ਪਰਸ਼ੋਤਮ ਬੱਲੀ
ਬਰਨਾਲਾ, 7 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਬਰਨਾਲਾ ਵਿਖੇ ਸੂਬਾ ਪੱਧਰੀ ਸਮਾਗਮ ਕਰਕੇ ਮਨਾਉਣ ਦਾ ਫੈਸਲਾ ਕੀਤਾ ਗਿਆ। ਜਥੇਬੰਦੀ ਦੇ ਪ੍ਰਧਾਨ ਉਗਰਾਹਾਂ ਨੇ ਕਿਹਾ ਕਿ ਸੰਸਦ ਮੈਂਬਰ ਸਿਮਰਨਜੀਤ ਮਾਨ ਵਰਗੇ ਮੌਕਾਪ੍ਰਸਤ ਰਾਜਨੀਤਕ ਆਗੂਆਂ, ਸਾਮਰਾਜੀ ਕਾਰਪੋਰੇਟਾਂ ਦੇ ਝੋਲੀਚੁੱਕ ਬੁੱਧੀਜੀਵੀਆਂ ਅਤੇ ਹਕੂਮਤਾਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਇਨਕਲਾਬੀ ਵਿਚਾਰਧਾਰਾ ਨੂੰ ਫ਼ਿਰਕੂ ਤੇ ਜਾਤਪਾਤੀ ਨਫ਼ਰਤਾਂ ਦੀ ਭੇਟ ਚਾੜ੍ਹਨ ਦੇ ਕੋਝੇ ਯਤਨਾਂ ਨੂੰ ਹਰ ਪੱਧਰ’ਤੇ ਨਾਕਾਮ ਕੀਤਾ ਜਾਵੇਗਾ। ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਸੂਬਾ ਅਹੁਦੇਦਾਰਾਂ/ਸਲਾਹਕਾਰਾਂ ਤੋਂ ਇਲਾਵਾ ਜ਼ਿਲ੍ਹਾ/ਬਲਾਕ ਅਹੁਦੇਦਾਰਾਂ/ਸਲਾਹਕਾਰਾਂ ਤੇ ਸਰਗਰਮ ਔਰਤਾਂ ਸਮੇਤ 800 ਤੋਂ ਵੱਧ ਗਿਣਤੀ ਵਿੱਚ ਕਿਸਾਨ ਕਾਰਕੁਨ ਸ਼ਾਮਲ ਹੋਏ। ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਖਾਸ ਕਰਕੇ ਨੌਜਵਾਨਾਂ ਨੂੰ ਸ਼ਹੀਦ ਦੇ ਜਨਮ ਦਿਹਾੜੇ ’ਤੇ ਵਹੀਰਾਂ ਘੱਤ ਕੇ 28 ਸਤੰਬਰ ਨੂੰ ਦਾਣਾ ਮੰਡੀ ਬਰਨਾਲਾ ਪੁੱਜਣ ਦਾ ਸੱਦਾ ਦਿੱਤਾ ਤਾਂ ਕਿ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਦਾ ਮੁਕੰਮਲ ਖਾਤਮਾ ਕਰਨ ਦਾ ਸ਼ਹੀਦ ਦਾ ਸੁਪਨਾ ਪੂਰਾ ਕੀਤਾ ਜਾ ਸਕੇ।
ਇਕੱਠ ਵੱਲੋਂ ਪਾਸ ਕੀਤੇ ਗਏ ਮਤੇ ਰਾਹੀਂ ਪੰਜਾਬ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ 12, 13, 14 ਸਤੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਦਿਨ ਰਾਤ ਲਾਏ ਜਾ ਰਹੇ ਧਰਨੇ ਦੀ ਹਮਾਇਤ ਵਿੱਚ ਪੇਂਡੂ ਖੇਤ ਮਜ਼ਦੂਰਾਂ ਨੂੰ ਵੱਡੀ ਪੱਧਰ ‘ਤੇ ਲਾਮਬੰਦ ਕਰਨ ਦੇ ਨਾਲ਼ ਹੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 13 ਸਤੰਬਰ ਨੂੰ ਹਾਈਵੇਅ ਜਾਮ ਦੀ ਸਰਗਰਮ ਹਮਾਇਤ ਦਾ ਐਲਾਨ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਨਿਭਾਈ। ਇਸ ਮੌਕੇ ਹਰਿੰਦਰ ਕੌਰ ਬਿੰਦੂ, ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾਂ ਅਤੇ ਜਗਤਾਰ ਸਿੰਘ ਕਾਲਾਝਾੜ ਹਾਜ਼ਰ ਸਨ।