ਬਦਲੀਆਂ ਤੇ ਤਰੱਕੀਆਂ ’ਚ ਦੇਰ ਕਾਰਨ ਅਧਿਆਪਕ ਪ੍ਰੇਸ਼ਾਨ
ਸਿੱਖਿਆ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 6 ਜੂਨ ਤੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਆਨ-ਲਾਈਨ ਅਰਜ਼ੀਆਂ ਮੰਗੀਆਂ ਗਈਆਂ ਸਨ ਪ੍ਰੰਤੂ ਅਗਸਤ ਮਹੀਨਾ ਲੰਘਣਾ ਵਾਲਾ ਹੈ ਅਤੇ ਇਸ ਮਸਲੇ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਅਤੇ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਦੱਸਿਆ ਕਿ ਲਗਪਗ ਢਾਈ ਮਹੀਨੇ ਬੀਤ ਜਾਣ ਦੇ ਬਾਵਜੂਦ ਬਦਲੀਆਂ ਦਾ ਕੰਮ ਕਿਸੇ ਤਣ ਪੱਤਣ ਨਹੀਂ ਲੱਗਿਆ। ਇਸ ਨੀਤੀ ਕਾਰਨ ਅਧਿਆਪਕ ਵਰਗ ਨਿਰਾਸ਼ ਹੈ। ਆਪਣੇ ਪਿੱਤਰੀ ਜ਼ਿਲ੍ਹਿਆਂ ਤੋਂ ਦੂਰ ਬੈਠੇ ਅਧਿਆਪਕ ਵਿਸ਼ੇਸ਼ ਤੌਰ ’ਤੇ ਔਰਤਾਂ ਬਦਲੀਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੀਆਂ ਹਨ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸੇਤੀਆ ਮੀਤ ਪ੍ਰਧਾਨ ਪਰਮਿੰਦਰ ਖੋਖਰ ਅਤੇ ਜ਼ਿਲ੍ਹਾ ਵਿੱਤ ਸਕੱਤਰ ਨੀਰਜ ਬਜਾਜ ਨੇ ਦੋਸ਼ ਲਾਇਆ ਕਿ ਵਿਭਾਗ ਵੱਲੋਂ ਨਾ ਤਾਂ ਹਾਲੇ ਤੱਕ ਮਾਸਟਰ ਕਾਡਰ ਤੋਂ ਪਦ ਲੈਕਚਰਾਰ ਵਜੋਂ ਪਦ ਉਨਤ ਹੋਏ ਅਧਿਆਪਕਾਂ ਨੂੰ ਹਾਲੇ ਤੱਕ ਸਟੇਸ਼ਨ ਚੋਣ ਨਹੀਂ ਦਿੱਤੀ ਗਈ। ਇਸੇ ਤਰ੍ਹਾਂ ਪ੍ਰਾਇਮਰੀ ਅਧਿਆਪਕਾਂ ਦੀ ਤਰੱਕੀ ਦੇ ਕੇਸ ਵੀ ਹਾਲੇ ਤੱਕ ਲਮਕ ਰਹੇ ਹਨ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਬੇਲੋੜੀ ਦੇਰੀ ਨੂੰ ਬੰਦ ਕਰਕੇ ਅਧਿਆਪਕਾਂ ਦੀਆਂ ਬਦਲੀਆਂ ਅਤੇ ਤਰੱਕੀਆਂ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।