ਬਲਜੀਤ ਸਿੰਘ
ਸਰਦੂਲਗੜ੍ਹ, 19 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਬਲਾਕ ਸਰਦੂਲਗੜ੍ਹ ਤੇ ਝੁਨੀਰ ਨੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਦੀ ਅਗਵਾਈ ਵਿੱਚ ਐੱਸ.ਡੀ.ਐੱਮ ਦਫਤਰ ਸਰਦੂਲਗੜ੍ਹ ਅੱਗੇ ਧਰਨਾ ਲਗਾਇਆ।
ਧਰਨੇ ਨੂੰ ਸੰਬੋਧਨ ਕਰਦਿਆਂ ਮਹਿੰਦਰ ਸਿੰਘ ਭੈਣੀਬਾਘਾ ਅਤੇ ਮਹਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500-1500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਸੀ ਜੋ ਅਜੇ ਤੱਕ ਕਿਸੇ ਵੀ ਕਿਸਾਨ ਨੂੰ ਨਹੀਂ ਦਿੱਤਾ ਗਿਆ। ਇਹ ਰਕਮ ਤੁਰੰਤ ਕਿਸਾਨਾਂ ਦੇ ਖਾਤਿਆਂ ’ਚ ਪਾਈ ਜਾਵੇ। ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਪੂਰੀ ਦਿੱਤੀ ਜਾਵੇ। ਪਰਾਲੀ ਨਾ ਸਾੜਨ ਦੀ ਇਵਜ਼ ਵਿੱਚ ਕਿਸਾਨਾਂ ਨੂੰ ਝੋਨੇ ਦੀ ਫਸਲ ’ਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਲੰਪੀ ਸਕਿਨ ਬਿਮਾਰੀ ਨਾਲ ਮਰੇ ਪਸ਼ੂ ਦਾ ਇੱਕ ਲੱਖ ਰੁਪਏ ਅਤੇ ਖਰਾਬ ਹੋਏ ਦੁਧਾਰੂ ਪਸ਼ੂ ਦਾ 50 ਹਜਾਰ ਰੁਪਏ ਮੁਆਵਜ਼ਾ ਪਸ਼ੂ ਪਾਲਕਾਂ ਨੂੰ ਦਿੱਤਾ ਜਾਵੇ। ਇਨ੍ਹਾਂ ਮੰਗਾਂ ਨੂੰ ਲੈ ਕੇ ਯੂਨੀਅਨ ਵੱਲੋਂ ਐੱਸ.ਡੀ.ਐੱਮ. ਸਰਦੂਲਗੜ੍ਹ ਪੂਨਮ ਸਿੰਘ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਲਛਮਣ ਸਿੰਘ ਚੱਕ ਅਲੀਸ਼ੇਰ, ਸੱਤਪਾਲ ਸਿੰਘ ਬਰੇ, ਬਲਵਿੰਦਰ ਸ਼ਰਮਾ ਮਾਨਸਾ ਆਦਿ ਮੌਜੂਦ ਸਨ।