ਸੁਰਿੰਦਰ ਜੌੜਾ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੀੜਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਨੂੰ ਜਲਦ ਤੋਂ ਜਲਦ ਰਾਹਤ ਦੇਣ ਦੀ ਅਪੀਲ ਕੀਤੀ। ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਹੜ੍ਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ, ਘਰ ਅਤੇ ਪਸ਼ੂਆਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੇ। ਇਸ ਦੇ ਨਾਲ ਹੀ ਕਿਸਾਨਾਂ ਦੇ ਘਰਾਂ ਅਤੇ ਘਰੇਲੂ ਸਮਾਨ ਨੂੰ ਜੋ ਨੁਕਸਾਨ ਪਹੁੰਚਿਆ ਹੈ ਉਸ ਦੀ ਭਰਵਾਈ ਕਰੇ। ਜੌੜਾ ਨੇ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਪਿਛਲੇ ਸਾਲ 2023 ਵਿੱਚ ਵੀ ਹੜ੍ਹਾਂ ਕਾਰਨ ਵੱਡਾ ਨੁਕਸਾਨ ਹੋਇਆ ਸੀ, ਪਰ ਅਜੇ ਤੱਕ ਕਿਸਾਨਾਂ ਨੂੰ ਉਸ ਦਾ ਮੁਆਵਜ਼ਾ ਨਹੀਂ ਮਿਲਿਆ,ਜਿਸ ਕਾਰਨ ਕਿਸਾਨ ਕਰਜ਼ਈ ਹੋ ਗਏ। ਜੌੜਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀ ਹਰ ਵਸਤੂ ਜਿਵੇਂ ਪਸ਼ੂ,ਟਰੈਕਟਰ ਅਤੇ ਕੰਬਾਈਨਾਂ ਦਾ ਬੀਮਾ ਲਾਜ਼ਮੀ ਕੀਤਾ ਜਾਵੇ ਤਾਂ ਜੋ ਹੜ੍ਹ ਵਰਗੀ ਆਫ਼ਤ ਦੇ ਸਮੇਂ ਉਨ੍ਹਾਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ।