ਖੇਤਰੀ ਪ੍ਰਤੀਨਿਧ
ਬਰਨਾਲਾ, 5 ਜੁਲਾਈ
ਸੂਬੇ ਦੀ ‘ਆਪ’ ਸਰਕਾਰ ਵੱਲੋ ਪੇਸ਼ ਕੀਤੇ ਪਲੇਠੇ ਬਜਟ ਵਿੱਚ ਕੱਚੇ ਅਧਿਆਪਕਾਂ ਨੁੂੰ ਪੱਕੇ ਨਾ ਕਰਨ, ਮਾਣ ਭੱਤੇ ਵਾਲੇ ਮੁਲਾਜ਼ਮਾਂ ਦੀਆਂ ਉਜ਼ਰਤਾਂ ’ਚ ਵਾਧਾ ਨਾ ਕਰਨ ਸਮੇਤ ਬਾਕੀ ਮੰਗਾਂ ਨੂੰ ਲੈ ਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ (ਡੀਟੀਐੱਫ) ਦੇ ਸੱਦੇ ਤਹਿਤ ਜ਼ਿਲ੍ਹਾ ਬਰਨਾਲਾ ਦੇ ਤਿੰਨੋਂ ਬਰਨਾਲਾ, ਮਹਿਲ ਕਲਾਂ ਤੇ ਭਦੌੜ ਬਲਾਕਾਂ ’ਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ, ਜਨਰਲ ਸਕੱਤਰ ਰਾਜੀਵ ਕੁਮਾਰ ਤੇ ਵਿੱਤ ਸਕੱਤਰ ਬਲਜਿੰਦਰ ਪ੍ਰਭੂ ਨੇ ਦੱਸਿਆ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਪਲੇਠੇ ਬਜਟ ਵਿੱਚ ਸਕੂਲਾਂ ਵਿੱਚ 40 ਹਜ਼ਾਰ ਤੋਂ ਵਧੇਰੇ ਖਾਲੀ ਅਸਾਮੀਆਂ ਨੂੰ ਫੌਰੀ ਭਰਨ, ਕੱਟੇ ਭੱਤੇ ਬਹਾਲ ਕਰਨ, ਨਵੀਆਂ ਪੋਸਟਾਂ ਨਿਰਮਿਤ ਨਾ ਕਰਨ ਅਤੇ ਹੋਰ ਲਟਕਦੀਆਂ ਮੰਗਾਂ ਸਬੰਧੀ ਬਜਟ ਵਿੱਚ ਚੁੱਪੀ ਧਾਰੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਤਨਖਾਹ ਦੀ ਥਾਂ ਪੰਜਾਬ ਦੇ ਪੂਰੇ ਤਨਖਾਹ ਸਕੇਲਾਂ ਅਨੁਸਾਰ ਨਵੀਆਂ ਭਰਤੀਆਂ ਕਰਨ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਸੋਧ ਕੇ ਲਾਗੂ ਕਰਨ ਸਬੰਧੀ ਬਜਟ ਵਿੱਚ ਕੋਈ ਜ਼ਿਕਰ ਤੱਕ ਨਾ ਹੋਣ ਕਾਰਨ ਮੁਲਾਜ਼ਮ ਵਰਗ ਵਿੱਚ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ।
ਸ਼ਹਿਣਾ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰਾ ਵਿੱਚ ਅਧਿਆਪਕਾਂ ਵੱਲੋਂ ਲੋਕ ਵਿਰੋਧੀ ਬਜਟ ਦੀਆਂ ਕਾਪੀਆਂ ਸਾੜੀਆਂ ਗਈਆ। ਇਸ ਮੌਕੇ ਬੀਐੱਡ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਅਤੇ ਸੀਏਯੂ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਨੇ ਕਿਹਾ ਕਿ ਬਜਟ ਦੀਆਂ ਕਾਪੀਆਂ ਸਾੜਨ ਉਪਰੰਤ ਅਧਿਆਪਕਾਂ ਵੱਲੋਂ ਰੋਸ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਰਾਜਵੰਤ ਕੌਰ, ਡੀਟੀਐੱਫ ਦੇ ਬਲਾਕ ਆਗੂ ਰਾਕੇਸ਼ ਕੁਮਾਰ, ਮਨਜਿੰਦਰ ਸਿੰਘ ਹਾਜ਼ਰ ਸਨ।