ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 17 ਨਵੰਬਰ
ਖੇਤਾਂ ਦੇ ਰਾਖੇ ਆਪਣੀਆਂ ਹੱਕੀ ਮੰਗਾਂ ਲਈ ਅੱਜ 48ਵੇਂ ਦਿਨ ਵੀ ਰਾਮਪੁਰਾ ਫੂਲ ਰੇਲਵੇ ਸਟੇਸ਼ਨ ’ਤੇ ਡਟੇ ਹੋਏ ਹਨ। ਸਟੇਜ ਦੀ ਅਗਵਾਈ ਕਰ ਰਹੇ ਬੀਕੇਯੂ ਕ੍ਰਾਂਤੀਕਾਰੀ ਪੰਜਾਬ ਦੇ ਬਲਾਕ ਆਗੂ ਤੀਰਥ ਰਾਮ ਸੇਲਬਰਾਹ ਨੇ ਦੱਸਿਆ ਕਿ ਖੇਤੀ ਵਿਰੋਧੀ ਕਾਨੂੰਨਾਂ ਦੇ ਨਾਲ ਨਾਲ ਕੁੱਲ ਅੱਠ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਵਿੱਢਿਆ ਘੋਲ 30 ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਚੱਲ ਰਿਹਾ ਹੈ।
ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਸੈਕਟਰ ’ਤੇ ਕੀਤਾ ਗਿਆ ਇਹ ਹਮਲਾ ਇਹ 1990 ਦੀਆਂ ਆਰਥਿਕ ਨੀਤੀਆਂ ਤਹਿਤ ਹੀ ਕੀਤਾ ਗਿਆ ਹੈ ਜੋ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਬਣੀਆਂ। ਇਸ ਲਈ ਭਾਰਤ ’ਤੇ ਰਾਜ ਕਰਨ ਵਾਲੀਆਂ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਲੋਕ ਵਿਰੋਧੀ ਫੈਸਲੇ ਕੀਤੇ ਹਨ। ਆਗੂਆਂ ਨੇ ਅੱਗੇ ਕਿਹਾ ਕਿ 18 ਤਰੀਕ ਨੂੰ ਹੋਣ ਵਾਲੀ 30 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਵਿੱਚ ਜੋ ਵੀ ਫੈਸਲੇ ਹੋਣਗੇ ਪੰਜਾਬ ਦੇ ਸੰਘਰਸ਼ੀ ਲੋਕ ਉਸ ਤੇ ਡਟ ਕੇ ਪਹਿਰਾ ਦੇਣਗੇ , ਇਸ ਮੌਕੇ ਬੀਕੇਯੂ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਮਹਿਰਾਜ ਤੇ ਅਮਰੀਕ ਸਿੰਘ ਫੂਲ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਜਰਨਲ ਸਕੱਤਰ ਸੁਖਮੰਦਰ ਸਿੰਘ ਬਾਵਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਬਾਲਿਆਂਵਾਲੀ, ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੇਲ ਸਿੰਘ ਲਹਿਰਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਗੁੰਮਟੀ, ਬੀਕੇਯੂ ਡਕੌਦਾਂ ਦੀ ਬਲਜਿੰਦਰ ਕੌਰ ਸੇਮਾ ਤੇ ਅਮਰੀਕ ਸਿੰਘ ਫੂਲ ਨੇ ਸੰਬੋਧਨ ਕੀਤਾ।