ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਆਜ਼ਾਦ ਹੋਇਆ: ਸੰਧਵਾਂ
ਇੱਥੇ ਸੁਤੰਤਰਤਾ ਦਿਵਸ ਸਮਾਗਮ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਬੀਐੱਸਐੱਫ, ਪੰਜਾਬ ਪੁਲੀਸ, ਮਹਿਲਾ ਪੁਲੀਸ ਵਿੰਗ, ਪੰਜਾਬ ਹੋਮ ਗਾਰਡ, ਐੱਨਸੀਸੀ, ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਸ੍ਰੀ ਸੰਧਵਾਂ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ, ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ, ਸੰਘਰਸ਼ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਸਹੂਲਤਾਂ, ਖੇਡਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਆਮ ਲੋਕਾਂ ਸਣੇ ਰਾਜ ਦੇ ਹਰ ਵਰਗ ਦੀ ਉੱਨਤੀ ਤੇ ਵਿਕਾਸ ਲਈ ਵੱਡੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।
ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ, ਸੁਤੰਤਰਤਾ ਸੰਗਰਾਮੀਆਂ, ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ, ਖਿਡਾਰੀਆਂ, ਵਿਦਿਆਰਥੀਆਂ ਆਦਿ ਦਾ ਸਨਮਾਨ ਕੀਤਾ ਗਿਆ। ਵਿਦਿਆਰਥੀਆਂ ਨੇ ਗਿੱਧਾ ਤੇ ਭੰਗੜਾ ਪਾਇਆ। ਇਸ ਮੌਕੇ ਡੀਸੀ ਦੀਪਸਿਖ਼ਾ ਸ਼ਰਮਾ, ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ, ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਦਹੀਆ, ਵਿਧਾਇਕ ਨਰੇਸ਼ ਕਟਾਰੀਆ ਵਿਧਾਇਕ ਫੌਜਾ ਸਿੰਘ ਸਰਾਰੀ ਆਦਿ ਹਾਜ਼ਰ ਸਨ।
ਫ਼ਾਜ਼ਿਲਕਾ (ਪਰਮਜੀਤ ਸਿੰਘ): ਇੱਥੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ’ਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਕੁਰਬਾਨ ਹੋਏ ਆਜ਼ਾਦੀ ਘੁਲਾਟੀਆਂ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਦੀ ਰੱਖਿਆ ਦੌਰਾਨ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਨੂੰ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਫ਼ਨੇ ਸਾਕਾਰ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਇਸ ਮੌਕੇ ਉਨ੍ਹਾਂ ਨੇ ਪ੍ਰੇਡ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐੱਸਐੱਸਪੀ ਗੁਰਮੀਤ ਸਿੰਘ ਵੀ ਹਾਜ਼ਰ ਰਹੇ। ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਰੈੱਡ ਕ੍ਰਾਸ ਵੱਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਗਈ। ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਗਦੀਪ ਕੰਬੋਜ ਗੋਲਡੀ, ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਹਾਜ਼ਰ ਰਹੇ।
ਬਠਿੰਡਾ (ਮਨੋਜ ਸ਼ਰਮਾ/ਸ਼ਗਨ ਕਟਾਰੀਆ): ਆਜ਼ਾਦੀ ਦਿਹਾੜੇ ਮੌਕੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿੱਚ ਸੂਬਾ ਪੱਧਰੀ ਸਮਾਰੋਹ ਮੌਕੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਬਦੌਲਤ ਪ੍ਰਾਪਤ ਹੋਈ ਹੈ। ਮੰਤਰੀ ਗੋਇਲ ਨੇ ਇਸ ਮੌਕੇ ਜੰਗੀ ਵਿਧਵਾਵਾਂ, ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਅਤੇ ਹੋਰ ਵਿਸ਼ੇਸ਼ ਮਹਿਮਾਨਾਂ ਦਾ ਸਨਮਾਨ ਕੀਤਾ। ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲਾਂ ਵੰਡੀਆਂ ਜਦਕਿ ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਮਹੰਤ ਗੁਰਬੰਤਾ ਦਾਸ ਸਕੂਲ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ ਕੋਟਫੱਤਾ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐੱਸਐੱਸਪੀ ਅਮਨੀਤ ਕੌਂਡਲ ਵੀ ਹਾਜ਼ਰ ਰਹੇ।
ਮਾਨਸਾ (ਜੋਗਿੰਦਰ ਸਿੰਘ ਮਾਨ): ਮਾਨਸਾ ਵਿੱਚ ਜ਼ਿਲ੍ਹਾ ਪੱਧਰੀ 79ਵਾਂ ਸੁਤੰਤਰਤਾ ਦਿਵਸ ਸਮਾਗਮ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿੱਚ ਮਨਾਇਆ ਗਿਆ| ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਝੰਡਾ ਲਹਿਰਾਉਣ ਦੀ ਰਸਮ ਨਿਭਾਈ| ਮੰਤਰੀ ਭੁੱਲਰ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸ ਤੋਂ ਸਲਾਮੀ ਲੈਣ ਤੋਂ ਬਾਅਦ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਅਤੇ ਸੈਨਿਕਾਂ ਦੇ ਪਰਿਵਾਰਾਂ ਲਈ ਬੜੇ ਅਹਿਮ ਕਦਮ ਚੁੱਕੇ ਹਨ|
ਮੰਤਰੀ ਨੇ ਆਪਣੇ ਭਾਸ਼ਣ ਦੇ ਵਿੱਚ ਸ਼ਹੀਦਾਂ ਨੂੰ ਨਮਨ ਕੀਤਾ ਅਤੇ ਸ਼ਹੀਦਾਂ ਦੇ ਦੱਸੇ ਮਾਰਗ ਉੱਪਰ ਚਲਦਿਆਂ ਆਪਣੇ ਦੇਸ਼ ਨੂੰ ਪਿਆਰ ਕਰਨਾ ਤੇ ਦੇਸ਼ ਪ੍ਰਤੀ ਆਪਣਾ ਯੋਗਦਾਨ ਪਾਉਣ ਦੇ ਲਈ ਸਭ ਨੂੰ ਅਪੀਲ ਕੀਤੀ| ਇਸ ਮੌਕੇ ਤੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਸਮੇਤ ਜ਼ਿਲ੍ਹੇ ਦਾ ਨਾਂ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਪ੍ਰਮੁੱਖ ਹਸਤੀਆਂ ਦਾ ਸਨਮਾਨ ਕੀਤਾ ਗਿਆ| ਇਸ ਮੌਕੇ ਵਿਧਾਇਕ ਡਾ. ਵਿਜੇ ਸਿੰਗਲਾ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਡੀਸੀ ਕੁਲਵੰਤ ਸਿੰਘ, ਐੱਸਐੱਸਪੀ ਭਾਗੀਰਥ ਸਿੰਘ ਮੀਨਾ ਆਦਿ ਮੌਜੂਦ ਸਨ|
ਮੋਗਾ ’ਚ ਸਿੱਖਿਆ ਮੰਤਰੀ ਨੇ ਲਹਿਰਾਇਆ ਤਿਰੰਗਾ
ਮੋਗਾ (ਮਹਿੰਦਰ ਸਿੰਘ ਰੱਤੀਆਂ): ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਦਾਣਾ ਮੰਡੀ ਵਿੱਚ ਕਰਵਾਇਆ ਗਿਆ। ਇਸ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸ਼ਹੀਦ ਪਰਿਵਾਰਾਂ, ਆਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਅਤੇ ਦਿਵਿਆਂਗਜਨਾਂ ਨੂੰ ਮੁਫ਼ਤ ਟਰਾਈਸਾਈਕਲਾਂ ਅਤੇ ਵੀਲ੍ਹ ਚੇਅਰਾਂ ਦੀ ਵੀ ਵੰਡ ਕੀਤੀ ਗਈ। ਇਸ ਮੌਕੇ ਸ੍ਰੀ ਬੈਂਸ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਕਿਹਾ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਡੀਸੀ ਸਾਗਰ ਸੇਤੀਆ, ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਬਿਸ਼ਨ ਸਰੂਪ, ਐੱਸਐੱਸਪੀ ਅਜੇ ਗਾਂਧੀ, ਏਡੀਸੀ (ਜ) ਚਾਰੂਮਿਤਾ, ਏਡੀਸੀ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ, ਨਿਗਮ ਮੇਅਰ ਬਲਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਤੇ ਹੋਰ ਹਾਜ਼ਰ ਸਨ।