Teacher Shortage: ਅਧਿਆਪਕਾਂ ਬਿਨਾਂ ਰੁਲ ਰਿਹੈ ਬੱਚਿਆਂ ਦਾ ਭਵਿੱਖ
ਦੌਧਰ ਸ਼ਰਕੀ ਦੇ ਸਕੂਲ ਵਿੱਚ ਪ੍ਰਿੰਸੀਪਲ ਤੇ ਲੈਕਚਰਾਰਾਂ ਦੀਆਂ ਦਸ ਅਸਾਮੀਆਂ ਖਾਲੀ
ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਸ਼ਰਕੀ ਦੇ ਪੀ ਐੱਮ ਸ੍ਰੀ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇੱਥੇ ਪ੍ਰਿੰਸੀਪਲ ਸਮੇਤ ਲੈਕਚਰਾਰ ਕੇਡਰ ਦੀਆਂ ਸਾਰੀਆਂ 10 ਅਸਾਮੀਆਂ ਅਤੇ ਮਾਸਟਰ ਕੇਡਰ ਦੀਆਂ 5 ਅਸਾਮੀਆਂ ਲੰਬੇ ਸਮੇਂ ਤੋਂ ਖਾਲੀ ਪਈਆਂ ਹਨ।
ਜ਼ਿਕਰਯੋਗ ਹੈ ਕਿ ਮੋਗਾ ਜ਼ਿਲ੍ਹੇ ਵਿੱਚ ਕੇਂਦਰ ਸਰਕਾਰ ਦੀ ਪੀ ਐੱਮ ਸ੍ਰੀ ਸਕੀਮ ਅਧੀਨ 13 ਸਕੂਲ ਹਨ ਅਤੇ 2025 ਵਿੱਚ ਇਸ ਸਕੂਲ ਨੂੰ ਵੀ ਇਸ ਯੋਜਨਾ ਅਧੀਨ ਲਿਆਂਦਾ ਗਿਆ ਹੈ। ਪਿੰਡ ਵਿੱਚ ਮੁੰਡਿਆਂ ਅਤੇ ਕੁੜੀਆਂ ਲਈ ਸਕੂਲ ਦੀਆਂ ਦੋ ਵੱਖ-ਵੱਖ ਬਰਾਂਚਾਂ ਹੋਣ ਕਾਰਨ ਸਟਾਫ਼ ਦੋ ਹਿੱਸਿਆਂ ਵਿੱਚ ਵੰਡਿਆ ਹੋਇਆ ਹੈ। ਕਲਰਕ ਦੀ ਅਸਾਮੀ ਖਾਲੀ ਹੋਣ ਕਾਰਨ ਅਧਿਆਪਕਾਂ ਨੂੰ ਹੀ ਦਫ਼ਤਰੀ ਕੰਮ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਅਤੇ ਮਾਪਿਆਂ ਨੇ ਦੱਸਿਆ ਕਿ ਸਟਾਫ਼ ਦੀ ਘਾਟ ਕਾਰਨ ਬਾਰ੍ਹਵੀਂ ਜਮਾਤ ਦੀਆਂ ਸਾਇੰਸ ਕਲਾਸਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇੱਕ-ਇੱਕ ਅਧਿਆਪਕ ਉੱਤੇ ਕਈ ਜਮਾਤਾਂ ਅਤੇ ਵਿਸ਼ਿਆਂ ਦਾ ਬੋਝ ਹੈ, ਜਿਸ ਕਾਰਨ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਮਾਪੇ ਬੱਚਿਆਂ ਨੂੰ ਵਧੀਆ ਸਿੱਖਿਆ ਦਿਵਾਉਣ ਲਈ ਦੂਰ-ਦੁਰਾਡੇ ਦੇ ਸਕੂਲਾਂ ਵਿੱਚ ਭੇਜਣ ਲਈ ਮਜਬੂਰ ਹਨ, ਜਿਸ ਨਾਲ ਪੇਂਡੂ ਪਰਿਵਾਰਾਂ ਉੱਤੇ ਆਵਾਜਾਈ ਦੇ ਖਰਚੇ ਦਾ ਵਾਧੂ ਆਰਥਿਕ ਬੋਝ ਪੈ ਰਿਹਾ ਹੈ।
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਹੈ ਕਿ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਅਸ਼ੀਸ਼ ਕੁਮਾਰ ਨੇ ਕਿਹਾ ਕਿ ਇਨ੍ਹਾਂ ਖਾਲੀ ਅਸਾਮੀਆਂ ਉੱਤੇ ਅਧਿਆਪਕ ਤਾਇਨਾਤ ਕਰਨਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਹੈ।

