ਪ੍ਰਸ਼ੋਤਮ ਬੱਲੀ
ਬਰਨਾਲਾ, 7 ਸਤੰਬਰ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਛਤਵਾਲ ਵੱਲੋਂ ਅੱਜ ਇੱਥੇ ਸੂਬੇ ਦੀਆਂ ਪੇਂਡੂ ਖੇਤ ਮਜ਼ਦੂਰ ਯੂਨੀਅਨਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੇਂਡੂ ਖੇਤਰਾਂ ਵਿੱਚ ਪੰਜ ਮਰਲੇ ਪਲਾਟ ਅਲਾਟਮੈਂਟ ਅਤੇ ਸ਼ਾਮਲਾਟ ਜ਼ਮੀਨਾਂ ਦੇ 1/3 ਹਿੱਸੇ ਦੀ ਰਾਖਵੀਂ ਜ਼ਮੀਨ ਦੀ ਬੋਲੀ ਦੌਰਾਨ ਆਉਂਦੀਆਂ ਮੁਸ਼ਕਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਵੱਖ-ਵੱਖ ਪੇਂਡੂ ਖੇਤ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਇਨ੍ਹਾਂ ਸਮੱਸਿਆਵਾਂ ਦਾ ਜ਼ਿਲ੍ਹਾਵਾਰ ਅਤੇ ਪਿੰਡਵਾਰ ਵੇਰਵਾ ਦਿੱਤਾ ਗਿਆ।
ਡਾਇਰੈਕਟਰ ਨੇ ਪੇਂਡੂ ਖੇਤ ਮਜ਼ਦੂਰ ਆਗੂਆਂ ਦੀਆਂ ਸਮੱਸਿਆਵਾਂ ਸੁਣਨ ਮਗਰੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਸਮਾਂਬੱਧ ਤੌਰ ’ਤੇ ਇਨ੍ਹਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਦਿਹਾਤੀ ਮਜ਼ਦੂਰ ਸਭਾ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਆਗੂ ਮੱਖਣ ਸਿੰਘ ਰਾਮਗੜ੍ਹ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਸੂਬਾ ਪ੍ਰਧਾਨ ਸੰਜੀਵ ਮਿੰਟੂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੋਂ ਸੂਬਾ ਕਾਰਜਕਾਰੀ ਮੈਂਬਰ ਕੁਲਵੰਤ ਸਿੰਘ ਸੇਲਬਰਾਹ, ਪੰਜਾਬ ਖੇਤ ਮਜ਼ਦੂਰ ਸਭਾ ਤੋਂ ਸੂਬਾ ਮੀਤ ਪ੍ਰਧਾਨ ਕਾਮਰੇਡ ਕ੍ਰਿਸ਼ਨ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਦੇ ਹੱਕ ਵਿੱਚ ਬਣੀਆਂ ਕਈ ਨੀਤੀਆਂ ’ਚ ਕੁਝ ਕਾਨੂੰਨੀ ਤੇ ਹੋਰ ਅੜਚਣਾਂ ਆਉਦੀਆਂ ਹਨ, ਜਿਨ੍ਹਾਂ ਵਿੱਚ ਦਰੁਸਤੀ ਦੀ ਲੋੜ ਹੈ। ਡਾਇਰੈਕਟਰ ਨੇ ਇਸ ਸਮੱਸਿਆ ਸਬੰਧੀ ਵੀ ਸਾਰੇ ਪੱਖ ਵਿਚਾਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਡਿਪਟੀ ਡਾਇਰੈਕਟਰ ਲੈਂਡ ਡਿਵੈਲਪਮੈਂਟ ਜੋਗਿੰਦਰ ਕੁਮਾਰ, ਏਡੀਸੀ (ਡੀ) ਬਰਨਾਲਾ ਨਵਲ ਰਾਮ, ਏਡੀਸੀ (ਡੀ) ਸੰਗਰੂਰ ਰਾਜਿੰਦਰ ਬੱਤਰਾ, ਡੀਡੀਪੀਓ ਬਰਨਾਲਾ ਵਿਨੀਤ ਕੁਮਾਰ ਸ਼ਰਮਾ, ਡੀਡੀਪੀਓ ਪਟਿਆਲਾ ਸੁਰਿੰਦਰ ਸਿੰਘ, ਡੀਡੀਪੀਓ ਸੰਗਰੂਰ ਪਰਮਜੀਤ ਸਿੰਘ ਹਾਜ਼ਰ ਸਨ।
ਫੋਟੋ: ਮਜ਼ਦੂਰ ਆਗੂਆਂ ਨਾਲ ਮੀਟਿੰਗ ਕਰਦੇ ਹੋਏ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਛਤਵਾਲ।