲਾਂ ਗੁਰਦੁਆਰਾ ਸਹਿਬ ਦੇ ਹੈੱਡ ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਤਪਾ ਮੰਡੀ (ਪੱਤਰ ਪ੍ਰੇਰਕ): ਪ੍ਰਕਾਸ਼ ਦਿਹਾੜੇ ‘ਤੇ ਗੁਰਦੁਆਰਾ ਸਿੰਘ ਸਭਾ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ‘ਚ ਸਜਾਇਆ ਗਿਆ ਸੀ। ਨਗਰ ਕੀਰਤਨ ਗੁਰੂ ਘਰ ਤੋਂ ਸ਼ਹਿਰ ਤੇ ਨਗਰ ਦੀਆਂ ਵੱਖ ਵੱਖ ਥਾਵਾਂ ਦੀ ਪਰਿਕਰਮਾ ਕੀਤੀ। ਨਗਰ ਨਿਵਾਸੀਆ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਪੰਜ ਪਿਆਰਿਆਂ ਨੂੰ ਸਿਰੋਪਾੇ ਪਾਕੇ ਸਨਮਾਨਿਤ ਕੀਤਾ ਗਿਆ।