ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 5 ਦਸੰਬਰ
ਪੰਜਾਬ ਸਰਕਾਰ ਨੇ ਹੜਤਾਲੀ ਕਰਮਚਾਰੀਆਂ ਨੂੰ ਕਰੜੇ ਹੱਥੀਂ ਲੈਣ ਦਾ ਮਨ ਬਣਾ ਲਿਆ ਹੈ ਜਿਸ ਦੀ ਪੁਸ਼ਟੀ ਮੁਕਤਸਰ ਥਾਣਾ ਸਿਟੀ ਵਿਖੇ ਰੋਡਵੇਜ਼ ਦੇ ਹੜਤਾਲੀ ਕਰਮਚਾਰੀਆਂ ਖਿਲਾਫ ਦਰਜ ਮੁਕੱਦਮੇ ਤੋਂ ਭਲੀ ਭਾਂਤ ਹੋ ਜਾਂਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਮੁਕਤਸਰ ਦੇ ਜਨਰਲ ਮੈਨੇਜਰ ਰਣਜੀਤ ਸਿੰਘ ਬੱਗਾ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ 3 ਦਸੰਬਰ ਨੂੰ ਬੱਸ ਅੱਡਾ ਮੁਕਤਸਰ ਵਿਖੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਦਿੱਤੇ ਧਰਨੇ ਕਾਰਣ ਰੋਡਵੇਜ਼ ਦੀ ਸਰਕਾਰੀ ਬੱਸ ਸਰਵਿਸ ਵਿੱਚ ਵਿਘਨ ਪਾਉਣ ਦੇ ਦੋਸ਼ਾਂ ਅਧੀਨ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ ਆਜ਼ਾਦ ਦੇ ਜਨਰਲ ਸਕੱਤਰ ਪੁਸ਼ਪਿੰਦਰ ਕੁਮਾਰ ਨੇ ਦੱਸਿਆ ਕਿ ਅਸਲ ਵਿੱਚ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਆਮ ਵਾਂਗ ਆਪਣੀਆਂ ਮੰਗਾਂ ਦੇ ਹੱਕ ਵਿੱਚ ਧਰਨਾ ਲਾਇਆ ਗਿਆ ਸੀ। ਪਰ ਪ੍ਰਸ਼ਾਸਨ ਅਤੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਬਜਾਏ ਉਨ੍ਹਾਂ ਖਿਲਾਫ ਮੁਕੱਦਮਾ ਦਰਜ ਕਰਕੇ ਡਰਾਉਣ ਦੀ ਕੋਸ਼ਿਸ਼ ਕੀਤੀ ਹੈ ਜੋ ਕਿ ਗੈਰ ਸੰਵਿਧਾਨਿਕ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਖਿਲਾਫ ਦਰਜ ਕੀਤੇ ਮੁਕੱਦਮੇ ਦੀ ਨਿੰਦਾ ਕਰਦੀ ਹੈ।