ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਬਰਨਾਲਾ, 2 ਮਾਰਚ
ਡਿਪਟੀ ਕਮਿਸ਼ਨਰ ਬਰਨਾਲਾ ਕੁਮਾਰ ਸੌਰਭ ਰਾਜ ਨੇ ਯੂਕਰੇਨ ਵਿੱਚ ਫਸੇ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਰਕਾਰ ਨਾਲ ਲਗਾਤਾਰ ਰਾਬਤੇ ਵਿੱਚ ਹੈ ਤਾਂ ਜੋ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ 20 ਦੇ ਕਰੀਬ ਵਿਦਿਆਰਥੀਆਂ ਨੂੰ ਉਥੋਂ ਸੁਰੱਖਿਅਤ ਭਾਰਤ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਮਕਸਦ ਨਾਲ ਮਾਪਿਆਂ ਤੋਂ ਲਗਾਤਾਰ ਬੱਚਿਆਂ ਦੀ ਲੋਕੇਸ਼ਨ ਬਾਰੇ ਜਾਣਕਾਰੀ ਲਈ ਜਾ ਰਹੀ ਹੈ ਤੇ ਮਾਪਿਆਂ ਦਾ ਵਟਸਐਪ ਗਰੁੱਪ ਬਣਾਇਆ ਗਿਆ ਹੈ।
ਮਾਨਸਾ (ਪੱਤਰ ਪ੍ਰੇਰਕ): ਸੀਪੀਆਈ (ਐੱਮਐੱਲ) ਲਬਿਰੇਸ਼ਨ ਨੇ ਯੂਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਘਰ ਵਾਪਸੀ ਲਈ ਮਾਨਸਾ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਉਹ ਭਾਰਤ ਸਰਕਾਰ ਰਾਹੀਂ ਇਨ੍ਹਾਂ ਬੱਚਿਆਂ ਨੂੰ ਵਾਪਸ ਲਿਆਉਣ ਲਈ ਬਕਾਇਦਾ ਤਾਲਮੇਲ ਕਰ ਕੇ ਉਪਰਾਲਾ ਕਰਨ। ਲਬਿਰੇਸ਼ਨ ਦੇ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਮਾਨਸਾ ਜ਼ਿਲ੍ਹੇ ਉਨ੍ਹਾਂ ਬੱਚਿਆਂ ਦੇ ਮਾਪੇ ਵੀ ਮਿਲੇ, ਜਿਨ੍ਹਾਂ ਦੇ ਬੱਚੇ ਯੂਕਰੇਨ ਵਿੱਚ ਜੰਗ ਕਾਰਨ ਫਸੇ ਹੋਏ ਹਨ।
ਬਠਿੰਡਾ ਜ਼ਿਲ੍ਹੇ ਦੇ 12 ਵਿਦਿਆਰਥੀ ਘਰ ਪਰਤੇ: ਡੀਸੀ
ਬਠਿੰਡਾ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਯੁੂਕਰੇਨ ਵਿੱਚ ਫਸੇ ਹੋਏ ਜ਼ਿਲ੍ਹੇ ਦੇ ਵਿਦਿਆਰਥੀਆਂ ਸਮੇਤ ਹੋਰ ਨਾਗਰਿਕਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਸ਼ਾਸਨ ਵੱਲੋਂ ਜਾਰੀ ਹੈਲਪਲਾਈਨ ਨੰਬਰ ਅਤੇ ਈ-ਮੇਲ ਆਈਡੀ ਉਤੇ ਹੁਣ ਤੱਕ 18 ਵਿਦਿਆਰਥੀਆਂ ਬਾਰੇ ਸੂਚਨਾ ਪ੍ਰਾਪਤ ਹੋਈ ਹੈ ਜਿਨ੍ਹਾਂ ਵਿਚੋਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਸਦਕਾ 12 ਵਿਦਿਆਰਥੀ ਬਠਿੰਡਾ ਪਰਤ ਆਏ ਹਨ ਜਦਕਿ ਬਾਕੀ ਰਹਿੰਦੇ 6 ਵਿਦਿਆਰਥੀਆਂ ਵਿਚੋਂ 2 ਵਿਦਿਆਰਥੀ ਸਹੀ ਸਲਾਮਤ ਯੁੂਕਰੇਨ ਤੋਂ ਰੋਮਾਨੀਆ ਪਹੁੰਚ ਗਏ ਹਨ। ਇਸ ਤੋਂ ਇਲਾਵਾ ਸਬ ਡਿਵੀਜ਼ਨ ਰਾਮਪੁਰਾ ਫੂਲ ਨਾਲ ਸਬੰਧਤ 4 ਵਿਦਿਆਰਥੀ ਹਾਲੇ ਯੁੂਕਰੇਨ ਵਿਚ ਹੀ ਹਨ ਜਿਨ੍ਹਾਂ ਨੂੰ ਵਾਪਸ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।