ਪਵਨ ਗੋਇਲ
ਭੁੱਚੋ ਮੰਡੀ, 26 ਅਗਸਤ
ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਊਟ ਸੋਰਸ ਠੇਕਾ ਮੁਲਾਜ਼ਮਾਂ ਨੇ ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਲਿਖਤੀ ਭਰੋਸੇ ਦੇ ਬਾਵਜੂਦ ਮੀਟਿੰਗ ਨਾ ਕਰਨ ਦੇ ਵਿਰੋਧ ਵਿੱਚ ਅੱਧਾ ਘੰਟਾ ਬਠਿੰਡਾ-ਜ਼ੀਰਕਪੁਰ ਮਾਰਗ ’ਤੇ ਚੱਕਾ ਜਾਮ ਕੀਤਾ ਤੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀਆਂ ਅਰਥੀਆਂ ਫੂਕੀਆਂ।
ਇਸ ਮੌਕੇ ਜਗਸੀਰ ਸਿੰਘ ਭੰਗੂ, ਬਾਦਲ ਸਿੰਘ ਭੁੱਲਰ ਤੇ ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਆਊਟਸੋਰਸ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਦੇ ਮਾਮਲੇ ਵਿੱਚ ‘ਆਪ’ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ 17 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗ ਪੱਤਰ ਲੈਣ ਮੌਕੇ ਮੋਰਚੇ ਦੇ ਆਗੂਆਂ ਨੂੰ 23 ਅਗਸਤ ਨੂੰ ਪ੍ਰਸੋਨਲ ਵਿਭਾਗ ਦੇ ਅਧਿਕਾਰੀਆਂ ਸਣੇ ਪੈਨਲ ਮੀਟਿੰਗ ਕਰਨ ਦਾ ਲਿਖਤੀ ਭਰੋਸਾ ਦਿੱਤਾ ਸੀ। ਇਸ ਮੁਤਾਬਕ ਮੀਟਿੰਗ ਲਈ ਪਹੁੰਚੇ ਆਗੂਆਂ ਨੂੰ ਐਨ ਮੌਕੇ ’ਤੇ ਅਧਿਕਾਰੀਆਂ ਨੇ ਜ਼ਰੂਰੀ ਰੁਝੇਵਿਆਂ ਦਾ ਹਵਾਲਾ ਦੇ ਕੇ ਮੀਟਿੰਗ ਰੱਦ ਕਰ ਦਿੱਤੀ ਤੇ ਅਗਲਾ ਸਮਾਂ ਵੀ ਤੈਅ ਨਹੀਂ ਕੀਤਾ। ਪੰਜਾਬ ਦੀ ‘ਆਪ’ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਕੇ ਉਨ੍ਹਾਂ ਦੀ ਠੇਕਾ ਪ੍ਰਣਾਲੀ ਤਹਿਤ 18% ਜੀਐੱਸਟੀ, 16 % ਠੇਕੇਦਾਰਾਂ ਦਾ ਹਿੱਸਾ ਤੇ 8% ਤੱਕ ਸਰਵਿਸ਼ ਟੈਕਸ, ਕੁੱਲ ਲਗਪਗ 42% ਤੱਕ ਤਨਖ਼ਾਹ ਦੀ ਲੁੱਟ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ’ਚ ਰੈਗੂਲਰ ਨਾ ਕਰਨ ਦੇ ਵਿਰੋਧ ਵਜੋਂ ਸਮੂਹ ਵਿਭਾਗਾਂ ਦੇ ਆਊਟਸੋਰਸ ਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ 7 ਤੋਂ 10 ਸਤੰਬਰ ਤੱਕ ਚਾਰ ਦਿਨ ਮੁੱਖ ਮੰਤਰੀ ਦੇ ਹਲਕੇ ਧੂਰੀ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ ਤੇ 13 ਸਤੰਬਰ ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਧੂਰੀ ਵਿੱਚ ਨੈਸ਼ਨਲ ਹਾਈਵੇਅ ਨੂੰ ਲਗਾਤਾਰ ਜਾਮ ਰੱਖਿਆ ਜਾਵੇਗਾ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਜਲਦੀ ਤੋਂ ਜਲਦੀ ਰੈਗੂਲਰ ਕੀਤਾ ਜਾਵੇ।