ਹਰਮੇਸ਼ਪਾਲ ਨੀਲੇਵਾਲਾ
ਜ਼ੀਰਾ, 16 ਫਰਵਰੀ
ਸੜਕ ਹਾਦਸੇ ਦੌਰਾਨ ਬੀਤੇ ਦਿਨੀਂ ਨੌਜਵਾਨ ਪੁੱਤ ਦੀ ਹੋਈ ਮੌਤ ਲਈ ਇਨਸਾਫ ਨਾ ਮਿਲਣ ਕਾਰਨ ਪਰਿਵਾਰਕ ਮੈਂਬਰਾਂ ਨੇ ਰੋਸ ਜ਼ਾਹਰ ਕਰਦਿਆਂ ਮੁੱਖ ਚੌਕ ਜ਼ੀਰਾ ਵਿੱਚ ਲਾਸ਼ ਰੱਖ ਕੇ ਧਰਨਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਸਾਜਨ ਪੁੱਤਰ ਬੱਬੂ ਮਸੀਹ ਵਾਸੀ ਮਜੀਠਾ ਅੰਮ੍ਰਿਤਸਰ ਦੇ ਭਰਾ ਨੇ ਦੱਸਿਆ ਕਿ 11 ਫਰਵਰੀ ਨੂੰ ਉਸ ਦਾ ਭਰਾ ਆਪਣੇ ਇੱਕ ਦੋਸਤ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜ਼ੀਰਾ ਤੋਂ ਅੰਮ੍ਰਿਤਸਰ ਜਾ ਰਿਹਾ ਸੀ। ਇਸੇ ਦੌਰਾਨ ਜ਼ੀਰਾ ਦੇ ਪਿੰਡ ਬਹਿਕਾਂ ਨਜ਼ਦੀਕ ਐਕਸਾਈਜ਼ ਵਿਭਾਗ ਦੇ ਠੇਕੇਦਾਰ ਦੀ ਗੱਡੀ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਇਸ ਹਾਦਸੇ ਦੌਰਾਨ ਉਸ ਦਾ ਭਰਾ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਇਲਾਜ ਲਈ ਪਹੁੰਚਾਇਆ ਗਿਆ ਜਿੱਥੇ ਉਸ ਦੀ 13 ਫਰਵਰੀ ਨੂੰ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਦੇ ਰੋਸ ਵਜੋਂ ਉਨ੍ਹਾਂ ਨੂੰ ਮੁੱਖ ਚੌਕ ਜ਼ੀਰਾ ਵਿੱਚ ਲਾਸ਼ ਰੱਖ ਕੇ ਧਰਨਾ ਲਗਾਉਣਾ ਪਿਆ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਦ ਤੱਕ ਦੋਸ਼ੀਆਂ ਤੇ ਕਾਰਵਾਈ ਨਹੀਂ ਕੀਤੀ ਜਾਂਦੀ ,ਤਦ ਤੱਕ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।