ਪੱਤਰ ਪ੍ਰੇਰਕ
ਮਾਨਸਾ, 11 ਜੁਲਾਈ
ਫ਼ਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਨੇ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਭੇਜਿਆ। ਐਸੋਸੀਏਸ਼ਨ ਦੇ ਪ੍ਰਧਾਨ ਅਵਿਨਾਸ਼ ਸ਼ਰਮਾ, ਜਸਦੇਵ ਸ਼ਰਮਾ ਅਤੇ ਗੁਰਜੰਟ ਦੌਦੜਾ ਨੇ ਦੱਸਿਆ ਕਿ ਅੰਗਹੀਣ ਵਿਅਕਤੀਆਂ ਦੀ ਸਮਾਜਿਕ ਅਤੇ ਆਰਥਿਕ ਬਰਾਬਰਤਾ ਲਈ ਬਣੇ ਆਰਪੀਡਬਲਯੂਡੀ ਐਕਟ 2016 ਵਿੱਚ ਕੇਂਦਰ ਸਰਕਾਰ ਵੱਲੋਂ ਸੋਧ ਕਰਨ ਦੇ ਨਾਮ ’ਤੇ ਇਸ ਦੀਆਂ 89, 92 ਅਤੇ 93 ਧਾਰਾਵਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਜਿਸ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਤੋਂ ਇਲਾਵਾ ਨੈਸ਼ਨਲ ਸਕੀਮ ਅਧੀਨ ਅੰਗਹੀਣਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਰਾਸ਼ੀ ਵਧਾ ਕੇ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਅਤੇ ਇਸ ਸਬੰਧੀ ਬੀਪੀਐੱਲ ਦੀ ਲਗਾਈ ਸ਼ਰਤ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ ਹੈ।
ਆਗੂਆਂ ਨੇ ਕਰਫਿਊ ਦੌਰਾਨ ਬੇਰੁਜ਼ਗਾਰ ਹੋਏ ਅੰਗਹੀਣਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਰਾਹਤ ਫੰਡ ਦੇਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਾਨੂੰਨ ਨਾਲ ਕਿਸੇ ਤਰ੍ਹਾਂ ਦੀ ਛੇੜ-ਛਾੜ ਕੀਤੀ ਤਾਂ ਉਹ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ।