‘ਆਪ’ ਦੱਸੇ ਕਿ ਢਾਈ ਸਾਲਾਂ ਵਿੱਚ ਪੰਜਾਬ ਲਈ ਕੀ ਕੀਤਾ: ਹਰਸਿਮਰਤ
ਮਨੋਜ ਸ਼ਰਮਾ ਬਠਿੰਡਾ, 12 ਮਈ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬੀਆਂ ਨੂੰ ਦੱਸੇ ਕਿ ਬੀਤੇ ਅਰਸੇ ਵਿੱਚ ਇੱਕ ਵੀ ਵਿਕਾਸ ਕਾਰਜ ਕਿਉਂ ਨਹੀਂ ਆਰੰਭਿਆ ਗਿਆ? ਉਨ੍ਹਾਂ...
ਮਨੋਜ ਸ਼ਰਮਾ
ਬਠਿੰਡਾ, 12 ਮਈ
ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬੀਆਂ ਨੂੰ ਦੱਸੇ ਕਿ ਬੀਤੇ ਅਰਸੇ ਵਿੱਚ ਇੱਕ ਵੀ ਵਿਕਾਸ ਕਾਰਜ ਕਿਉਂ ਨਹੀਂ ਆਰੰਭਿਆ ਗਿਆ? ਉਨ੍ਹਾਂ ਚੋਣ ਮੀਟਿੰਗਾਂ ਦੌਰਾਨ ਔਰਤਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਨੇ ਸਕੂਲ ਸਿੱਖਿਆ ਤੇ ਮੈਡੀਕਲ ਖੇਤਰ ਵਿੱਚ ਕ੍ਰਾਂਤੀ ਦਾ ਵਾਅਦਾ ਕੀਤਾ ਸੀ, ਪਰ ਇਸ ਮੁਹਾਜ਼ ’ਤੇ ਹਾਲੇ ਤੱਕ ਕੁਝ ਵੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 16 ਮੈਡੀਕਲ ਕਾਲਜ ਖੋਲ੍ਹਣ ਦਾ ਵਾਅਦਾ ਕੀਤਾ ਸੀ, ਪਰ ਇਹ ਇੱਕ ਵੀ ਮੈਡੀਕਲ ਕਾਲਜ ਨਹੀਂ ਖੋਲ੍ਹ ਸਕੀ। ਉਨ੍ਹਾਂ ਕਿਹਾ ਪੇਂਡੂ ਡਿਸਪੈਂਸਰੀਆਂ ਵਿੱਚੋਂ ਸਟਾਫ਼ ਆਮ ਆਦਮੀ ਕਲੀਨਿਕਾਂ ਵਿੱਚ ਸ਼ਿਫਟ ਕਰਨ ਨਾਲ ਪੇਂਡੂ ਡਿਸਪੈਂਸਰੀਆਂ ਤਬਾਹ ਹੋ ਗਈਆਂ ਹਨ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਤੇ ‘ਆਪ’ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹੀ ਸਭ ਤੋਂ ਪਹਿਲਾਂ ਦਿੱਲੀ ਸ਼ਰਾਬ ਘੁਟਾਲੇ ਦੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਕਿਹਾ ਕਿ ਜਦੋਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਕਾਂਗਰਸ ਹੀ ਉਨ੍ਹਾਂ ਦੇ ਸਮਰਥਨ ਵਿੱਚ ਡਟ ਗਈ ਤੇ ਧਰਨੇ ਦੇਣ ਲੱਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਪੰਜਾਬ ਵਿੱਚ ਵੀ ਦਿੱਲੀ ਦੀ ਤਰਜ਼ ’ਤੇ ਹੋਏ ਸੈਂਕੜੇ ਕਰੋੜ ਰੁਪਏ ਦੇ ਕਥਿਤ ਘੁਟਾਲੇ ਨੂੰ ਸੰਸਦ ’ਚ ਚੁੱਕਿਆ ਸੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਾਅਦਾ ਕੀਤਾ ਸੀ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ, ਪਰ ਅੱਠ ਮਹੀਨੇ ਬੀਤਣ ਮਗਰੋਂ ਵੀ ਮਾਮਲੇ ’ਚ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਸਪੱਸ਼ਟ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚਮੜੀ ਬਚਾਉਣ ਵਾਸਤੇ ਭਾਜਪਾ ਸਰਕਾਰ ਨਾਲ ਸਮਝੌਤਾ ਕਰ ਲਿਆ ਹੈ ਅਤੇ ਹੁਣ ਕੇਂਦਰ ਦੀ ਕਠਪੁਤਲੀ ਬਣੇ ਹੋਏ ਹਨ।
‘ਮੁੱਖ ਮੰਤਰੀ ਭਗਵੰਤ ਮਾਨ ਗੈਰ-ਹਾਜ਼ਰ ਮੁੱਖ ਮੰਤਰੀ’
ਮੁੱਖ ਮੰਤਰੀ ਭਗਵੰਤ ਮਾਨ ਨੂੰ ਗੈਰ-ਹਾਜ਼ਰ ਮੁੱਖ ਮੰਤਰੀ ਕਰਾਰ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਉਨ੍ਹਾਂ ਆਪਣੇ ਕਾਰਜਕਾਲ ਦਾ ਬਹੁਤ ਸਮਾਂ ਅਰਵਿੰਦ ਕੇਜਰੀਵਾਲ ਦੀ ਸੇਵਾ ਵਿੱਚ ਗੁਜ਼ਾਰਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਦੀ ਫੰਡਾਂ ਦੀ ਦੁਰਵਰਤੋਂ ਦੇਸ਼ ਭਰ ਵਿੱਚ ਅਰਵਿੰਦ ਕੇਜਰੀਵਾਲ ਦੀ ਪ੍ਰਚਾਰ ਮੁਹਿੰਮ ’ਤੇ ਖਰਚਣ ਵਾਸਤੇ ਕੀਤੀ ਹੈ। ਹਜ਼ਾਰਾਂ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ਅਤੇ ਪਬਲੀਸਿਟੀ ਸਟੰਟ ’ਤੇ ਬਰਬਾਦ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਢਾਈ ਸਾਲਾਂ ਵਿੱਚ ਹੀ ‘ਆਪ’ ਸਰਕਾਰ ਨੇ ਇੱਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਤੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਵਾਸਤੇ ਹਾਲੇ ਵੀ ਕਰਜ਼ਾ ਲੈ ਰਹੀ ਹੈ।