ਪੱਤਰ ਪ੍ਰੇਰਕ
ਗੁਰੂਹਰਸਹਾਏ, 30 ਅਕਤੂਬਰ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੰਜੇ ਕੇ ਉਤਾੜ ਵਿਖੇ ਸਾਲਾਨਾ ਸਮਾਰੋਹ ਜਸ਼ਨ ਏ ਕਾਮਯਾਬੀ ਮਨਾਇਆ ਗਿਆ । ਇਸ ਪ੍ਰੋਗਰਾਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਾਲਾਨਾ ਸਮਾਰੋਹ ਸਕੂਲ ਪ੍ਰਿੰਸੀਪਲ ਪ੍ਰੇਮ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ) ਚਮਕੌਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਸਕੂਲ ਸਟਾਫ ਨੂੰ ਵੀ ਇਸ ਸਮਾਗਮ ਦੇ ਆਯੋਜਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਵੱਡੇ ਵੱਡੇ ਪ੍ਰਾਈਵੇਟ ਸਕੂਲਾਂ ਨਾਲੋਂ ਕਿਸੇ ਪੱਖੋਂ ਵੀ ਘੱਟ ਨਹੀਂ ਹਨ ਅਤੇ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਵਧੀਆ ਸੁਵਿਧਾਵਾਂ ਵਿਦਿਆਰਥੀਆਂ ਨੂੰ ਪ੍ਰਾਪਤ ਕਰਵਾਈਆਂ ਜਾ ਰਹੀਆਂ ਹਨ। ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਕਲਾਵਾਂ ਗਿੱਧਾ, ਭੰਗੜਾ ਅਤੇ ਹੋਰ ਸੱਭਿਆਚਾਰਕ ਕਲਾਵਾਂ ਦਾ ਪ੍ਰਦਰਸ਼ਨ ਕੀਤਾ ਗਿਆ।
ਆਦਰਸ਼ ਸਕੂਲ ਕੋਟਭਾਈ ਵਿੱਚ ਸਾਲਾਨਾ ਖੇਡ ਮੁਕਾਬਲੇ
ਗਿੱਦੜਬਾਹਾ (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਚਲਾਏ ਜਾ ਰਹੇ ਆਦਰਸ਼ ਸਕੂਲ ਕੋਟਭਾਈ ਵਿਖੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦੀ ਅਗਵਾਈ ਹੇਠ ਸਾਲਾਨਾ ਖੇਡ ਦਿਵਸ ਕਰਵਾਇਆ ਗਿਆ ਜਿਸ ਵਿੱਚ ਕੇ ਜੀ ਤੋਂ ਲੈ ਕੇ 8ਵੀਂ ਤੱਕ ਦੇ ਬੱਚਿਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ। ਇਸ ਖੇਡ ਦਿਵਸ ਵਿਚ ਇੰਟਰਨੈਸ਼ਨਲ ਇਨਰਵਹੀਲ ਕਲੱਬ ਗਿੱਦੜਬਾਹਾ ਦੇ ਮੌਜੂਦਾ ਪ੍ਰਧਾਨ ਸੋਨੀਆ ਸਿੰਗਲਾ ਅਤੇ ਸੈਕਟਰੀ ਸੁਮਨ ਕਾਂਸਲ ਵੱਲੋਂ ਵਿਸ਼ੇਸ਼ ਸ਼ਿਰਕਤ ਕੀਤੀ ਗਈ। ਸਕੂਲ ਦੀ ਐਨ ਸੀ ਸੀ ਬੈਂਡ ਟੀਮ ਦੀ ਅਗਵਾਈ ਹੇਠ ਵੱਖ-ਵੱਖ ਹਾਊਸ ਦੇ ਵਿਦਿਆਰਥੀਆਂ ਵੱਲੋਂ ਪਰੇਡ ਕੱਢੀ ਗਈ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰਿੰਸੀਪਲ ਨੇ ਕਲੱਬ ਵੱਲੋਂ ਪਿਛਲੇ ਸਮੇਂ ਦੌਰਾਨ ਸਕੂਲ ਨੂੰ ਦਾਨ ਕੀਤੇ ਵਾਟਰ ਕੂਲਰ, ਸੈਨੇਟਰੀ ਵੈਂਡਿੰਗ ਮਸ਼ੀਨ ਲਈ ਧੰਨਵਾਦ ਕੀਤਾ। ਉਪਰੰਤ ਸਮੂਹ ਸਕੂਲ ਸਟਾਫ ਵੱਲੋਂ ਆਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਪਹਿਨਾ ਕੇ ਸਨਮਾਨਤ ਕੀਤਾ ਗਿਆ ਅਤੇ ਮਨਦੀਪ ਕੌਰ ਵੱਲੋਂ ਇਸ ਪ੍ਰੋਗਰਾਮ ਵਿਚ ਪਹੁੰਚਣ ਲਈ ਐਸ ਐਮ ਸੀ ਕਮੇਟੀ ਚੇਅਰਮੈਨ ਗੁਰਵਿੰਦਰ ਸਿੰਘ ਅਤੇ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਸਟੇਜ ਸੰਚਾਲਨ ਕਮਲਪ੍ਰੀਤ ਅਤੇ ਮੀਨਾ ਅਰੋੜਾ ਵੱਲੋਂ ਕੀਤਾ ਗਿਆ।