ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 18 ਅਕਤੂਬਰ
ਬੱਚਿਆਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੁਝ ਟਰੈਵਲ ਏਜੰਟਾਂ ਵੱਲੋਂ ਮਾਰੀਆਂ ਗਈਆਂ ਕਥਿਤ ਠੱਗੀਆਂ ਦੇ ਮਾਮਲੇ ਵਿਚ ਇਨਸਾਫ਼ ਨਾ ਮਿਲਣ ਕਾਰਨ ਰੋਹ ਵਿਚ ਆਏ ਪੀੜਤ ਬੱਚਿਆਂ ਦੇ ਤਿੰਨ ਪਰਿਵਾਰਕ ਮੈਂਬਰ ਪੈਟਰੋਲ ਦੀਆਂ ਬੋਤਲਾਂ ਲੈ ਕੇ ਅੱਜ ਸਵੇਰ ਸਮੇਂ ਸਥਾਨਕ ਸ਼ਹਿਰ ਦੀ ਪੰਜਾਬ ਮੰਡੀਕਰਨ ਬੋਰਡ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਏ। ਇਥੇ ਜ਼ਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਪਿਛਲੇ ਲਗਪਗ ਦਸ ਦਿਨਾਂ ਤੋਂ ਪੀੜਤ ਬੱਚਿਆਂ ਦੇ ਮਾਪਿਆਂ ਵੱਲੋਂ ਆਪਣੇ ਪੈਸੇ ਵਾਪਸ ਕਰਵਾਉਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ ਸ਼ਹਿਰ ’ਚ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਟੈਂਕੀ ’ਤੇ ਚੜ੍ਹੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ਼ਦਾ ਉਹ ਟੈਂਕੀ ਤੋਂ ਹੇਠਾਂ ਨਹੀਂ ਉਤਰਨਗੇ। ਇਸ ਮੌਕੇ ਔਰਤ ਆਗੂ ਕੁਲਦੀਪ ਕੌਰ ਬਰਾੜ ਨੇ ਕਿਹਾ ਕਿ ਪੀੜਤ ਪਰਿਵਾਰ ਪਿਛਲੇ ਕਈ ਦਿਨਾਂ ਤੋਂ ਇਸ ਮਾਮਲੇ ’ਚ ਇਨਸਾਫ ਤੇ ਆਪਣੇ ਪੈਸੇ ਵਾਪਸ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ ਪਰ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ। ਇਸੇ ਦੌਰਾਨ ਡੀਐਸਪੀ ਫੂਲ ਆਸ਼ਵੰਤ ਸਿੰਘ ਧਾਲੀਵਾਲ ਨੇ ਮੌਕੇ ’ਤੇ ਪਹੁੰਚ ਕੇ ਪ੍ਰਦਰਸ਼ਕਾਰੀਆਂ ਨਾਲ ਗੱਲਬਾਤ ਕੀਤੀ। ਖ਼ਬਰ ਲਿਖੇ ਜਾਣ ਤੱਕ ਪੀੜਤਾਂ ਦੇ ਪਰਿਵਾਰਕ ਮੈਂਬਰ ਆਪਣੀ ਮੰਗ ਨੂੰ ਲੈ ਕੇ ਟੈਂਕੀ ਉੱਪਰ ਡਟੇ ਹੋਏ ਸਨ।