ਕਰਨ ਭੀਖੀ
ਭੀਖੀ, 15 ਅਪਰੈਲ
ਬਲਾਕ ਦੇ ਪਿੰਡ ਕਿਸ਼ਨਗੜ੍ਹ ਫਰਵਾਹੀ, ਖੀਵਾ ਕਲਾਂ, ਖੀਵਾ ਖੁਰਦ ਅਤੇ ਮੱਤੀ ਵਿੱਚ ਸੰਬੋਧਨ ਕਰਦਿਆਂ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੌਜੂਦਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਪੰਜਾਬ ਵਿੱਚ ਸੁਚੱਜੇ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਭ੍ਰਿਸ਼ਟਾਚਾਰ ਅਜੇ ਵੀ ਜਾਰੀ ਹੈ ਪਰ ਭ੍ਰਿਸ਼ਟ ਲੋਕਾਂ ਵਿੱਚ ਸਰਕਾਰ ਦਾ ਸਹਿਮ ਹੈ ਤੇ ਆਉਣ ਵਾਲੇ ਸਮੇਂ ਹੋਰ ਵੀ ਬਿਹਤਰੀਨ ਢੰਗ ਨਾਲ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਅਤੇ ਤਿੰਨ ਵਾਰ ਲੋਕ ਸਭਾ ਹਲਕਾ ਮੈਂਬਰ ਰਹੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਦੁਬਾਰਾ ਉਮੀਦਵਾਰ ਐਲਾਨ ਕਰਨ ਤੋਂ ਸੁਖਬੀਰ ਸਿੰਘ ਬਾਦਲ ਕੰਨੀਂ ਕਤਰਾ ਰਹੇ ਹਨ, ਜਿਸਦਾ ਕਾਰਨ ਹੈ ਕਿ ਉਨ੍ਹਾਂ ਨੇ ਹਮੇਸ਼ਾ ਆਪਣੇ ਪਰਿਵਾਰ ਤੇ ਰਿਸ਼ਤੇਦਾਰਾਂ ਬਾਰੇ ਹੀ ਸੋਚਿਆ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਕੋਈ ਉਮੀਦਵਾਰ ਨਹੀਂ ਲੱਭ ਰਿਹਾ। ਸ੍ਰੀ ਖੁੱਡੀਆਂ ਨੇ ਲੋਕਾਂ ਤੋਂ ਆਪਣੇ ਹੱਕ ’ਚ ਵੋਟਾਂ ਪਾਉਣ ਲਈ ਅਪੀਲ ਕੀਤੀ। ਇਸ ਸਮੇਂ 2364 ਈਟੀਟੀ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਵਫ਼ਦ ਵੱਲੋਂ ਉਨ੍ਹਾਂ ਦੀ ਲਟਕ ਰਹੀ ਭਰਤੀ ਬਾਰੇ ਸ੍ਰੀ ਖੁੱਡੀਆਂ ਨਾਲ ਗੱਲਬਾਤ ਕੀਤੀ ਗਈ ਜਿਸ ’ਤੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਸਾਰੇ ਮਸਲੇ ਹੱਲ ਕੀਤੇ ਜਾਣਗੇ। ਇਸ ਮੌਕੇ ਵਿਧਾਇਕ ਵਿਜੇ ਸਿੰਗਲਾ, ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਆਪ ਆਗੂ ਗੁਰਪ੍ਰੀਤ ਸਿੰਘ ਭੁੱਚਰ ਤੇ ਬਲਾਕ ਪ੍ਰਧਾਨ ਸਿਕੰਦਰ ਸਿੰਘ ਚਹਿਲ ਆਦਿ ਹਾਜ਼ਰ ਸਨ।