ਅਧਿਆਪਕਾਂ ਵੱਲੋਂ ਬਕਾਏ ਲਈ ਡੀਸੀ ਦਫ਼ਤਰ ਅੱਗੇ ਮੁਜ਼ਾਹਰਾ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਇਕਾਈ ਮਾਨਸਾ ਵੱਲੋਂ 5178 ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦੌਰਾਨ ਪੂਰੀ ਤਨਖਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ ’ਚ ਹੋ ਰਹੀ ਦੇਰੀ ਦੇ ਰੋਸ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਦਾਖ਼ਲ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਬਾਅਦ ਵਿੱਚ ਡੀਸੀ ਕੁਲਵੰਤ ਸਿੰਘ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਰੋਸ ਪੱਤਰ ਭੇਜੇ ਗਏ।
ਜ਼ਿਲ੍ਹਾ ਪ੍ਰਧਾਨ ਅਮੋਲਕ ਡੇਲੂਆਣਾ ਨੇ ਦੱਸਿਆ ਕਿ ਡਾਇਰੈਕਟਰ ਸਕੂਲ ਸਿੱਖਿਆ (ਸੈ:) ਵੱਲੋਂ ਮਿਤੀ 26 ਫਰਵਰੀ, 2025 ਨੂੰ ਹੁਕਮ ਜਾਰੀ ਕਰਦੇ ਹੋਏ ਸਮੂਹ 5178 ਅਧਿਆਪਕਾਂ ਨੂੰ ਪਰਖ ਕਾਲ ਦੌਰਾਨ ਪੂਰੀ ਤਨਖਾਹ ਸਕੇਲ ਅਨੁਸਾਰ ਬਣਦੇ ਬਕਾਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦਰਮਿਆਨ ਸਿੱਖਿਆ ਸਕੱਤਰ (ਸਕੂਲਾਂ) ਅਤੇ ਕੈਬਨਿਟ ਸਬ-ਕਮੇਟੀ ਨਾਲ ਹੋਈਆਂ ਮੀਟਿੰਗਾਂ ਵਿੱਚ ਇੱਕ ਕਾਡਰ ਤੇ ਇੱਕੋ ਜਿਹਾ ਤਨਖਾਹ ਸਕੇਲ ਲਾਗੂ ਹੋਣ ਦੇ ਤੈਅ ਸੂਦਾ ਨਿਯਮ ਤਹਿਤ ਮਸਲਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਇਸ ਸਬੰਧੀ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ ਅਧਿਆਪਕਾਂ ’ਚ ਰੋਸ ਹੈ। ਉਨ੍ਹਾਂ ਕਿਹਾ ਕਿ ਜੇਕਰ ਉਕਤ ਮੰਗਾਂ ਦਾ ਤੁਰੰਤ ਹੱਲ ਨਾ ਹੋਇਆ ਤਾਂ ਜਥੇਬੰਦੀ ਸੂਬਾਈ ਫੈਸਲਾ ਕਰਕੇ ਤਿੱਖਾ ਸੰਘਰਸ਼ ਕਰੇਗੀ। ਇਸ ਮੌਕੇ ਪਰਮਿੰਦਰ ਸਿੰਘ, ਜਸਵੀਰ ਸਿੰਘ, ਗੁਰਦਾਸ ਸਿੰਘ, ਦਿਲਬਾਗ ਸਿੰਘ, ਇਕਬਾਲ ਸਿੰਘ, ਪ੍ਰੇਮ ਸਿੰਘ, ਗੁਰਪ੍ਰੀਤ ਸਿੰਘ, ਕਾਲਾ ਸਿੰਘ, ਗੁਰਜੀਤ ਸਿੰਘ, ਮਨਮੋਹਣ ਸਿੰਘ, ਬਲਜਿੰਦਰ ਸ਼ਰਮਾ, ਮਨਮਿੰਦਰ ਕੌਰ, ਬੇਅੰਤ ਕੌਰ, ਗੁਰਪ੍ਰੀਤ ਕੌਰ ਤੇ ਗੁਰਵਿੰਦਰ ਸਿੰਘ ਨੇ ਸੰਬੋਧਨ ਕੀਤਾ।