ਪੱਤਰ ਪ੍ਰੇਰਕ
ਅਬੋਹਰ, 8 ਅਪਰੈਲ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਲਿਤਾਂ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ’ਤੇ ਇੱਥੇ ਅੱਜ ਅਬੋਹਰ ਵਿੱਚ ਅਕਾਲੀ ਦਲ ਵੱਲੋਂ ਘੰਟਾਘਰ ਦੇ ਸਾਹਮਣੇ ਸਥਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਚੌਕ ਵਿੱਚ ਸੁਨੀਲ ਜਾਖੜ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੁਨੀਲ ਜਾਖੜ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮਗਰੋਂ ਐੱਸਡੀਐਮ ਨੂੰ ਮੰਗ ਪੱਤਰ ਦੇ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਡਾ. ਮਹਿੰਦਰ ਰਿਣਵਾ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਸਾਡੇ ਸੰਵਿਧਾਨ ਦੀ ਸਿਰਜਣਾ ਕਰਕੇ ਸਾਰੇ ਨਾਗਰਿਕਾਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਪਰ ਜਾਖੜ ਵਰਗੇ ਆਗੂ ਸਮਾਜ ਵਿੱਚ ਊਚ-ਨੀਚ ਦਾ ਵਿਤਕਰਾ ਫੈਲਾ ਕੇ ਲੋਕਾਂ ਨੂੰ ਆਪਸ ਵਿੱਚ ਲੜਾ ਰਹੇ ਹਨ। ਇਸੇ ਤਰ੍ਹਾਂ ਦਲਿਤ ਆਗੂ ਤੇ ਸਾਬਕਾ ਕੌਂਸਲਰ ਮਹਿੰਦਰ ਚੰਦੋਲੀਆ ਨੇ ਵੀ ਜਾਖੜ ਦੇ ਬਿਆਨ ਦੀ ਨਿਖੇਧੀ ਕੀਤੀ। ਇਸ ਤੋਂ ਬਾਅਦ ਸਾਰਿਆਂ ਨੇ ਸੁਨੀਲ ਜਾਖੜ ਦਾ ਪੁਤਲਾ ਫੂਕਿਆ ਅਤੇ ਜਾਖੜ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ।