ਦਵਿੰਦਰ ਮੋਹਨ ਬੇਦੀ
ਗਿੱਦੜਬਾਹਾ, 7 ਜੂਨ
ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਣ ਸਫਾਈ ਸੇਵਕ ਯੂਨੀਅਨ ਨਗਰ ਕੌਂਸਲ ਗਿੱਦੜਬਾਹਾ ਵੱਲੋਂ ਇੱਕ ਸ਼ਿਫਟ ਕੰਮ ਕਰਕੇ ਦੂਜੀ ਸ਼ਿਫਟ ਵਿੱਚ ਨਗਰ ਕੌਂਸਲ ਅੱਗੇ ਧਰਨਾ ਲਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਧਾਨ ਰਾਜੇਸ਼ ਕੁਮਾਰ ਬੋਬੀ ਟਾਂਕ ਅਤੇ ਕ੍ਰਿਸ਼ਨ ਲਾਲ ਟਾਂਕ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਸਫਾਈ ਸੇਵਕਾਂ ਨੂੰ ਤਨਖਾਹਾਂ ਜਾਰੀ ਨਹੀਂ ਕੀਤੀਆਂ ਗਈਆਂ ਜਦੋਂਕਿ ਹੁਣ ਚੌਥਾ ਮਹੀਨਾ ਵੀ ਸ਼ੁਰੂ ਹੋ ਗਿਆ ਹੈ। ਇਸ ਕਾਰਨ ਬਿਨਾਂ ਤਨਖਾਹਾਂ ਤੋਂ ਘਰ ਪਰਿਵਾਰ ਚਲਾਉਣ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਸਬੰਧੀ ਪਿਛਲੇ 12 ਦਿਨਾਂ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹੁਣ ਵੀ ਸਫਾਈ ਸੇਵਕਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਮਜਬੂਰ ਹੋ ਕੇ ਯੂਨੀਅਨ ਵੱਲੋਂ ਸ਼ਹਿਰ ਦੇ ਚੌਕਾਂ ਵਿੱਚ ਗੰਦਗੀ ਦੇ ਢੇਰ ਲਾਏ ਜਾਣਗੇ ਅਤੇ ਜੇ ਫਿਰ ਵੀ ਕੋਈ ਸੁਣਵਾਈ ਨਾ ਹੋਈ ਤਾਂ ਸ਼ਹਿਰ ਦੀ ਸਫਾਈ ਦਾ ਕੰਮ ਰੋਕ ਦਿੱਤਾ ਜਾਵੇਗਾ। ਇਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ ।