ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 15 ਮਈ
ਕੀਟਨਾਸ਼ਕ ਦਵਾਈਆਂ ਦੇ ਸੈਂਪਲ ਦੀ ਮਿਸਮੈਚ ਦੇ ਦੋਸ਼ਾਂ ਵਿੱਚ ਮੁਅੱਤਲ ਚੱਲ ਰਹੇ ਖੇਤੀਬਾੜੀ ਵਿਕਾਸ ਅਫ਼ਸਰ ਸੰਦੀਪ ਬਹਿਲ ਦਾ ਖੇਤੀਬਾੜੀ ਵਿਕਾਸ ਅਧਿਕਾਰੀਆਂ ਦੀ ਐਸੋਸੀਏਸ਼ਨ ‘ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ’ ਨੇ ਬਾਈਕਾਟ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਸੁਖਚੈਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੀ ਦਿਨੀਂ ਕਿਸਾਨ ਜਥੇਬੰਦੀਆਂ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਇਕ ਅਧਿਕਾਰੀ ਸੰਦੀਪ ਬਹਿਲ ਏਡੀਓ ਵਿਰੁੱਧ ਸ਼ਿਕਾਇਤ ਕੀਤੀ ਗਈ ਸੀ ਕਿ ਸੈਂਪਿਲੰਗ ਦੇ ਸਬੰਧ ਵਿਚ ਕਿਸਾਨ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਵਿਭਾਗ ਵਲੋਂ ਉਕਤ ਅਧਿਕਾਰੀ ਵਿਰੁੱਧ ਐਕਸ਼ਨ ਲੈਂਦਿਆਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਉਕਤ ਅਧਿਕਾਰੀ ਦਾ ਡੱਟ ਕੇ ਵਿਰੋਧ ਕਰਦੀ ਹੋਈ ਉਸ ਦਾ ਬਾਈਕਾਟ ਕਰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਰ ਪੱਖ ਤੋਂ ਤਨਦੇਹੀ ਨਾਲ ਕਿਸਾਨਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ ਅਤੇ ਕਿਸਾਨ ਹਿੱਤ ਲਈ ਕੰਮ ਕੀਤਾ ਜਾਵੇਗਾ।