ਪੱਤਰ ਪ੍ਰੇਰਕ
ਮਾਨਸਾ, 5 ਜੁਲਾਈ
ਬੇਰੁਜ਼ਗਾਰ ਈਟੀਟੀ ਅਧਿਆਪਕ ਯੂਨੀਅਨ ਵੱਲੋਂ ਅੱਜ ਇਥੇ 5994 ਪੋਸਟਾਂ ਨੂੰ ਲੈ ਕੇ ਭਰਤੀ ਦੀ ਪ੍ਰਕਿਰਿਆ ਆਨਲਾਈਨ ਕਰਵਾਉਣ ਦੀ ਮੰਗ ਕੀਤੀ ਗਈ। ਜਥੇਬੰਦੀ ਦਾ ਕਹਿਣਾ ਹੈ ਕਿ ਜੇ ਹੁਣ ਵੀ ਸਰਕਾਰ ਨੇ ਉਨ੍ਹਾਂ ਦੀ ਫ਼ਰਿਆਦ ਨਾ ਸੁਣੀ ਤਾਂ ਉਹ ਸੰਘਰਸ਼ ਦੇ ਮੈਦਾਨ ਵਿੱਚ ਕੁੱਦਣ ਲਈ ਮਜਬੂਰ ਹੋਣਗੇ। ਇਥੇ ਇੱਕਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੀ ਸਰਕਾਰ ਦਾ, ਜੋ ਰਵੱਈਆ ਈਟੀਟੀ ਦੀਆਂ ਭਰਤੀਆਂ ਨੂੰ ਲੈ ਕੇ ਸੀ, ਉਹ ਰਵੱਈਆ ਅੱਜ ਪੰਜਾਬ ਸਰਕਾਰ ਨੇ ਅਖ਼ਤਿਆਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ 16 ਦਸੰਬਰ 2021 ਨੂੰ ਕਾਂਗਰਸ ਸਰਕਾਰ ਨੇ 5994 ਭਰਤੀ ਦਾ ਇਸ਼ਤਿਹਾਰ ਅਖਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਸੀ ਅਤੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੇ ਸੈਸ਼ਨ ਵਿੱਚ 5994 ਈਟੀਟੀ ਭਰਤੀ ਬਾਰੇ ਬੋਲਿਆ ਹੈ ਕਿ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ 10 ਜੁਲਾਈ ਤੱਕ ਇਸ 5994 ਭਰਤੀ ਦਾ ਨੋਟੀਫਿਕੇਸ਼ਨ ਬਾਰ੍ਹਵੀਂ, ਈਟੀਟੀ ਯੋਗਤਾ ਨੂੰ ਮੁੱਖ ਰੱਖ ਕੇ ਬਣਾਇਆ ਜਾਵੇ ਤਾਂ ਜੋ ਬੇਰੁਜ਼ਗਾਰਾਂ ਨੂੰ ਅਦਾਲਤਾਂ ਦੇ ਚੱਕਰ ਨਾ ਲਗਾਉਣੇ ਪੈਣ। ਇਸ ਮੌਕੇ ਸੁਖਪ੍ਰੀਤ ਸਿੰਘ, ਕੁਲਦੀਪ ਸਿੰਘ, ਲਵਪ੍ਰੀਤ ਕੌਰ ਜੋਧਪੁਰ ਪਾਖਰ, ਰਾਜਨਦੀਪ ਕੌਰ ਬਠਿੰਡਾ, ਅਮਰਦੀਪ ਕੌਰ ਨੇ ਵੀ ਸੰਬੋਧਨ ਕੀਤਾ।