ਮਾਨਸਾ: ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਅਤੇ ਨਾਨ-ਟੀਚਿੰਗ ਅਮਲੇ ਦੀਆਂ ਤਨਖ਼ਾਹਾਂ ਤਿੰਨ ਮਹੀਨਿਆਂ ਤੋਂ ਜਾਰੀ ਨਾ ਹੋਣ ਕਾਰਨ ਮੁਲਾਜ਼ਮਾਂ ’ਚ ਰੋਸ ਪਾਇਆ ਜਾ ਰਿਹਾ ਹੈ। ਡੀਟੀਐੱਫ ਦੇ ਸਕੱਤਰ ਅਮੋਲਕ ਡੇਲੂਆਣਾ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਵੱਡੀ ਗਿਣਤੀ ’ਚ ਪ੍ਰਾਇਮਰੀ ਅਧਿਆਪਕ ਅਤੇ ਕਈ ਹਾਈ ਅਤੇ ਸੈਕੰਡਰੀ ਸਕੂਲਾਂ ਦੇ ਅਧਿਆਪਕ ਲਗਾਤਾਰ ਤਿੰਨ ਮਹੀਨਿਆਂ ਤੋਂ ਬਿਨਾਂ ਤਨਖ਼ਾਹ ਡੰਗ ਟਪਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਧਿਕਾਰੀਆਂ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਵਾਰ-ਵਾਰ ਮੰਗ ਪੱਤਰ ਦੇਣ ਅਤੇ ਡੈਪੂਟੇਸ਼ਨ ਮਿਲਣ ਦੇ ਬਾਵਜੂਦ ਸਰਕਾਰ ਅਤੇ ਅਧਿਕਾਰੀਆਂ ਵੱਲੋਂ ਤਨਖ਼ਾਹਾਂ ਦਾ ਬਜਟ ਜਾਰੀ ਕਰਨ ਸਬੰਧੀ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ। ਆਗੂ ਨੇ ਕਿਹਾ ਕਿ ਵਿੱਤੀ ਵਰ੍ਹੇ ਦਾ ਆਖ਼ਰੀ ਮਹੀਨਾ ਹੋਣ ਅਧਿਆਪਕਾਂ ਨੂੰ ਇਨਕਮ ਟੈਕਸ ਫਾਰਮ ਭਰਨ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਤਨਖ਼ਾਹਾਂ ਦਾ ਬਜਟ ਜਲਦੀ ਜਾਰੀ ਕਰ ਕੇ ਅਧਿਆਪਕਾਂ ਨੂੰ ਤਨਖ਼ਾਹਾਂ ਦਿੱਤੀਆਂ ਜਾਣ। -ਪੱਤਰ ਪ੍ਰੇਰਕ