ਖੇਡਾਂ, ਪ੍ਰੀਖਿਆਵਾਂ, ਟਰੇਨਿੰਗਾਂ ਨਾਲੋ-ਨਾਲ ਕਰਵਾਉਣ ਤੋਂ ਅਧਿਆਪਕ ਔਖੇ
ਡੈਮੋਕਰੈਟਿਕ ਟੀਚਰਜ਼ ਫਰੰਟ (ਡੀ ਟੀ ਐੱਫ) ਨੇ ਸਿੱਖਿਆ ਵਿਭਾਗ ਵੱਲੋਂ ਬਗੈਰ ਕੋਈ ਵਿਦਿਅਕ ਕੈਲੰਡਰ ਬਣਾਏ ਅਧਿਆਪਕਾਂ ਨੂੰ ਇੱਕੋ ਸਮੇਂ ਵੱਖ-ਵੱਖ ਕੰਮਾਂ ਵਿੱਚ ਉਲਝਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਨ੍ਹਾਂ ਦਿਨਾਂ ਵਿੱਚ ਸੂਬੇ ਦੇ ਸਕੂਲਾਂ ਵਿੱਚ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਜੋ ਕਿ ਅਗਲੇ ਹਫ਼ਤੇ ਤੱਕ ਚਲਣਗੀਆਂ ਅਤੇ ਸੋਮਵਾਰ ਤੋਂ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਸ਼ੁਰੂ ਹੋ ਰਹੀਆਂ ਹਨ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮੋਲਕ ਡੇਲੂਆਣਾ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ ਜਿਨ੍ਹਾਂ ਦਿਨਾਂ ਵਿੱਚ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਕਰਵਾਉਣ ਦੇ ਹੁਕਮ ਦਿੱਤੇ ਸਨ, ਹੁਣ ਉਨ੍ਹਾਂ ਦਿਨਾਂ ਵਿੱਚ ਹੀ ਸਕੂਲਾਂ ਵਿੱਚ ਨਵੀਆਂ ਬਣੀਆਂ ਸਕੂਲ ਮੈਨੇਜਮੈਂਟ ਕਮੇਟੀਆਂ (ਐੱਸ ਐੱਮ ਸੀ) ਦੀਆਂ ਟ੍ਰੇਨਿੰਗਾਂ ਕਰਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਸਤੰਬਰ ਪ੍ਰੀਖਿਆਵਾਂ ਦੇ ਨਾਲ ਹੀ ਚੋਣ ਕਮਿਸ਼ਨ ਵਲੋਂ ਪਹਿਲਾਂ ਹੀ ਸੂਬੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ ਆਈ ਆਰ) ਤਹਿਤ ਅਧਿਆਪਕ ਬੀ ਐੱਲ ਓ ਵਜੋਂ ਡਿਊਟੀਆਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਇਸ ਉਲਝਣ ਵਿੱਚ ਹਨ ਕਿ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਲੈ ਕੇ ਜਾਣ, ਐੱਸ ਐੱਮ ਸੀ ਦੀਆਂ ਟਰੇਨਿੰਗਾਂ ਵਿੱਚ ਭਾਗ ਲੈਣ ਜਾਂ ਬੀ ਐੱਲ ਓ ਡਿਊਟੀ ਕਰਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇੱਕੋ ਸਮੇਂ ਇੱਕ ਹੀ ਕੰਮ ਕਰਵਾਇਆ ਜਾਵੇ।