ਖੇਤਰੀ ਪ੍ਰਤੀਨਿਧ
ਬਰਨਾਲਾ, 6 ਸਤੰਬਰ
ਪਾਣੀ ਦੇ ਦਿਨੋਂ-ਦਿਨ ਡੂੰਘੇ ਹੁੰਦੇ ਜਾ ਰਹੇ ਪੱਧਰ ਨੂੰ ਉਪਰ ਚੁੱਕਣ ਲਈ ਜ਼ਿਲ੍ਹਾ ਬਰਨਾਲਾ ’ਚ ਜਲ ਸ਼ਕਤੀ ਅਭਿਆਨ ਤਹਿਤ ਮੀਂਹ ਦੇ ਪਾਣੀ ਦੀ ਸੰਭਾਲ ਲਈ ਮੁਹਿੰਮ ਜ਼ੋਰਾਂ ’ਤੇ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਕੂਲਾਂ ਵਿੱਚ ਰੂਫ ਟੌਪ ਰੇਨਵਾਟਰ ਰੀਚਾਰਜ ਪਿਟਸ ਦਾ ਪ੍ਰਾਜੈਕਟ ਚੱਲ ਰਿਹਾ ਹੈ ਤਾਂ ਜੋ ਛੱਤ ਵਾਲਾ ਮੀਂਹ ਦਾ ਪਾਣੀ ਧਰਤੀ ਹੇਠਾਂ ਰੀਚਾਰਜ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲ੍ਹੇ ਦੇ 56 ਸਰਕਾਰੀ ਪ੍ਰਾਇਮਰੀ ਸਕੂਲਾਂ ’ਚ, 50 ਸੀਨੀਅਰ ਸੈਕੰਡਰੀ ਸਕੂਲਾਂ ’ਚ ਤੇ 31 ਪ੍ਰਾਈਵੇਟ ਸਕੂਲਾਂ ’ਚ ਭਾਵ ਕੁੱਲ 137 ਸਕੂਲਾਂ ’ਚ ਇਸ ਪ੍ਰਾਜੈਕਟ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਦੋਂ 26 ਪ੍ਰਾਇਮਰੀ ਸਕੂਲਾਂ, 10 ਸੀਨੀਅਰ ਸੈਕੰਡਰੀ ਸਕੂਲਾਂ ਤੇ 22 ਪ੍ਰਾਈਵੇਟ ਸਕੂਲਾਂ (ਕੁੱਲ 58 ਸਕੂਲਾਂ) ’ਚ ਕੰਮ ਪ੍ਰਗਤੀ ਅਧੀਨ ਹੈ। ਉਨਾਂ ਦੱਸਿਆ ਕਿ ਕਰੀਬ 169 ਸਕੂਲਾਂ ਵਿਚ ਕੰਮ ਅਜੇ ਸ਼ੁਰੂ ਨਹੀਂ ਹੋਇਆ, ਜਿਸ ਨੂੰ ਪੜਾਅਵਾਰ ਜਲਦੀ ਹੀ ਸ਼ੁਰੂ ਕੀਤਾ ਜਾਵੇਗੀ। ਇਸ ਨਾਲ ਜ਼ਿਲੇ ਦੇ ਸਾਰੇ ਸਕੂਲਾਂ ਨੂੰ ਤਾਂ ਰੂਫ ਟੌਪ ਰੇਨਵਾਟਰ ਹਾਰਵੈਸਟਿੰਗ ਸਿਸਟਮ ਨਾਲ ਜੋੜਿਆ ਹੀ ਜਾਵੇਗਾ, ਬਲਕਿ ਪ੍ਰਾਈਵੇਟ ਸਕੂਲਾਂ ’ਚ ਵੀ ਕੰਮ ਚੱਲ ਰਿਹਾ ਹੈ ਅਤੇ ਰਹਿੰਦੇ ਪ੍ਰਾਈਵੇਟ ਸਕੂਲਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਜ਼ਿਲ੍ਹੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਲਿਆਂਦਾ ਜਾ ਸਕੇ।