ਮਨੋਜ ਸ਼ਰਮਾ
ਬਠਿੰਡਾ, 4 ਫਰਵਰੀ
ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਵੱਲੋਂ ਦਿੱਤੇ ਸੂਬਾਈ ਸੱਦੇ ਤਹਿਤ ਜ਼ਿਲ੍ਹਾ ਬਠਿੰਡਾ ਦੇ ਸਕੂਲਾਂ ਵਿੱਚ ਆਨਲਾਈਨ ਪੜ੍ਹਾਈ ਦੀ ਥਾਂ ਹਕੀਕੀ ਸਿੱਖਿਆ ਦੇਣ ਲਈ ਵਿਦਿਆਰਥੀਆਂ ਨੂੰ ਬੁਲਾ ਕੇ ਸਕੂਲ ਖੋਲ੍ਹਣ ਦੀ ਹਮਾਇਤ ਵਿੱਚ ਅਧਿਆਪਕਾਂ ਨੇ ਸੰਕਲਪ ਲਿਆ ਹੈ। ਇਸੇ ਦੌਰਾਨ ਅੱਜ ਵਿੱਦਿਅਕ ਤਾਲਾਬੰਦੀ ਦੇ ਸਰਕਾਰੀ ਫੈਸਲੇ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਮੰਗ ਨੂੰ ਲੈ ਕੇ 7 ਫ਼ਰਵਰੀ ਨੂੰ 32 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਐਲਾਨੇ ਗਏ ਦੋ ਘੰਟਿਆਂ ਦੇ ਚੱਕਾ ਜਾਮ ਵਿੱਚ ਅਧਿਆਪਕਾਂ ਨੇ ਵੀ ਭਰਵਾਂ ਹਿੱਸਾ ਲੈਣ ਦਾ ਐਲਾਨ ਕੀਤਾ ਹੈ।
ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਤੇ ਜਨਰਲ ਸਕੱਤਰ ਰਾਜੇਸ਼ ਮੋਂਗਾ ਨੇ ਦੱਸਿਆ ਕਿ ਲੰਬਾ ਸਮਾਂ ਸਕੂਲ-ਕਾਲਜ ਬੰਦ ਰਹਿਣ ਕਾਰਨ ਵਿਦਿਅਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪਿਆ ਹੈ। ਵੱਡੀ ਗਿਣਤੀ ਵਿੱਚ ਬੱਚੇ ਡਰਾਪ ਆਊਟ ਹੋ ਗਏ ਹਨ। ਸਰਕਾਰ ਨੇ ਬਾਜ਼ਾਰ, ਵੱਡੇ ਮਾਲ ਆਦਿ ਖੋਲ੍ਹੇ ਹੋਏ ਹਨ ਅਤੇ ਚੋਣ ਪ੍ਰੋਗਰਾਮਾਂ ਵਿੱਚ ਵੀ ਵੱਡੇ ਇਕੱਠ ਦੀ ਇਜਾਜ਼ਤ ਹੈ ਪਰ ਵਿੱਦਿਅਕ ਸੰਸਥਾਵਾਂ ਬੰਦ ਹਨ। ਅਧਿਆਪਕਾਂ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਲਈ ਫੌਰੀ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣੇ ਚਾਹੀਦੇ ਹਨ।
ਮਹਿਲ ਕਲਾਂ (ਨਵਕਿਰਨ ਸਿੰਘ): ਅੱਜ ਨੇੜਲੇ ਪਿੰਡ ਮੂੰਮ ਵਿੱਚ ਅਧਿਆਪਕਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਗੇ ਸਰਕਾਰ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਵਿੱਤ ਸਕੱਤਰ ਬਲਜਿੰਦਰ ਪ੍ਰਭੂ ਨੇ ਕਿਹਾ ਕਿ ਕਰੋਨਾਵਾਇਰਸ ਦੀ ਆੜ ਹੇਠ ਸਕੂਲ ਬੰਦ ਕਰਕੇ ਸਰਕਾਰ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਕਰ ਰਹੀ ਹੈ। ਇਸ ਸਮੇਂ ਅਧਿਆਪਕ ਕਰਮਜੀਤ ਸਿੰਘ, ਪ੍ਰਦੀਪ ਕੌਰ, ਜਸਪ੍ਰੀਤ ਸਿੰਘ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਇਕਾਈ ਪ੍ਰਧਾਨ ਕੁਲਵਿੰਦਰ ਸਿੰਘ ਹਾਜ਼ਰ ਸਨ।
ਫਾਜ਼ਿਲਕਾ (ਪਰਮਜੀਤ ਸਿੰਘ): ਜ਼ਿਲ੍ਹਾ ਫਾਜ਼ਿਲਕਾ ਵਿੱਚ ਸਕੂਲ ਖੋਲ੍ਹਣ ਦੀ ਹਮਾਇਤ ਵਿੱਚ ਅਧਿਆਪਕਾਂ ਨੇ ਸੰਕਲਪ ਲਿਆ ਅਤੇ ਵਿੱਦਿਅਕ ਤਾਲਾਬੰਦੀ ਦੇ ਸਰਕਾਰੀ ਫੈਸਲੇ ਦੀਆਂ ਕਾਪੀਆਂ ਸਾੜ ਕੇ ਰੋਸ ਜਾਹਿਰ ਕੀਤਾ। ਇਸੇ ਮੰਗ ਨੂੰ ਲੈ ਕੇ 7 ਫ਼ਰਵਰੀ ਨੂੰ 32 ਕਿਸਾਨ ਜਥੇਬੰਦੀਆਂ ਦੇ ਫਰੰਟ ਵੱਲੋਂ ਪੰਜਾਬ ਭਰ ਵਿੱਚ ਐਲਾਨੇ ਦੋ ਘੰਟੇ ਦੇ ਚੱਕਾ ਜਾਮ ਦਾ ਅਧਿਆਪਕਾਂ ਨੇ ਵੀ ਹਿੱਸਾ ਬਣਨ ਦਾ ਐਲਾਨ ਕੀਤਾ ਹੈ। ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਕੌੜਿਆਂ ਵਾਲੀ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਵਿੱਚ ਲੰਬਾ ਸਮਾਂ ਵਿਦਿਆਰਥੀਆਂ ਲਈ ਸਕੂਲ-ਕਾਲਜ ਬੰਦ ਰਹਿਣ ਕਾਰਨ ਪੇਂਡੂ ਖੇਤਰਾਂ ਅਤੇ ਸਾਧਨਹੀਣ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪਿਆ ਹੈ। ਡੀਟੀਐੱਫ ਆਗੂਆਂ ਕੁਲਜੀਤ ਅਤੇ ਸੁਰਿੰਦਰ ਬਿੱਲਾ ਨੇ ਕਿਹਾ ਕਿ ਵਿੱਦਿਅਕ ਤਾਲਾਬੰਦੀ ਦੇ ਫ਼ੈਸਲੇ ਪਿੱਛੇ ਆਨਲਾਈਨ ਸਿੱਖਿਆ ਅਤੇ ਇੰਟਰਨੈੱਟ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਵੱਲੋਂ ਆਰਥਿਕ ਮੰਦੀ ਦੇ ਦੌਰ ਵਿੱਚ ਵੱਡੇ ਮੁਨਾਫੇ ਕਮਾਉਣ ਦੀ ਸਿਆਸਤ ਵੀ ਹੈ।
ਸਿੱਖਿਆ ਅਦਾਰੇ ਖੁੱਲ੍ਹਵਾਉਣ ਲਈ ਕਿਸਾਨਾਂ ਵੱਲੋਂ ਮਾਰਚ
ਜੈਤੋ (ਸ਼ਗਨ ਕਟਾਰੀਆ): ਕਰੋਨਾ ਕਾਰਨ ਬੰਦ ਸਿੱਖਿਆ ਅਦਾਰੇ ਖੁੱਲ੍ਹਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਰੋੜੀਕਪੂਰਾ ਵੱਲੋਂ ਪਿੰਡ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਮਾਰਚ ਵਿੱਚ ਨੌਜਵਾਨ ਭਾਰਤ ਸਭਾ ਦੇ ਗੁਰਪ੍ਰੀਤ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਰਵਿੰਦਰ ਸਿੰਘ ਸੇਵੇਵਾਲਾ ਵੀ ਆਪਣੇ ਸਾਥੀਆਂ ਸਮੇਤ ਹਾਜ਼ਰ ਹੋਏ। ਇਸ ਮੌਕੇ ਪਿੰਡ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਹੱਥਾਂ ਵਿੱਚ ਤਖਤੀਆਂ ਫੜ ਕੇ ਕਰੋਨਾ ਦੀ ਆੜ ਹੇਠ ਬੰਦ ਕੀਤੇ ਸਿਖਿਆ ਅਦਾਰੇ ਖੋਲ੍ਹੇ ਜਾਣ ਦੀ ਮੰਗ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਹ ਰੋਸ ਮਾਰਚ ਪਿੰਡ ਦੀ ਸੱਥ ਤੋਂ ਸ਼ੂਰੂ ਹੋ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਲ ਸਮਾਪਤ ਹੋਇਆ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਸਰਕਾਰੀ ਅਤੇ ਨਿੱਜੀ ਸਕੂਲ ਅਧਿਆਪਕਾਂ ਵੱਲੋਂ ਸਕੂਲ ਖੋਲ੍ਹਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧ ਵਿੱਚ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਵੱਲੋਂ ਮੁਕਤਸਰ ਦੇ ਡੀਸੀ ਦਫਤਰ ਮੂਹਰੇ ਮੁਜ਼ਾਹਰਾ ਕਰਦਿਆਂ ਕਿਹਾ ਕਿ ਬਾਜ਼ਾਰ, ਸਿਨੇਮਾ, ਸ਼ਾਪਿੰਗ ਮਾਲ ਖੁੱਲ੍ਹੇ ਹਨ ਤੇ ਚੋਣ ਜਲਸੇ ਹੋ ਰਹੇ ਹਨ। ਇਸ ਦੌਰਾਨ ਸਕੂਲ ਬੰਦ ਕਰਨ ਦਾ ਕੋਈ ਕਾਰਨ ਨਹੀਂ ਬਣਦਾ। ਇਸੇ ਦੌਰਾਨ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰੈਸ ਸਕੱਤਰ ਪਵਨ ਕੁਮਾਰ ਨੇ ਕਿਹਾ ਕਿ ਸਕੂਲਾਂ ਨੂੰ ਲੰਬੇ ਸਮੇਂ ਲਈ ਬੰਦ ਰੱਖਣ ਨਾਲ ਵਿਦਿਆਰਥੀਆਂ ਦੇ ਮਾਨਸਿਕ ਤੇ ਬੌਧਿਕ ਪੱਧਰ ’ਤੇ ਮਾੜਾ ਅਸਰ ਪਏਗਾ। ਉਨ੍ਹਾਂ ਨੇ ਸਕੂਲ ਖੋਲ੍ਹਣ ਦੀ ਮੰਗ ਕੀਤੀ।