ਪੱਤਰ ਪ੍ਰੇਰਕ
ਜ਼ੀਰਾ, 14 ਜੁਲਾਈ
ਸਿਵਲ ਹਸਪਤਾਲ ਜ਼ੀਰਾ ਵਿਖੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਵਿੱਚ ਹਸਪਤਾਲ ਦੇ ਅੰਦਰ ਤਲਵਾਰਾਂ ਅਤੇ ਕਾਪਿਆਂ ਨਾਲ ਸ਼ਰ੍ਹੇਆਮ ਗੁੰਡਾਗਰਦੀ ਦਾ ਨਾਚ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਵਿੱਚ ਜ਼ੇਰੇ ਇਲਾਜ ਜ਼ੀਰਾ ਦੇ ਪਿੰਡ ਝਤਰਾ ਨਿਵਾਸੀ ਤੇਜਾ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਦਾ ਉਸ ਦੇ ਪਿੰਡ ਦੇ ਹੀ ਕੁਝ ਲੋਕਾਂ ਦੇ ਨਾਲ ਝਗੜਾ ਹੋ ਗਿਆ ਸੀ, ਜਿਸ ਦੇ ਚਲਦਿਆਂ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ ਅਤੇ ਅੱਜ ਦੂਜੀ ਧਿਰ ਦੇ ਕੁਝ ਲੋਕਾਂ ਵੱਲੋਂ ਸਿਵਲ ਹਸਪਤਾਲ ਜ਼ੀਰਾ ’ਚ ਆ ਕੇ ਉਸਦੇ ਲੜਕੇ ਕਾਲੀ ਪੁੱਤਰ ਤੇਜਾ ਸਿੰਘ ’ਤੇ ਹਮਲਾ ਕਰ ਦਿੱਤਾ। ਮਾਮਲੇ ਦੀ ਪੁਸ਼ਟੀ ਕਰਦਿਆਂ ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਡਾ. ਜਗਵਿੰਦਰ ਨੇ ਦੱਸਿਆ ਕਿ ਅੱਜ ਉਨ੍ਹਾਂ ਕੋਲ ਇੱਕ ਤੇਜਾ ਸਿੰਘ ਨਾਮ ਦਾ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਆਇਆ ਸੀ ਅਤੇ ਉਨ੍ਹਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਸੀ ਤੇ ਕੁਝ ਸਮੇਂ ਬਾਅਦ ਹੀ ਦੂਜੀ ਧਿਰ ਦੇ ਕੁਝ ਨੌਜਵਾਨ ਆਏ ਅਤੇ ਦੋਹਾਂ ਪਾਰਟੀਆਂ ਦਾ ਆਪਸ ਵਿੱਚ ਝਗੜਾ ਹੋ ਗਿਆ ਤੇ ਵੇਖਦਿਆਂ ਹੀ ਤਲਵਾਰਾਂ ਤੇ ਕਾਪੇ ਚੱਲ ਪਏ। ਹਮਲੇ ’ਚ ਨੌਜਵਾਨ ਦੇ ਗੰਭੀਰ ਜ਼ਖ਼ਮੀ ਹੋਣ ਕਾਰਨ ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਸਦਰ ਜ਼ੀਰਾ ਦੇ ਇੰਸਪੈਕਟਰ ਬਚਨ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਬਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।