ਲਖਵੀਰ ਸਿੰਘ ਚੀਮਾ
ਟੱਲੇਵਾਲ (ਬਰਨਾਲਾ), 7 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਰਨਾਲਾ ਜ਼ਿਲ੍ਹੇ ਦੇ ਸਮੁੱਚੇ ਅਹੁਦੇਦਾਰਾਂ ਵਲੋਂ ਜੱਥੇਬੰਦੀ ਤੋਂ ਅਸਤੀਫ਼ੇ ਦੇ ਦਿੱਤੇ ਗਏ। ਇਹ ਫ਼ੈਸਲਾ ਲੱਖੋਵਾਲ ਯੂਨੀਅਨ ਵਲੋਂ ਸੁਪਰੀਮ ਕੋਰਟ ਵਿੱਚ ਖੇਤੀ ਕਾਨੂੰਨਾਂ ਬਾਰੇ ਦਾਇਰ ਕੀਤੀ ਪਟੀਸ਼ਨ ਦੇ ਰੋਸ ’ਚ ਦਿੱਤਾ ਗਿਆ। ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਵਿੱਚ ਸਮੁੱਚੇ ਬਰਨਾਲਾ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਬੁਲਾਈ ਗਈ, ਜਿਸ ਵਿੱਚ ਵਿਚਾਰ ਚਰਚਾ ਕਰਨ ਤੋਂ ਬਾਅਦ ਬਰਨਾਲਾ ਜ਼ਿਲ੍ਹੇ ਨਾਲ ਸਬੰਧ ਸੂਬਾ, ਜ਼ਿਲ੍ਹਾ, ਬਲਾਕ ਸਮੇਤ ਇਕਾਈਆਂ ਦੇ ਅਹੁਦੇਦਾਰਾਂ ਨੇ ਲੱਖੋਵਾਲ ਯੂਨੀਅਨ ਨੂੰ ਅਲਵਿਦਾ ਆਖ਼ ਦਿੱਤਾ। ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਸਮੁੱਚੀਆਂ ਕਿਸਾਨ ਜੱਥੇਬੰਦੀਆਂ ਇਕ ਮੰਚ ’ਤੇ ਇਕੱਠੀਆਂ ਹੋ ਕੇ ਰੇਲਵੇ ਲਾਈਨਾਂ, ਟੌਲ ਪਲਾਜ਼ਿਆਂ, ਪੈਟਰੋਲ ਪੰਪਾਂ ਅਤੇ ਸ਼ੌਪਿੰਗ ਮਾਲਾਂ ਅੱਗੇ ਸੰਘਰਸ਼ ਕਰ ਰਹੀਆਂ ਸਨ ਪਰ ਇਸੇ ਦੌਰਾਨ ਲੱਖੋਵਾਲ ਜੱਥੇਬੰਦੀ ਦੇ ਸੂਬਾ ਆਗੂ ਹਰਿੰਦਰ ਸਿੰਘ ਲੱਖੋਵਾਲ ਵਲੋਂ ਆਪ ਮੁਹਾਰੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸੁਪਰੀਮ ਕੋਰਟ ਵਿੱਚ ਰਿੱਟ ਦਾਇਰ ਕਰ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜੱਥੇਬੰਦੀਆਂ ਨਾਲ ਗੱਲ ਕਰਨੀ ਤਾਂ ਦੂਰ ਦੀ ਗੱਲ, ਬਲਕਿ ਜੱਥੇਬੰਦੀਆਂ ਦੀ ਸੂਬਾ ਕਾਰਜਕਾਰਨੀ ਜਾਂ ਜ਼ਿਲ੍ਹਾ ਪ੍ਰਧਾਨਾਂ ਨਾਲ ਵੀ ਸਲਾਹ ਨਹੀਂ ਕੀਤੀ ਗਈ। ਇਸ ਫ਼ੈਸਲੇ ਨਾਲ ਜੱਥੇਬੰਦੀਆਂ ਦੀ ਇਕਜੁੱਟਤਾ ਨੂੰ ਢਾਹ ਲੱਗੀ ਹੈ। ਜਿਸ ਕਰਕੇ ਜ਼ਿਲ੍ਹੇ ਦੇ ਸਮੁੱਚੇ ਅਹੁਦੇਦਾਰਾਂ ਨੇ ਇਕਜੁੱਟ ਹੋ ਕੇ ਲੱਖੋਵਾਲ ਜੱਥੇਬੰਦੀ ਤੋਂ ਅਸਤੀਫ਼ਾ ਦਿੱਤਾ ਹੈ। ਜ਼ਿਲ੍ਹਾ ਪੱਧਰ ’ਤੇ ਆਰਜ਼ੀ ਤੌਰ ’ਤੇ ਭਾਰਤੀ ਕਿਸਾਨ ਯੂਨੀਅਨ (ਬਰਨਾਲਾ) ਬਣਾ ਕੇ ਪਹਿਲਾਂ ਦੀ ਤਰ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸੰਘਰਸ਼ ਜਾਰੀ ਰਹੇਗਾ। ਬਾਕੀ ਕਿਸਾਨ ਜੱਥੇਬੰਦੀਆਂ ਨਾਲ ਲਗਾਤਾਰ ਸੰਘਰਸ਼ ਕਰਦੇ ਰਹਿਣਗੇ।