ਪੱਤਰ ਪ੍ਰੇਰਕ
ਮੌੜ ਮੰਡੀ, 27 ਅਗਸਤ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਇਥੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਪੁਤਲੇ ਫੂਕੇ ਗਏ। ਇਸ ਮੌਕੇ ਬੁਲਾਰਿਆਂ ਨੇ ਦੋਸ਼ ਲਾਇਆ ਕਿ ਅਜਿਹਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਸੱਦਾ ਦੇ ਕੇ ਮੀਟਿੰਗ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਗਿਆ ਹੈ।
ਮੋਰਚੇ ਦੇ ਆਗੂ ਗੁਰਪ੍ਰੀਤ ਸਿੰਘ ਅਤੇ ਸੁਖਪਾਲ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਬਜਾਏ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲਗਾਤਾਰ ਲਿਖਤੀ ਭਰੋਸਾ ਦੇ ਕੇ ਲਗਾਤਾਰ ਮੀਟਿੰਗਾਂ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ 17 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੋਰਚੇ ਦੇ ਆਗੂਆਂ ਤੋਂ ਮੰਗ ਪੱਤਰ ਲੈਣ ਉਪਰੰਤ 23 ਅਗਸਤ ਨੂੰ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਸਰਕਾਰ ਵਾਰ ਵਾਰ ਮੀਟਿੰਗ ਕਰਨ ਤੋਂ ਟਾਲਾ ਵੱਟ ਰਹੀ ਹੈ। ਇਸ ਕਾਰਨ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਿੱਚ ਸਰਕਾਰ ਵਿਰੁੱਧ ਭਾਰੀ ਗੁੱਸਾ ਹੈ। ਉਨ੍ਹਾਂ ਕਿਹਾ ਕਿ ਕੱਚੇ ਕਰਮਚਾਰੀ ਪਿਛਲੇ ਲੰਬੇ ਅਰਸੇ ਤੋਂ ਨਿਗੂਣੀਆਂ ਤਨਖਾਹਾਂ ’ਤੇ ਠੇਕੇ ’ਤੇ ਕੰਮ ਕਰ ਰਹੇ ਹਨ ਤੇ ਪੱਕੇ ਹੋਣ ਲਈ ਸੰਘਰਸ਼ ਕਰ ਰਹੇ ਹਨ ਪਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ‘ਆਪ’ ਸਰਕਾਰ ਵੀ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਠੇਕਾ ਪ੍ਰਣਾਲੀ ਤਹਿਤ 18% ਜੀ.ਐੱਸ.ਟੀ.16 % ਠੇਕੇਦਾਰਾਂ ਦਾ ਹਿੱਸਾ ਅਤੇ 8 % ਤੱਕ ਸਰਵਿਸ ਟੈਕਸ ਦੇ ਰੂਪ ਵਿੱਚ ਕੁੱਲ ਲੱਗਪਗ 42% ਤੱਕ ਤਨਖ਼ਾਹ ਦੇ ਹਿੱਸੇ ਦੀ ਲੁੱਟ ਕਰਵਾ ਰਹੀ ਹੈ।
ਇਸ ਮੌਕੇ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਕੋਈ ਹਾਂ ਪੱਖੀ ਹੁੰਗਾਰਾ ਨਾ ਆਇਆ ਤਾਂ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਾ ਕਰਨ ਦੇ ਵਿਰੋਧ ਵਜੋਂ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ 7 ਸਤੰਬਰ ਤੋਂ 10 ਸਤੰਬਰ ਤੱਕ ਲਗਾਤਾਰ ਚਾਰ ਦਿਨ ਮੁੱਖ ਮੰਤਰੀ ਦੇ ਹਲਕੇ ਧੂਰੀ ਦੇ ਪਿੰਡਾਂ ਸ਼ਹਿਰਾਂ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ। 13 ਸਤੰਬਰ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਧੂਰੀ ਦੇ ਕੌਮੀ ਮਾਰਗ ’ਤੇ ਜਾਮ ਲਾਇਆ ਜਾਵੇਗਾ। ਹੋਰਨਾਂ ਤੋਂ ਇਲਾਵਾ ਸੁਖਮਿੰਦਰ ਸਿੰਘ, ਗੁਰਪ੍ਰੀਤ ਗੋਰਾ, ਗੁਰਸੇਵਕ ਸਿੰਘ ਆਦਿ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰ ਕੇ ਸਮੂਹ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।