ਪਰਸ਼ੋਤਮ ਬੱਲੀ
ਬਰਨਾਲਾ , 5 ਸਤੰਬਰ
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ‘ਤੇ ਅਧਿਆਪਕਾਂ ਨੇ ਅੱਜ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਬਲਾਕਾਂ/ ਸਕੂਲਾਂ ਵਿੱਚ ਕਾਲੇ ਬਿੱਲੇ ਲਗਾ ਕੇ ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ। ਇਸ ਦੌਰਾਨ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਵੱਖ ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨਾਂ ਦੀ ਅਗਵਾਈ ਜ਼ਿਲ੍ਹਾ ਕਨਵੀਨਰ ਨਰਿੰਦਰ, ਪਰਮਿੰਦਰ ਸਿੰਘ ਰੁਪਾਲ, ਹਰਿੰਦਰ ਮੱਲ੍ਹੀਆਂ, ਬਲਦੇਵ ਸਿੰਘ ਧੌਲਾ ਤੇ ਜਸਵੀਰ ਸਿੰਘ ਬੀਹਲਾ ਨੇ ਕੀਤੀ। ਬੁਲਾਰਿਆਂ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਲਾ ਕੇ ਹੋਂਦ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀਆਂ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਨਾਲ ਪਿਛਲੀਆਂ ਸਾਰੀਆਂ ਸਰਕਾਰਾਂ ਨੂੰ ਮਾਤ ਪਾ ਦਿੱਤੀ ਹੈ। ਅਧਿਆਪਕਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਹੋਇਆ, ਸਗੋਂ ਅਧਿਆਪਕ ਵਿਰੋਧੀ ਨਵੇਂ ਫੁਰਮਾਨ ਜਾਰੀ ਹੋ ਰਹੇ ਹਨ। ਉਨ੍ਹਾਂ ਸਰਕਾਰ ’ਤੇ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਮਰਜ ਕਰਨ, ਸੈਕੰਡਰੀ ਵਿਭਾਗ ਦੀਆਂ ਬਦਲੀਆਂ ਦੀ ਸੂਚੀ ਮੋਰਚੇ ਦੇ ਸੁਝਾਵਾਂ ਅਨੁਸਾਰ ਜਾਰੀ ਕਰਵਾਉਣ ਤੇ ਪੁਰਾਣੀਆਂ ਬਦਲੀਆਂ ਨੂੰ ਲਾਗੂ ਕਰਾਉਣ ਆਦਿ ਮੰਗਾਂ ਦਾ ਜ਼ਿਕਰ ਕੀਤਾ। ਉਨ੍ਹਾਂ ਮੰਗਾਂ ਹੱਲ ਨਾ ਹੋਣ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ।
ਨੌਕਰੀਓਂ ਕੱਢੇ ਅਧਿਆਪਕਾਂ ਨੇ ਥਾਲੀਆਂ ਖੜਕਾ ਕੇ ਪ੍ਰਗਟਾਇਆ ਰੋਸ
ਬਰਨਾਲਾ (ਖੇਤਰੀ ਪ੍ਰਤੀਨਿਧ): ਨਿੱਜੀ ਭਾਈਵਾਲੀ ਅਧੀਨ ਚੱਲ ਰਹੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕਾਲੇਕੇ ਦੇ ਜਬਰੀ ਫ਼ਾਰਗ ਕੀਤੇ ਅਧਿਆਪਕਾਂ ਨੇ ਅੱਜ ਇੱਥੇ ਸਕੂਲ ਮੈਨੇਜਮੈਂਟ ਤੇ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ਼ ਰੋਸ ਮਾਰਚ ਕੀਤਾ ਤੇ ਮਗਰੋਂ ਡੀਸੀ ਦਫ਼ਤਰ ਪੁੱਜ ਕੇ ਧਰਨਾ ਦਿੱਤਾ ਤੇ ਥਾਲੀਆਂ ਖੜਕਾਈਆਂ। ਇਸ ਮੌਕੇ ਸੰਬੋਧਨ ਕਰਦਿਆਂ ਅਧਿਆਪਕ ਆਗੂ ਗੁਰਦੀਪ ਸਿੰਘ ਨੇ ਕਿਹਾ ਕਿ ਉਕਤ ਸਕੂਲ ਦੇ ਨਿੱਜੀ ਭਾਈਵਾਲ ਵੱਲੋਂ ਹੱਕੀ ਆਵਾਜ਼ ਬੁਲੰਦ ਕਰਨ ਤੋਂ ਖਫ਼ਾ ਹੋ ਕੇ ਬਦਲੇ ਦੀ ਭਾਵਨਾ ਕਾਰਨ ਇਨ੍ਹਾਂ ਅਧਿਆਪਕਾਂ ਵਿਰੁੱਧ ਕਾਰਵਾਈ ਕੀਤੀ ਹੈ। ਅਨੁਰਾਗ ਸ਼ਰਮਾ ਤੇ ਮਲਕੀਤ ਸਿੰਘ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਸਕੂਲ ਦੇ ਗੇਟ ਨੇੜੇ ਸ਼ਾਂਤਮਈ ਧਰਨਾ ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਜਾਰੀ ਹੈ। ਭਗਤ ਸਿੰਘ ਛੰਨਾ ਤੇ ਕ੍ਰਿਸ਼ਨ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ’ਚ ਮਸਲੇ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ
ਮਾਨਸਾ (ਪੱਤਰ ਪ੍ਰੇਰਕ): ਤਿੰਨ ਅਧਿਆਪਕ ਜਥੇਬੰਦੀਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ, ਈਟੀਟੀ ਟੈੱਟ ਪਾਸ ਅਧਿਆਪਕ ਐਸੋ. 6505 (ਜੈਸਿੰਘ ਵਾਲਾ) ਅਤੇ ਓਡੀਐੱਲ ਅਧਿਆਪਕ ਯੂਨੀਅਨ ਦੇ ਸਾਂਝੇ ਸੱਦੇ ’ਤੇ ਮਾਨਸਾ ਜ਼ਿਲ੍ਹੇ ਦੇ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਰਾਹੀਂ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਓ.ਡੀ.ਐੱਲ. ਅਧਿਆਪਕਾਂ (3442,7654,5178 ਵਿਭਾਗੀ ਭਰਤੀਆਂ) ਦੇ ਪੈਂਡਿੰਗ ਰੈਗੂਲਰ ਆਰਡਰ ਜਾਰੀ ਕੀਤੇ ਜਾਣ, 180 ਈ.ਟੀ.ਟੀ. ਅਧਿਆਪਕਾਂ ’ਤੇ ਜਬਰੀ ਥੋਪਿਆ ਨਵਾਂ ਤਨਖ਼ਾਹ ਸਕੇਲ ਰੱਦ ਕੀਤਾ ਜਾਵੇ। ਈ.ਟੀ.ਟੀ. ਦੀ 4500 ਭਰਤੀ ਦੇ ਸਾਰੇ ਲਾਭ ਬਹਾਲ ਕੀਤੇ ਜਾਣ। ਡੀਟੀਐੱਫ਼ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਤੋਂ ਇਲਾਵਾ ਅਸ਼ਵਨੀ ਖੁਡਾਲ, ਮੁਕੇਸ਼ ਕੁਮਾਰ, ਹਰਬੰਸ ਗਰਗ, ਅਜੈਬ ਸਿੰਘ, ਧਰਮਿੰਦਰ ਹੀਰੇਵਾਲਾ, ਜਸਵੀਰ ਭੰਮੇ ਨੇ ਇਸ ਮੌਕੇ ਸੰਬੋਧਨ ਕੀਤਾ।