ਪੱਤਰ ਪ੍ਰੇਰਕ
ਮਾਨਸਾ, 15 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਦਿੱਤੀ ਗਈ ਧਮਕੀ ਅਤੇ ਵਰਤੇ ਗਏ ਅਪਸ਼ਬਦਾਂ ਦਾ ਮਾਮਲਾ ਮਾਨਸਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਕੋਲ ਪੁੱਜ ਗਿਆ ਹੈ। ਨੌਜਵਾਨ ਅਕਾਲੀ ਆਗੂ ਨੇ ਹਰਸਿਮਰਤ ਕੌਰ ਬਾਦਲ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਕਈ ਕਥਿਤ ਇਤਰਾਜ਼ਯੋਗ ਸ਼ਬਦ ਵਰਤੇ ਸਨ। ਉਨ੍ਹਾਂ ਆਪਣੀ ਤਕਰੀਰ ਦੌਰਾਨ ਮੁੱਖ ਮੰਤਰੀ ਨੂੰ ਮਾਨਸਾ ਦੀਆਂ ਕੈਂਚੀਆਂ ’ਤੇ ਸਣੇ ਸੁਰੱਖਿਆ ਦੇ ‘ਟੱਕਰਨ’ ਦੀ ਧਮਕੀ ਦਿੱਤੀ ਸੀ।
ਸੋਸ਼ਲਿਸਟ ਪਾਰਟੀ ਇੰਡੀਆ ਦੇ ਕੌਮੀ ਜਨਰਲ ਸਕੱਤਰ ਹਰਿੰਦਰ ਸਿੰਘ ਮਾਨਸ਼ਾਹੀਆਂ ਨੇ ਮਾਨਸਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਨੂੰ ਦਿੱਤੀ ਦਰਖ਼ਾਸਤ ਵਿੱਚ ਕਿਹਾ ਹੈ ਕਿ ਮੁੱਖ ਮੰਤਰੀ ਦੇ ਅਹੁਦੇ ’ਤੇ ਬਿਰਾਜਮਾਨ ਭਗਵੰਤ ਮਾਨ ਨੂੰ ਅਜਿਹੀ ਧਮਕੀ ਸਿੱਧੇ ਤੌਰ ’ਤੇ ਗੈਂਗਵਾਰ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਅਨੁਸਾਰ ਕਿਸੇ ਵੀ ਸੰਵਿਧਾਨਕ ਅਹੁਦੇ ’ਤੇ ਚੁਣੇ ਹੋਏ ਮੁੱਖ ਮੰਤਰੀ ਨੂੰ ਅਪਸ਼ਬਦਾਂ ਨਾਲ ਸੰਬੋਧਨ ਕਰਨਾ ਕਾਨੂੰਨੀ ਅਪਰਾਧ ਹੈ।
ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਅਰਜ਼ੀ ਉਨ੍ਹਾਂ ਕੋਲ ਪੁੱਜੀ ਹੈ, ਉਹ ਪੜਤਾਲ ਕਰਵਾ ਰਹੇ ਹਨ।