ਮੁੰਡੀਆਂ ਨੇ Bathinda ਤੇ ਗੋਇਲ ਨੇ Barnala’ਚ ਕੌਮੀ ਝੰਡਾ ਲਹਿਰਾਇਆ
ਝਾਕੀਆਂ ਖਿੱਚ ਦਾ ਕੇਂਦਰ ਰਹੀਆਂ; ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ
ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਸ਼ਾਨੋ-ਸ਼ੌਕਤ ਨਾਲ ਕਰਾਇਆ ਗਿਆ, ਜਿਸ ਵਿੱਚ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੇ ਸਮੁੱਚੇ ਭਲਾਈ ਤੇ ਵਿਕਾਸ ਕਾਰਜਾਂ ਵੇਰਵਾ ਤਫ਼ਸੀਲ ਨਾਲ ਪੇਸ਼ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ, ਸੰਘਰਸ਼ੀ ਯੋਧਿਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟ੍ਰਾਈਸਾਈਕਲਾਂ, ਵ੍ਹੀਲ ਚੇਅਰਾਂ ਤੇ ਮਸ਼ੀਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਝਾਕੀਆਂ ਖਿੱਚ ਦਾ ਕੇਂਦਰ ਰਹੀਆਂ। ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੀ ਟੀ ਸ਼ੋਅ, ਕੋਰੀਓਗ੍ਰਾਫੀਆਂ, ਗਿੱਧਾ, ਭੰਗੜਾ ਤੇ ਰਾਸ਼ਟਰ ਗਾਣ ਪੇਸ਼ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਦੀ ਪਤਨੀ ਸੀਮਾ ਗੋਇਲ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ ਵੀ ਮੌਜੂਦ ਸਨ।
ਬਠਿੰਡਾ (ਮਨੋਜ ਸ਼ਰਮਾ): ਬਠਿੰਡਾ ਦੇ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿੱਚ 80ਵਾਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਤਿਰੰਗਾ ਲਹਿਰਾਇਆ ਅਤੇ ਸ਼ਾਨਦਾਰ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਮੁੰਡੀਆਂ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਨੇ ਮੋਹਰੀ ਹੋ ਕੇ ਸਭ ਤੋਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ, ਜੰਗੀ ਵਿਧਵਾਵਾਂ, ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਸ਼ਖ਼ਸੀਅਤਾਂ ਅਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜਾ ਪੇਸ਼ ਕਰ ਕੇ ਸ਼ਾਨਦਾਰ ਸੱਭਿਆਚਾਰਕ ਰੰਗ ਬੰਨ੍ਹਿਆ ਗਿਆ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਮਾਸਟਰ ਜਗਸੀਰ ਸਿੰਘ, ਵਿਧਾਇਕ ਅਮਿਤ ਰਤਨ ਕੋਟਫੱਤਾ ਆਦਿ ਹਾਜ਼ਰ ਸਨ। ਇਸੇ ਤਰ੍ਹਾਂ ਬਠਿੰਡਾ ਦੀਆਂ ਪ੍ਰਮੁੱਖ ਵਿਦਿਅਕ ਸੰਸਥਾਵਾਂ ਵਿੱਚ ਆਜ਼ਾਦੀ ਦਿਵਸ ਮਨਾਇਆ ਗਿਆ। ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ ਆਰ ਐੱਸ ਪੀ ਟੀ ਯੂ) ਵਿੱਚ ਉਪ ਕੁਲਪਤੀ ਪ੍ਰੋ. (ਡਾ.) ਸੰਜੀਵ ਕੁਮਾਰ ਸ਼ਰਮਾ ਨੇ ਕੌਮੀ ਝੰਡਾ ਲਹਿਰਾਇਆ। ਦੂਜੇ ਪਾਸੇ, ਪੰਜਾਬ ਕੇਂਦਰੀ ਯੂਨੀਵਰਸਿਟੀ (ਸੀ ਯੂ ਪੰਜਾਬ) ਵਿੱਚ ਕਾਰਜਕਾਰੀ ਉਪ ਕੁਲਪਤੀ ਪ੍ਰੋ. ਰਾਮਕ੍ਰਿਸ਼ਨ ਵੁਸਿਰਿਕਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਇਸ ਮਗਰੋਂ ਪਰੇਡ ਦਾ ਨਿਰੀਖਣ ਕੀਤਾ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਮਨਾਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕਰਦਿਆਂ ਸ਼ਹੀਦਾਂ ਨੂੰ ਵੀ ਯਾਦ ਕੀਤਾ। ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਅਤੇ ਯੋਗ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ।
ਸਿਰਸਾ (ਪ੍ਰਭੂ ਦਿਆਲ): ਇਥੋਂ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਨੂੰ ਸਲਾਮੀ ਦਿੱਤੀ। ਇਸ ਤੋਂ ਪਹਿਲਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਮਿੰਨੀ ਸਕੱਤਰੇਤ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਧਰਮਕੋਟ (ਮੋਗਾ) (ਹਰਦੀਪ ਸਿੰਘ): ਦਾਣਾ ਮੰਡੀ ਮੋਗਾ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਤਿਰੰਗਾ ਲਹਿਰਾਇਆ। ਉਨ੍ਹਾਂ ਪੁਲੀਸ ਅਤੇ ਐੱਨ ਸੀ ਸੀ ਦੀਆਂ ਟੁਕੜੀਆਂ ਵੱਲੋਂ ਪੇਸ਼ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਸਮਾਗਮ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੀ ਮੌਜੂਦ ਸਨ।
ਫਾਜ਼ਿਲਕਾ (ਪਰਮਜੀਤ ਸਿੰਘ): ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਬੜੇ ਉਤਸ਼ਾਹ ਅਤੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਇਆ।
ਮਾਨਸਾ (ਜੋਗਿੰਦਰ ਸਿੰਘ ਮਾਨ): ਆਜ਼ਾਦੀ ਦਿਹਾੜੇ ਮੌਕੇ ਇੱਥੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਤਿਰੰਗਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਦੌਰਾਨ ਸਿਹਤ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਪ੍ਰਸਿੱਧ ਸਰਜਨ ਡਾ. ਤੇਜਿੰਦਰਪਾਲ ਸਿੰਘ ਰੇਖੀ ਨੂੰ ਡੀ ਸੀ ਨਵਜੋਤ ਕੌਰ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਤਰਨਜੋਤ ਵੈਲਫੇਅਰ ਸੁਸਾਇਟੀ ਬੱਲ੍ਹੋ ਨੂੰ ‘ਸਟੇਟ ਐਵਾਰਡ’
ਰਾਮਪੁਰਾ ਫੂਲ (ਰਮਨਦੀਪ ਸਿੰਘ): ਸਮਾਜ ਭਲਾਈ ਅਤੇ ਨਿਵੇਕਲੇ ਵਿਕਾਸ ਕਾਰਜਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਪ੍ਰਸਿੱਧ ਸੰਸਥਾ ‘ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ’ ਨੂੰ ਆਜ਼ਾਦੀ ਦਿਵਸ ਦੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਕਾਰੀ ‘ਸਟੇਟ ਐਵਾਰਡ’ ਨਾਲ ਸਨਮਾਨਿਤ ਕੀਤਾ ਹੈ। ਇਹ ਪਿੰਡ ਬੱਲ੍ਹੋ ਲਈ ਮਾਣ ਵਾਲੀ ਗੱਲ ਹੈ ਕਿ ਬਹੁ-ਪੱਖੀ ਵਿਕਾਸ ਕਾਰਜਾਂ ਅਤੇ ਮਿਆਰੀ ਸਮਾਜ ਸੇਵਾ ਬਦਲੇ ਬੀਤੇ ਚਾਰ ਸਾਲਾਂ ਦੇ ਅਰਸੇ ਦੌਰਾਨ ਪਿੰਡ ਨੂੰ ਚੌਥਾ ਸਟੇਟ ਐਵਾਰਡ ਪ੍ਰਾਪਤ ਕਰਨ ਦਾ ਇਤਿਹਾਸਕ ਮਾਣ ਹਾਸਲ ਹੋਇਆ ਹੈ। ਸਟੇਟ ਐਵਾਰਡ ਪ੍ਰਾਪਤ ਕਰਨ ਉਪਰੰਤ ਪਿੰਡ ਪਹੁੰਚਣ ’ਤੇ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਮਾਨ (ਟੋਫੀ) ਦਾ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਲੱਡੂ ਵੰਡੇ ਗਏ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਟੋਫੀ ਅਤੇ ਬੁਲਾਰੇ ਭੁਪਿੰਦਰ ਸਿੰਘ ਜਟਾਣਾ, ਸੁਸਾਇਟੀ ਸਰਪ੍ਰਸਤ ਅਤੇ ਉੱਘੇ ਕਾਰੋਬਾਰੀ ਗੁਰਮੀਤ ਸਿੰਘ ਮਾਨ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਸੁਸਾਇਟੀ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਗੁੱਗੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ‘ਸ਼ਹੀਦ ਭਗਤ ਸਿੰਘ ਵਾਤਾਵਰਨ ਐਵਾਰਡ’, ਵਧੀਆ ਕਾਰਜਗੁਜ਼ਾਰੀ ਲਈ ਗ੍ਰਾਮ ਸੇਵਕ ਪਰਮਜੀਤ ਸਿੰਘ ਭੁੱਲਰ ਨੂੰ ਸਟੇਟ ਐਵਾਰਡ, ਪੰਚਾਇਤ ਪ੍ਰਗਤੀ ਸੂਚਕਾਂਕ ਦਰਜਾਬੰਦੀ ਵਿੱਚ ਪੰਜਾਬ ’ਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਸਰਪੰਚ ਅਮਰਜੀਤ ਕੌਰ ਨੂੰ ਸਟੇਟ ਐਵਾਰਡ ਅਤੇ ਹੁਣ ਨਿਵੇਕਲੇ ਸਮਾਜ ਭਲਾਈ ਕਾਰਜਾਂ ਲਈ ਤਰਨਜੋਤ ਵੈੱਲਫੇਅਰ ਸੁਸਾਇਟੀ ਨੂੰ ਸਟੇਟ ਐਵਾਰਡ ਮਿਲਿਆ ਹੈ।
ਸਰਪੰਚ ਵੱਲੋਂ ਸਨਮਾਨ ਲੈਣ ਤੋਂ ਨਾਂਹ
ਡੱਬਵਾਲੀ (ਇਕਬਾਲ ਸ਼ਾਂਤ): ਪੰਜੋਖਰਾ ਸਾਹਿਬ ਵਿੱਚ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਲੱਗਣ ਦੇ ਮਾਮਲੇ ਵਿੱਚ ਪਿੰਡ ਮੱਟਦਾਦੂ ਦੀ ਮਹਿਲਾ ਸਰਪੰਚ ਗਗਨਰਣਦੀਪ ਕੌਰ ਮੱਟਦਾਦੂ ਨੇ ਆਜ਼ਾਦੀ ਦਿਹਾੜੇ ਦੇ ਸਬ-ਡਿਵੀਜ਼ਨ ਪੱਧਰੀ ਸਮਾਗਮ ਦੌਰਾਨ ਪ੍ਰਸ਼ਾਸਨ ਵੱਲੋਂ ਦਿੱਤਾ ਜਾਣ ਵਾਲਾ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ। ਸਰਪੰਚ ਨੂੰ ਧੀਆਂ ਦੀ ਸਿੱਖਿਆ ਅਤੇ ਸੁਰੱਖਿਅਤ ਆਵਾਜਾਈ ਸਹੂਲਤ ਦੇਣ ਵਰਗੇ ਸ਼ਲਾਘਾਯੋਗ ਕਾਰਜਾਂ ਲਈ ਸਨਮਾਨਿਤ ਕੀਤਾ ਜਾਣਾ ਸੀ। ਰਣਦੀਪ ਸਿੰਘ ਮੱਟਦਾਦੂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਨੇ ਨਿਰਦੋਸ਼ ਸਿੱਖ ਨੌਜਵਾਨਾਂ ’ਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਹੈ। ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਣ ਕਾਰਨ ਉਨ੍ਹਾਂ ਦੀ ਅੰਤਰ ਆਤਮਾ ਨੇ ਸਰਕਾਰੀ ਸਟੇਜ ਤੋਂ ਸਨਮਾਨ ਪ੍ਰਾਪਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਇਸ ਦੌਰਾਨ ਡੱਬਵਾਲੀ ਵਿੱਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਉਪ ਮੰਡਲ ਪੱਧਰੀ ਸਮਾਗਮ ਦੌਰਾਨ ਹਰਿਆਣਾ ਕਿਰਤ ਕਲਿਆਣ ਬੋਰਡ ਦੇ ਚੇਅਰਮੈਨ ਰੋਹਤਾਸ਼ ਜਾਂਗੜਾ ਨੇ ਮੁੱਖ ਮਹਿਮਾਨ ਵਜੋਂ ਕੌਮੀ ਝੰਡਾ ਲਹਿਰਾਇਆ।

