ਨਿੱਜੀ ਪੱਤਰ ਪ੍ਰੇਰਕ/ ਪੱਤਰ ਪ੍ਰੇਰਕ
ਫ਼ਿਰੋਜ਼ਪੁਰ/ਜ਼ੀਰਾ, 3 ਨਵੰਬਰ
ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਬੁੱਧਵਾਰ ਨੂੰ ਜ਼ੀਰਾ ’ਚ ਸਥਿਤ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਸਵਾ ਕਰੋੜ ਰੁਪਏ ਦੀ ਲਾਗਤ ਨਾਲ ਮੁਹੱਈਆ ਕਰਵਾਈਆਂ ਗਈਆਂ ਬੁਨਿਆਦੀ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦੇ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਐਨਆਰਆਈ ਸਕੂਲੀ ਸਿੱਖਿਆ ਦੇ ਬੁਨਿਆਦੀ ਢਾਂਚੇ ਲਈ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ ਜਿਸ ਦੇ ਲਈ ਉਨ੍ਹਾਂ ਨੂੰ ਸਹਿਯੋਗ ਲਈ ਅੱਗੇ ਆਉਣਾ ਚਾਹੀਦਾ ਹੈ। ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਜ਼ੀਰਾ ਦੇ ਕਹਿਣ ’ਤੇ ਸਿੱਖਿਆ ਮੰਤਰੀ ਨੇ ਭਰੋਸਾ ਦਿਵਾਇਆ ਕਿ ਰਾਜ ਦੇ ਹਰ ਸਰਕਾਰੀ ਸਕੂਲ ਵਿਚ ਵਿਰਾਸਤ ਖੇਡ ਗਤਕਾ ਦੀ ਸਿਖਲਾਈ ਸਬੰਧੀ ਇੱਕ ਪੀਰੀਅਡ ਦੀ ਸ਼ੁਰੂਆਤ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਸਕੂਲ ਵਿਚ ਰਾਹ ਪੱਕਾ ਕਰਨ ਲਈ ਪੰਜ ਲੱਖ ਅਤੇ ਸਾਈਕਲ ਸਟੈਂਡ ਦੇ ਸ਼ੈੱਡ ਲਈ ਪੰਜ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਸਕੂਲ ਵਿਚ ਅੱਠ ਨਵੇਂ ਕਮਰਿਆਂ ਦੇ ਨਿਰਮਾਣ ਲਈ ਰਾਸ਼ੀ ਜਾਰੀ ਕਰਨ ਦਾ ਭਰੋਸਾ ਦਿੱਤਾ। ਅੱਜ ਦੇ ਸਮਾਗਮ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।